2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਹਲਚਲ ਚੱਲ ਰਹੀ ਹੈ।

ਪੰਜਾਬ ਵਿੱਚ ਭਾਜਪਾ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀ ਹੈ। ਪਹਿਲਾਂ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਤੇ ਹੁਣ ਇੱਕ ਹੋਰ ਭਾਜਪਾ ਆਗੂ ਨੂੰ ‘ਬਗਾਵਤੀ’ ਸੁਰ ਚੁੱਕਣ ਬਦਲੇ ਨੋਟਿਸ ਭੇਜਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਕਿਸਾਨਾਂ ਦੇ ਹੱਕ ਵਿੱਚ ਆਉਣ ਕਾਰਨ ਪਾਰਟੀ ਨੇ ਬਾਹਰ ਦਾ ਰਾਹ ਦਿਖਾ ਦਿੱਤਾ ਸੀ।

ਅਜਿਹਾ ਹੀ ਹੁਣ ਬਠਿੰਡਾ ਜ਼ਿਲ੍ਹੇ ਦੇ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਸੂਬਾ ਕਮੇਟੀ ਮੈਂਬਰ ਮੋਹਿਤ ਗੁਪਤਾ ਨੂੰ ਵੀ ਨੋਟਿਸ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੋਹਿਤ ਗੁਪਤਾ ਨੇ ਅਨਿਲ ਜੋਸ਼ੀ ਖ਼ਿਲਾਫ਼ ਹੋਈ ਕਾਰਵਾਈ ਵਾਲੇ ਦਿਨ ਨੂੰ ਭਾਜਪਾ ਲਈ ਕਾਲਾ ਦਿਨ ਦੱਸਿਆ ਸੀ ਅਤੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ।

ਇਸਦੇ ਹੀ ਚਲਦਿਆਂ ਬਠਿੰਡਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਿੰਟਾ ਨੇ ਮੋਹਿਤ ਗੁਪਤਾ ਨੂੰ ਨੋਟਿਸ ਜਾਰੀ ਕਰਦਿਆਂ ਦੋ ਦਿਨਾਂ ਦੇ ਅੰਦਰ-ਅੰਦਰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਅਤੇ ਉਨ੍ਹਾਂ ਕਿਹਾ ਕਿ ਮੋਹਿਤ ਗੁਪਤਾ ਲਗਤਾਰ ਪਾਰਟੀ ਦੀ ਸੂਬਾਈ ਲੀਡਰਸ਼ਿਪ ਸਣੇ ਪਾਰਟੀ ਦੇ ਕੰਮਾਂ ’ਤੇ ਸਵਾਲ ਚੁੱਕ ਰਹੇ ਹਨ, ਜੋ ਪਾਰਟੀ ਦੇ ਅਨੁਸ਼ਾਸਨ ਭੰਗ ਕਰਨ ਵਾਲੀ ਕਾਰਵਾਈ ਹੈ।

Spread the love