ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਚੁੱਕਾ ਹੈ। ਸੈਸ਼ਨ ਦੇ ਪਹਿਲੇ ਦਿਨ ਹੀ ਜ਼ਬਰਦਸਤ ਹੰਗਾਮਾ ਹੋਇਆ।
ਇਸ ਦੌਰਾਨ ਵਿਰੋਧੀ ਧਿਰ ਦੇ ਹੰਗਾਮੇ ਕਰਕੇ ਸੰਸਦ ਦੇ ਦੋਹਾਂ ਸਦਨਾਂ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰਨੀ ਪਈ। ਓਧਰ ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, “ਦੇਸ਼ ਦੇ ਕਿਸਾਨ ਇਨਸਾਫ਼ ਚਾਹੁੰਦੇ ਹਨ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਪਾਰਟੀਆਂ ਕੇਂਦਰ ਸਰਕਾਰ ਦੇ ਖ਼ਿਲਾਫ਼ ਇਕਜੁੱਟ ਹੋਣ ਅਤੇ ਉਨ੍ਹਾਂ ‘ਤੇ ਕਾਨੂੰਨ ਵਾਪਸ ਲੈਣ ਲਈ ਦਬਾਅ ਬਣਾਇਆ ਜਾਵੇ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੀ? ਅੱਜ, ਜੋ ਵੀ ਕਿਸਾਨਾਂ ਦੀ ਹਮਾਇਤ ਕਰਦਾ ਹੈ, ਉਸਨੂੰ ਕੇਂਦਰ ਦੇ ਕਿਸਾਨਾਂ ਦੇ ਅਧਿਕਾਰਾਂ ਲਈ ਸੈਸ਼ਨ ਦੌਰਾਨ ਮਜ਼ਬੂਰ ਹੋਣਾ ਪਏਗਾ।
ਗ਼ੌਰਤਲਬ ਹੈ ਕਿ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਪਿਛਲੇ 7 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਸਰਕਾਰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (MSP) ’ਤੇ ਗਰੰਟੀ ਕਾਨੂੰਨ ਬਣਾਏ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ’ਤੇ ਅੜੀ ਹੋਈ ਹੈ। ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ।
ਓਧਰ ਵਿਰੋਧ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਸਣੇ ਹੋਰ ਨੇਤਾਵਾਂ ਨੇ ਆਪਣੇ ਹੱਥਾਂ ਵਿੱਚ ਬੈਨਰ ਫੜ੍ਹੇ ਹੋਏ ਸਨ ਜਿਨ੍ਹਾਂ ਉੱਤੇ ਲਿਖਿਆ ਗਿਆ ਕਿ ‘ਅੰਨਦਾਤਾ ਨਾਲ ਇਨਸਾਫ਼ ਕਰੋ, ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਓ।’ਉਥੇ ਹੀ ਅਕਾਲੀ ਦਲ ਵੱਲੋਂ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦੀ ਅਪੀਲ ਵੀ ਕੀਤੀ ਗਈ ।