ਕਰੋਨਾ ਪਾਬੰਦੀਆਂ ‘ਚ ਢਿੱਲ ਦਿੰਦੇ ਹੋਏ ਧਾਰਮਿਕ ਸਥਾਨ ਤੇ ਜਨਤਕ ਸਥਾਨ ਖੋਲ੍ਹ ਦਿੱਤੇ ਗਏ ਹਨ ਪਰ ਅਜੇ ਤੱਕ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਨਹੀਂ ਖੋਲ੍ਹਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੋਂ ਖੋਲ੍ਹਣ ਦੀ ਮੰਗ ਕੀਤੀ ਹੈ।ਜਗੀਰ ਕੌਰ ਨੇ ਕਿਹਾ ਕਿ ਇੰਝ ਲਗਦਾ ਹੈ ਕਿ ਜਿਵੇਂ ਭਾਰਤ ਸਰਕਾਰ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕੇਵਲ ਸੰਗਤ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਲਈ ਹੀ ਖੋਲ੍ਹਿਆ ਹੋਵੇ।

ਜੇਕਰ ਸਰਕਾਰ ਇਸ ਸਬੰਧ ਵਿੱਚ ਗੰਭੀਰ ਹੁੰਦੀ ਤਾਂ ਲੰਮੇਂ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲ੍ਹਣ ਦੀ ਪਹਿਲ ਕਰਦੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਾਰੇ ਧਾਰਮਿਕ ਸਥਾਨ ਅਤੇ ਹੋਰ ਜਨਤਕ ਥਾਵਾਂ ਖੋਲ੍ਹੀਆਂ ਜਾ ਚੁੱਕੀਆਂ ਹਨ ਤਾਂ ਕਰਤਾਰਪੁਰ ਸਾਹਿਬ ਲਾਂਘੇ ’ਤੇ ਕਰੋਨਾ ਦਾ ਬਹਾਨਾ ਨਹੀਂ ਰਹਿਣਾ ਚਾਹੀਦਾ।ਜਗੀਰ ਕੌਰ ਨੇ ਮੰਗ ਕੀਤੀ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਭਾਰਤ ਸਰਕਾਰ ਨੂੰ ਤੁਰੰਤ ਖੋਲ੍ਹਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਕਈ ਵਾਰ ਚਿੱਠੀਆਂ ਲਿਖੀਆਂ ਗਈਆਂ ਹਨ ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ ਤੇ ਹੁਣ ਉਹ ਇੱਕ ਹੋਰ ਚਿੱਠੀ ਕੇਂਦਰ ਨੂੰ ਲਿਖਣ ਜਾ ਰਹੇ ਹਨ।

Spread the love