ਸਿੱਧੂ ਦੀ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਦਰਦਨਾਕ ਹਾਦਸਾ ਵਾਪਰਿਆ।

ਅੱਜ ਮੋਗਾ-ਅੰਮ੍ਰਿਤਸਰ ਰੋਡ ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਨਾਲ ਪੰਜ ਲੋਕਾਂ ਦੀ ਮੌਤ ਹੋ ਗਈ ਜਦਕਿ ਦਰਜਨਾਂ ਲੋਕ ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਤਕਰੀਬਨ ਪੌਣੇ ਅੱਠ ਵਜੇ ਵਾਪਰਿਆ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਤੇ ਸਮਾਜ ਸੇਵਕਾਂ ਨੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਜਾਣਕਾਰੀ ਮੁਤਾਬਿਕ ਸ਼ਹਿਜ਼ਾਦਾ ਬੱਸ ਜੀਰਾ ਤੋਂ ਚੰਡੀਗੜ੍ਹ ਨਵਜੋਤ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਰਕਰਾਂ ਨੂੰ ਲੈ ਕੇ ਜਾ ਰਹੀ ਸੀ।

ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਾਦਸੇ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ 5 ਕਾਂਗਰਸੀ ਵਰਕਰਾਂ ਦੇ ਮਾਰੇ ਜਾਣ ਦੀ ਰਿਪੋਰਟ ਹੈ ਤੇ ਕਈ ਲੋਕ ਗੰਭੀਰ ਜ਼ਖ਼ਮੀ ਹੋਏ ਹਨ। ਕੈਪਟਨ ਨੇ ਸਬੰਧਤ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ। ਇਸਤੋਂ ਇਲਾਵਾ ਇਸ ਬੱਸ ਹਾਦਸੇ ‘ਚ ਕਾਂਗਰਸੀਆਂ ਦੀ ਮੌਤ ਦੇ ਦੁਖ ਵਿੱਚ ਸਿੱਧੂ ਦੀ ਤਾਜਪੋਸ਼ੀ ਦੌਰਾਨ 2 ਮਿੰਟ ਕਾਂਗਰਸੀਆਂ ਨੇ ਮੌਨ ਵਰਤ ਰੱਖਿਆ ।

ਮੁੱਖ ਮੰਤਰੀ ਕੈਪਟਨ ਵੱਲੋਂ ਹਾਦਸੇ ਦਾ ਸ਼ਿਕਾਰ ਹੋਏ ਕਾਂਗਰਸੀਆਂ ਲਈ ਵੱਡਾ ਐਲਾਨ ਕੀਤਾ ਗਿਆ | ਕੈਪਟਨ ਨੇ ਟਵੀਟ ਕਰ ਐਲਾਨ ਕੀਤਾ ਕਿ ਮੋਗਾ ਸੜਕ ਹਾਦਸੇ ਦੌਰਾਨ ਜਾਨ ਗੁਆ ਚੁੱਕੇ ਕਾਂਗਰਸੀਆਂ ਦੇ ਪਰਿਵਾਰ ਨੂੰ 5-5 ਲੱਖ ਰਪਏ ਮੁਆਫਜਾ ਦਿੱਤਾ ਜਾਵੇਗਾ ਅਤੇ ਜਿਹੜੇ ਜਖਮੀ ਹੋਏ ਹਨ ਉਨ੍ਹਾਂ ਨੂੰ 50,000 ਰੁਪਏ ਦੀ ਮਦਦ ਪੰਜਾਬ ਸਰਕਾਰ ਵੱਲੋਂ ਇਲਾਜ਼ ਲਈ ਦਿੱਤੀ ਜਾਵੇਗੀ | ਨੇ ਮੋਗਾ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਤੁਰੰਤ ਰੁਪਏ ਦੀ ਐਕਸ ਗਰੇਸ਼ੀਆ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਾਰਿਆਂ ਨੂੰ ਮੁਫਤ ਇਲਾਜ ਦਿੱਤਾ ਜਾਵੇਗਾ ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਇਸ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਆਪਣੀ ਭੈਣ ਮਾਲਵਿਕਾ ਸੂਦ ਨਾਲ ਬੱਸ ਹਾਦਸੇ ਦੇ ਪੀੜਤਾਂ ਨੂੰ ਮਿਲਣ ਲਈ ਸਿਵਲ ਹਸਪਤਾਲ ਪੁੱਜੇ ਅਤੇ ਜਖ਼ਮੀਆਂ ਦਾ ਹਾਲ ਚਾਲ ਪੁੱਛਿਆ। ਇਸ ਮੌਕੇ ਉਨ੍ਹਾਂ ਹਾਦਸੇ ਉੱਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਤੇ ਜਖ਼ਮੀਆਂ ਨੂੰ 25-25 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਇਸ ਨਾਲ ਜਿਨ੍ਹਾਂ ਪੀੜਤਾਂ ਦੇ ਮੋਬਾਈਲ ਗੁੰਮ ਹੋ ਗਏ ਹਨ, ਉਨ੍ਹਾਂ ਨੂੰ ਨਵੇਂ ਮੋਬਾਈਲ ਫ਼ੋਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਹਾਦਸੇ ਦੌਰਾਨ ਸਰਕਾਰੀ ਡਾਕਟਰਾਂ ਦੀ ਹੜਤਾਲ ਕਾਰਨ ਬਹੁਤੇ ਡਾਕਟਰ ਚੰਡੀਗੜ੍ਹ ਰੋਸ ਮਾਰਚ ਲਈ ਰਵਾਨਾ ਹੋ ਗਏ ਸਨ। ਪ੍ਰਸ਼ਾਸਨ ਵੱਲੋਂ ਸਥਾਨਕ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐੱਮਏ) ਦੀਆਂ ਸੇਵਾਵਾਂ ਲਈਆਂ ਗਈਆਂ ਅਤੇ ਵੱਡੀ ਗਿਣਤੀ ਵਿੱਚ ਪ੍ਰਾਈਵੇਟ ਡਾਕਟਰਾਂ ਨੇ ਹਾਦਸੇ ‘ਚ ਜ਼ਖ਼ਮੀ ਮਰੀਜ਼ਾਂ ਦਾ ਇਲਾਜ ਕੀਤਾ।

ਜਿਹੜੇ ਸਰਕਾਰੀ ਡਾਕਟਰ ਚੰਡੀਗੜ੍ਹ ਰਵਾਨਾ ਨਹੀਂ ਹੋਏ ਸਨ, ਉਨ੍ਹਾਂ ਨੇ ਪ੍ਰੋਗਰਾਮ ਰੱਦ ਕਰ ਦਿੱਤਾ ਅਤੇ ਹਸਪਤਾਲ ਪਹੁੰਚ ਗਏ।

Spread the love