ਸੰਯੁਕਤ ਕਿਸਾਨ ਮੋਰਚੇ ਵੱਲੋਂ ਸਿੰਘੂ ਬਾਰਡਰ ‘ਤੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਕਈ ਅਹਿਮ ਤੇ ਵੱਡੇ ਐਲਾਨ ਕੀਤੇ ਗਏ।

ਦੱਸ ਦਈਏ ਕਿ 19 ਜੁਲਾਈ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਮਾਨਸੂਨ ਸੈਸ਼ਨ ( Parliament monsoon session )ਸਬੰਧੀ ਵਿਚਾਰ ਚਰਚਾ ਕੀਤੀ ਗਈ । ਸੰਯੁਕਤ ਕਿਸਾਨ ਮੋਰਚਾ (Farmers Protest ) 17 ਜੁਲਾਈ ਤੱਕ ਵਿਰੋਧੀ ਪਾਰਟੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਸੰਸਦ ‘ਚ ਆਵਾਜ਼ ਚੁੱਕਣ ਲਈ ਚਿਤਾਵਨੀ ਪੱਤਰ ਭੇਜੇਗਾ। 22 ਜੁਲਾਈ ਤੋਂ ਸੰਸਦ ਦੇ ਮਾਨਸੂਨ ਸ਼ੈਸ਼ਨ ਦੌਰਾਨ ਹਰ ਰੋਜ਼ ਸੈਸ਼ਨ ਦੀ ਸਮਾਪਤੀ ਤੱਕ ਹਰੇਕ ਕਿਸਾਨ-ਜਥੇਬੰਦੀ ਵੱਲੋਂ 5 ਮੈਂਬਰ ਅਤੇ ਕੁੱਲ ਘੱਟੋ-ਘੱਟ 200 ਕਿਸਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨਗੇ।

ਪੰਜਾਬ ਦੀਆਂ ਕਿਸਾਨ-ਜਥੇਬੰਦੀਆਂ ਨੇ ਖੇਤਾਂ ਲਈ ਬਿਜਲੀ ਸਪਲਾਈ ‘ਚ ਸੁਧਾਰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ-ਮਹਿਲ ਦਾ ਘਿਰਾਓ ਮੁਲਤਵੀ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚੇ ਦੀ ਪਿਛਲੀ ਮੀਟਿੰਗ ‘ਚ ਲਏ ਫੈਸਲੇ ਮੁਤਾਬਿਕ 8 ਜੁਲਾਈ ਨੂੰ 10 ਤੋਂ 12 ਵਜੇ ਤੱਕ ਦੇਸ਼-ਭਰ ‘ਚ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ।

ਕਿਸਾਨ-ਮੋਰਚਿਆਂ ‘ਤੇ ਅੰਦੋਲਨ ਦੀ ਮਜ਼ਬੂਤੀ ਲਈ ਲਗਾਤਾਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉੱਤਰ ਪ੍ਰਦੇਸ਼ ਵਿੱਚ ਪੀਲੀਭੀਤ ਤੋਂ ਇੱਕ ਵੱਡਾ ਟਰੈਕਟਰ ਮਾਰਚ ਕਰਨ ਦੀ ਯੋਜਨਾ ਬਣਾਈ ਗਈ ਹੈ। ਕਿਸਾਨ ਵੱਡੀਆਂ ਗਿਣਤੀਆਂ ‘ਚ ਮੋਰਚਿਆਂ ‘ਤੇ ਪਹੁੰਚ ਰਹੇ ਹਨ। ਸਥਾਨਕ ਭਾਈਚਾਰੇ ਦੁਆਰਾ ਲੰਗਰ ਲਈ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ। ਜੀਂਦ ਇਲਾਕੇ ਦੇ ਪਿੰਡ ਵਾਸੀਆਂ ਵੱਲੋਂ ਕਣਕ ਦੀਆਂ ਟਰਾਲੀਆਂ ਕਿਸਾਨ-ਮੋਰਚਿਆਂ ‘ਤੇ ਪਹੁੰਚੀਆਂ ਹਨ। ਰੋਸ-ਪ੍ਰਦਰਸ਼ਨਾਂ ‘ਚ ਸਿਰਫ਼ ਕਿਸਾਨ ਹੀ ਸ਼ਾਮਲ ਨਹੀਂ ਹੋ ਰਹੇ, ਬਲਕਿ ਟਰੇਡ ਯੂਨੀਅਨਾਂ, ਵਿਦਿਆਰਥੀ, ਵਕੀਲਾਂ ਅਤੇ ਕਰਮਚਾਰੀ ਵੀ ਸ਼ਾਮਲ ਹਨ। ਜ਼ਿਕਰਯੋਗ ਹੈ ਕਿਸਾਨ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦੇ ਸੰਕਲਪ ਨਾਲ ਦਿੱਲੀ ਦੇ ਮੋਰਚਿਆਂ ‘ਤੇ ਡਟੇ ਹੋਏ ਹਨ।

Spread the love