ਸੰਸਦ ਦੇ ਮਾਨਸੂਨ ਸੈਸ਼ਨ ਦਾ ਦੂਜਾ ਦਿਨ ਹੰਗਾਮੇ ਦੀ ਭੇਂਟ ਚੜ ਗਿਆ।ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦੂਜੇ ਦਿਨ ਵੀ ਸੰਸਦ ਦੇ ਬਾਹਰ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ।

ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ, ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਸਾਲ ਤੋਂ ਦੇਸ਼ ਦੇ ਕਿਸਾਨ ਦਿੱਲੀ ਸਰਹੱਦਾਂ ‘ਤੇ ਧਰਨੇ ‘ਤੇ ਬੈਠੇ ਹਨ ਤੇ ਕਿਸਾਨ ਤੂਫ਼ਾਨ , ਬਾਰਿਸ਼ ‘ਚ ਬੈਠੇ ਨੇ ਤੇ ਆਪਣੀ ਲੜਾਈ ਲੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਜਿੱਦ ਫ਼ੜੀ ਹੈ ਤੇ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ।

ਇਸਦੇ ਨਾਲ ਹੀ ਅੱਜ ਪੰਜਾਬ ਦੇ ਸੰਸਦ ਮੈਂਬਰ ਹਰਸਿਮਰਤ ਬਾਦਲ, ਮਨੀਸ਼ ਤਿਵਾੜੀ ਤੇ ਭਗਵੰਤ ਮਾਨ ਨੇ ਲਗਾਤਾਰ ਦੂਜੇ ਦਿਨ ਲੋਕ ਸਭਾ ਵਿੱਚ ਧਿਆਨ ਦਵਾਊ ਮਤਾ ਪੇਸ਼ ਕਰਦਿਆਂ ਸਪੀਕਰ ਓਮ ਬਿਰਲਾ ਨੂੰ ਸਦਨ ਮੁਲਤਵੀ ਕਰਨ ਤੇ ਅੰਦੋਲਨਕਾਰੀ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ।

ਅੱਜ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਇੱਕਜੁੱਟ ਨਜ਼ਰ ਆਈਆਂ। ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦਾ ਮੁੱਦਾ ਤੁਰੰਤ ਚੁੱਕਿਆ ਜਾਣਾ ਚਾਹੀਦਾ ਹੈ ਕਿਉਂਕਿ ਕਿਸਾਨ “ਕਾਲੇ ਖੇਤੀ ਕਾਨੂੰਨਾਂ” ਨੂੰ ਰੱਦ ਕਰਨ ਲਈ ਵਿਰੋਧ ਕਰ ਰਹੇ ਹਨ ਤੇ ਦਬਾਅ ਬਣਾ ਰਹੇ ਹਨ।

ਮਨੀਸ਼ ਤਿਵਾੜੀ ਨੇ ਐਮਐਸਪੀ ਤੇ ਏਪੀਐਮਸੀ ਢਾਂਚੇ ਨੂੰ ਖ਼ਤਮ ਕਰਨ ਸਮੇਤ ਕਿਸਾਨਾਂ ਦੀਆਂ ਚਿੰਤਾਵਾਂ ਬਾਰੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ।

ਉਥੇ ਹੀ ਭਗਵੰਤ ਮਾਨ ਨੇ ਕਿਹਾ ਕਿ ਅੱਠ ਮਹੀਨਿਆਂ ਤੋਂ ਚੱਲ ਰਹੇ ਅੰਦੋਲਨ ਨੇ ਕੌਮੀ ਸੰਕਟ ਪੈਦਾ ਕਰ ਦਿੱਤਾ ਹੈ ਤੇ ਲੋਕ ਸਭਾ ਨੂੰ ਸਾਰਾ ਕੰਮ ਮੁਲਤਵੀ ਕਰਨਾ ਚਾਹੀਦਾ ਹੈ ਤੇ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਮਾਮਲਿਆਂ ‘ਤੇ ਵਿਚਾਰ ਕਰਨਾ ਚਾਹੀਦਾ ਹੈ।

Spread the love