ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੀ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਜਾਰੀ ਰਿਹਾ।
ਇਸਦੇ ਹੀ ਚਲਦਿਆਂ ਵਿਰੋਧ ਪ੍ਰਗਟਾਉਂਦਿਆਂ ਲੰਮੇ ਚਿਰ ਤੋਂ ਜੰਤਰ ਮੰਤਰ ਉਤੇ ਚੱਲ ਰਿਹਾ ਪੰਜਾਬ ਤੋਂ ਮੈਂਬਰ ਪਾਰਲੀਮੈਂਟਾਂ ਵੱਲੋਂ ਧਰਨਾ ਅੱਜ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਮੈਂਬਰ ਪਾਰਲੀਮੈਂਟ ਪਰਨੀਤ ਕੌਰ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਗਿੱਲ, ਗੁਰਜੀਤ ਸਿੰਘ ਔਜਲਾ, ਚੌਧਰੀ ਸੰਤੋਖ ਸਿੰਘ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ ਸ਼ਾਮਲ ਰਹੇ ਹਨ।
ਇਸ ਮੌਕੇ ਰੋਪੜ ਤੋਂ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਪਹਿਲਾਂ ਵੀ ਪਾਰਲੀਮੈਂਟ ਵਿੱਚ ਕਾਨੂੰਨਾਂ ਦਾ ਵਿਰੋਧ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਧਰਨੇ ਉਤੇ ਬੈਠੇ ਹਨ।
ਸੰਘਰਸ਼ ਦੇ ਚਲਦਿਆਂ ਸੈਂਕੜਿਆਂ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ, ਪਰ ਮੋਦੀ ਸਰਕਾਰ ਦੇ ਕੰਨ ਉਤੇ ਜੂੰ ਤੱਕ ਨਹੀਂ ਸਰਕੀ। ਤਿਵਾੜੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਅੱਜ ਲੋਕ ਸਭਾ ਵਿੱਚ ਇਨ੍ਹਾਂ ਕਾਨੂੰਨਾਂ ‘ਤੇ ਚਰਚਾ ਲਈ ਪ੍ਰਸਤਾਵ ਵੀ ਲਿਆਂਦਾ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।