ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਗੋਨਿਆਣਾ ਵਿਖੇ ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ ਦਾ ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਦੱਸਿਆ ਕਿ 5.25 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ 20 ਬੈੱਡਾਂ ਵਾਲਾ ਜੱਚਾ ਬੱਚਾ ਹਸਪਤਾਲ ਸਥਾਪਤ ਕੀਤਾ ਗਿਆ ਹੈ ਜੋ ਕਿ ਸਾਰੀਆਂ ਆਧੁਨਿਕ ਸਹੂਲਤਾਂ ਨਾਲ ਲੈਸ ਹੈ।

ਗੋਨਿਆਣਾ ਵਿੱਚ ਸਥਾਪਤ ਕੀਤਾ ਗਿਆ ‘ਮਾਈ ਦੌਲਤਾਂ ਜੱਚਾ ਬੱਚਾ ਹਸਪਤਾਲ’ ਮਾਵਾਂ ਅਤੇ ਉਨ੍ਹਾਂ ਦੇ ਨਵਜੰਮੇ ਬੱਚਿਆਂ ਲਈ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਅਹਿਮ ਸਾਬਤ ਹੋਵੇਗਾ। ਇਹ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਵਜੰਮੇ ਬੱਚਿਆਂ ਦੀ ਦੇਖਭਾਲ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਲੋਕਾਂ ਨੂੰ ਪਹਿਲ ਦੇ ਅਧਾਰ ’ਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਠੋਸ ਫੈਸਲੇ ਲਏ ਗਏ ਹਨ।

ਸ. ਸਿੱਧੂ ਨੇ ਅੱਗੇ ਦੱਸਿਆ ਕਿ ਕੋਵਿਡ-19 ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਕੋਰੋਨਾ ਯੋਧੇ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਆਕਸੀਜਨ ਦੀ ਘਾਟ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 75 ਪੀਐਸਏ ਆਕਸੀਜਨ ਪਲਾਂਟ ਸਥਾਪਤ ਕੀਤੇ ਗਏ ਹਨ।

ਸਿਹਤ ਮੰਤਰੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਦੌਰਾਨ ਸਿਹਤ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 11,500 ਅਸਾਮੀਆਂ ਭਰੀਆਂ ਜਾ ਚੁੱਕੀਆਂ ਹਨ ਅਤੇ ਜਲਦ ਹੀ 4000 ਨਰਸਾਂ ਅਤੇ ਹੋਰ ਸਟਾਫ਼ ਦੀ ਭਰਤੀ ਕੀਤੀ ਜਾਵੇਗੀ ਜਿਸ ਸਬੰਧੀ ਭਰਤੀ ਪ੍ਰਕਿਰਿਆ ਅਧੀਨ ਹੈ।

ਗੋਨਿਆਣਾ ਨਿਵਾਸੀਆਂ ਨੂੰ ਮੈਡੀਕਲ ਸਟਾਫ਼ ਦੀ ਮੰਗ ਬਾਰੇ ਭਰੋਸਾ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਗੋਨਿਆਣਾ ਹਸਪਤਾਲ ਵਿੱਚ ਡਾਕਟਰਾਂ ਦੀ ਘਾਟ ਨੂੰ ਪਹਿਲ ਦੇ ਅਧਾਰ ’ਤੇ ਜਲਦ ਹੱਲ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸਥਾਪਤ ਕੀਤੇ ਜਾ ਰਹੇ 37 ਜੱਚਾ ਬੱਚਾ ਸਿਹਤ ਸੰਭਾਲ ਹਸਪਤਾਲਾਂ (ਐਮਸੀਐਚ) ਦਾ ਨਾਂ ਮਾਈ ਦੌਲਤਾਂ, ਜਿਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਉਹਨਾਂ ਦੇ ਜਨਮ ਸਮੇਂ ਦੇਖਭਾਲ ਕੀਤੀ ਸੀ, ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਇਸ ਮੌਕੇ ਵਿਧਾਨ ਸਭਾ ਹਲਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ, ਸਾਬਕਾ ਵਿਧਾਇਕ ਡਾ. ਗੁਰਜੰਟ ਸਿੰਘ ਕੁਤੀਵਾਲ, ਡਾਇਰੈਕਟਰ ਪਰਿਵਾਰ ਭਲਾਈ ਆਦੇਸ਼ ਕੰਗ, ਡਾ. ਕਰਨਬੀਰ ਸਿੰਘ ਢਿੱਲੋਂ, ਸਿਵਲ ਸਰਜਨ ਤੇਜਵੰਤ ਸਿੰਘ ਢਿੱਲੋਂ, ਨਗਰ ਕੌਂਸਲ ਦੇ ਪ੍ਰਧਾਨ ਮਨਮੋਹਨ ਢੀਂਗਰਾਂ, ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ, ਮਨਦੀਪ ਸਿੰਘ ਮੱਕੜ, ਸਮੂਹ ਐਮ.ਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Spread the love