ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ‘ਤੇ ਲੁਧਿਆਣਾ ਬਲਾਤਕਾਰ ਮਾਮਲੇ ‘ਚ ਪਰਚਾ ਦਰਜ ਹੋ ਗਿਆ ।

ਸਿਮਰਜੀਤ ਬੈਂਸ ਖਿਲਾਫ਼ ਆਈਪੀਸੀ ਦੀ ਧਾਰਾ 376,354,354-ਏ,506 ਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐਫਆਈਆਰ (FIR) ਵਿੱਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤੱਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਗੌਰਤਲਬ ਹੈ ਕਿ ਸਿਮਰਜੀਤ ਬੈਂਸ ’ਤੇ ਬਲਾਤਕਾਰ ਦੇ ਇਲਜ਼ਾਮ ਲਾਉਣ ਵਾਲੀ ਔਰਤ ਵੱਲੋਂ ਪਾਈ ਗਈ ਪਟੀਸ਼ਨ ‘ਤੇ ਲੁਧਿਆਣਾ ਦੀ ਅਦਾਲਤ ਵੱਲੋਂ ਫੈਸਲਾ ਸੁਣਾਇਆ ਗਿਆ ਸੀ।

ਲੁਧਿਆਣਾ ਪੁਲਿਸ ਨੂੰ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਸਨ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਬੈਂਸ ‘ਤੇ ਪਰਚਾ ਦਰਜ ਕਰ ਲਿਆ। ਪੀੜਤਾਂ ਦਾ ਕਹਿਣਾ ਹੈ ਕਿ ਹਾਲੇ ਇਨਸਾਫ਼ ਅਧੂਰਾ ਹੈ । ਉਧਰ ਅਕਾਲੀ ਦਲ ਵੱਲੋਂ ਮੁਜ਼ਾਹਰੇ ਕਰ ਕੇ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ ।

ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੈਂਸ ਤੇ ਉਨ੍ਹਾਂ ਦੇ ਸਾਥੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅੱਜ ਲੁਧਿਆਣਾ ਫ਼ਿਰੋਜ਼ਪੁਰ ਰੋਡ ‘ਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ।

ਔਰਤ ਨੂੰ ਮਿਲ ਰਹੀਆਂ ਸਨ ਧਮਕੀਆਂ

ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਔਰਤ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣ ਲੱਗੀਆਂ। ਇਸ ‘ਤੇ ਪੁਲਿਸ ਕਮਿਸ਼ਨਰ ਨੇ ਔਰਤ ਦੀ ਰੱਖਿਆ ਲਈ ਉਸ ਨੂੰ ਸਕਿਓਰਿਟੀ (Security) ਪ੍ਰਦਾਨ ਕਰਵਾਈ ਹੈ ਪਰ ਇਨਵੈਸਟੀਗੇਸ਼ਨ (Investigation) ਦੇ ਨਾਂ ‘ਤੇ ਮਾਮਲੇ ਨੂੰ ਲਟਕਾ ਦਿੱਤਾ।

ਇਸ ਦੇ ਚੱਲਦਿਆਂ ਉਸ ਨੇ ਅਦਾਲਤ ਦਾ ਦਰਵਾਜ਼ਾ ਖੜਕਾਇਆ। ਚਾਰ ਦਿਨ ਪਹਿਲਾਂ ਅਦਾਲਤ ਨੇ ਪੁਲਿਸ ਨੂੰ ਵਿਧਾਇਕ ਬੈਂਸ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।

Spread the love