ਚੰਡੀਗੜ੍ਹ, 3 ਫਰਵਰੀ

ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸਿੱਧੂ ਖ਼ਿਲਾਫ਼ 34 ਸਾਲ ਪਹਿਲਾਂ ਰੋਡ ਰੇਜ ਦੌਰਾਨ ਹੋਏ ਕਤਲ ਦੇ ਮਾਮਲੇ ਦੀ ਸੁਣਵਾਈ 25 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ 2018 ਵਿੱਚ ਸਿੱਧੂ ਨੂੰ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪੀੜਤ ਧਿਰ ਨੇ ਇਸ ‘ਤੇ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਸੀ।

ਕੀ ਹੈ ਪੂਰਾ ਮਾਮਲਾ ?

ਇਹ ਮਾਮਲਾ ਦਸੰਬਰ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਬਜ਼ੁਰਗ ਗੁਰਨਾਮ ਸਿੰਘ ਨਾਲ ਟੱਕਰ ਹੋ ਗਈ। ਗੁੱਸੇ ‘ਚ ਸਿੱਧੂ ਨੇ ਉਨ੍ਹਾਂ ‘ਤੇ ਮੁੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪਟਿਆਲਾ ਪੁਲਿਸ ਨੇ ਸਿੱਧੂ ਅਤੇ ਉਨ੍ਹਾਂ ਦੇ ਦੋਸਤ ਰੁਪਿੰਦਰ ਸਿੰਘ ਦੇ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਸੀ। ਸਿੱਧੂ ਨੂੰ 1999 ਵਿੱਚ ਹੇਠਲੀ ਅਦਾਲਤ ਨੇ ਬਰੀ ਕਰ ਦਿੱਤਾ ਸੀ ਪਰ 2006 ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿੱਚ ਸਿੱਧੂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਸਿੱਧੂ ਉਦੋਂ ਅੰਮ੍ਰਿਤਸਰ ਤੋਂ ਭਾਜਪਾ ਦੇ ਸੰਸਦ ਮੈਂਬਰ ਸਨ। ਸਜ਼ਾ ਤੋਂ ਬਾਅਦ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸਿੱਧੂ ਨੇ ਹਾਈਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ।

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸਿੱਧੂ ਅਚਾਨਕ ਪ੍ਰਚਾਰ ਛੱਡ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਟਵੀਟ ਕੀਤਾ ਕਿ ਦੁਸ਼ਟਾਂ ਦਾ ਨਾਸ਼ ਕਰੋ , ਪੰਜਾਬ ਦਾ ਭਲਾ ਕਰੋ ਅਤੇ ਧਰਮ ਦੀ ਸਥਾਪਨਾ ਕਰਨ ਲਈ ਮਾਂ ਅੱਗੇ ਅਰਦਾਸ ਕਰੋ।

Spread the love