ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਕਿ ਉਹ ਰਲ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਨ ਅਤੇ ਕਿਹਾ ਕਿ ਇਸ ਏਜੰਡੇ ਤੋਂ ਥਿੜਕਣ ਨਾਲ ਐਨ ਡੀ ਏ ਸਰਕਾਰ ਨੂੰ ਰਾਹਤ ਮਿਲ ਜਾਵੇਗੀ ਤੇ ਇਹ ਸਰਕਾਰ ਕਿਸਾਨ ਅੰਦੋਲਨ ਤੋਂ ਧਿਆਨ ਭੜਕਾਉਣਾ ਚਾਹੁੰਦੀ ਹੈ।
ਸਰਦਾਰਨੀ ਹਰਸਿਮਰਤ ਕੌਰ ਬਾਦਲ, ਸ੍ਰੀ ਬਲਵਿੰਦਰ ਸਿੰਘ ਭੂੰਦੜ ਤੇ ਸ੍ਰੀ ਨਰੇਸ਼ ਗੁਜਰਾਲ ਸਮੇਤ ਅਕਾਲੀ ਦਲ ਤੇ ਬਸਪਾ ਦੇ ਐਮ ਪੀਜ਼ ਨੇ ਅੱਜ ਵੀ ਸੰਸਦ ਦੇ ਬਾਹਰ ‘ਕਾਲੇ ਕਾਨੂੰਨ ਲਾਪਸ ਲੋ’ ਅਤੇ ‘ਕਿਸਾਨੋ ਕੀ ਮਾਂਗੇ ਪੂਰੀ ਕਰੋ’ ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਤਿੰਨ ਕਾਲੇ ਕਾਨੂੰਨ ਤੁਰੰਤ ਰੱਦ ਕੀਤੇ ਜਾਣ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਨੇ ਸੰਸਦ ਸੈਸ਼ਨ ਦੇ ਪਹਿਲੇ ਦਿਨ ਤੋਂ ਹੀ ਕਿਸਾਨ ਪੱਖੀ ਏਜੰਡੇ ’ਤੇ ਕੰਮ ਕੀਤਾ ਹੈ ਤੇ ਬਾਕੀ ਰਹਿੰਦੇ ਸੈਸ਼ਨ ਵਿਚ ਵੀ ਇਹ ਮੁੱਦਾ ਚੁੱਕਦੇ ਰਹਿਣਗੇ।
ਉਹਨਾਂ ਕਿਹਾ ਕਿ ਅਸੀਂ ਪੰਜਾਬ ਤੇ ਦੇਸ਼ ਦੇ ਕਿਸਾਨਾਂ ਨੁੰ ਨਿਆਂ ਮਿਲਣਾ ਯਕੀਨੀ ਬਣਾਉਣ ਲਈ ਦ੍ਰਿੜ੍ਹ ਸੰਕਲਪ ਤੇ ਵਚਨਬੱਧ ਹਾਂ। ਉਹਨਾਂ ਕਿਹਾ ਕਿ ਅਸੀਂ ਹੋਰ ਸਿਆਸੀ ਪਾਰਟੀਆਂ ਨੁੰ ਅਪੀਲ ਕਰਦੇ ਹਾਂ ਕਿ ਉਹ ਅੰਨਦਾਤਾ ਵਾਸਤੇ ਇਕਜੁੱਟ ਹੋ ਜਾਣ ਤਾਂ ਜੋ ਇਹ ਮਾਮਲਾ ਕਿਸੇ ਤਰੀਕੇ ਕਮਜ਼ੋਰ ਨਾ ਪਵੇ।
ਅਕਾਲੀ ਦਲ ਦੇ ਪ੍ਰਧਾਨ ਨੇ ਕੇਂਦਰ ਸਰਕਾਰ ਵੱਲੋਂ ਇਹ ਪ੍ਰਭਾਵ ਦੇਣ ਦੀ ਵੀ ਨਿਖੇਧੀ ਕੀਤੀ ਕਿ ਉਹ ਤਾਂ ਗੱਲਬਾਤ ਵਾਸਤੇ ਤਿਆਰ ਹੈ ਪਰ ਕਿਸਾਨ ਤਿਆਰ ਨਹੀਂ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਤਿੰਨ ਕਾਨੂੰਨਾਂ ਬਾਰੇ ਹੀ ਗੱਲ ਕਰਨ ’ਤੇ ਕਿਉਂ ਅੜੀ ਹੈ ਜਦੋਂ ਕਿ ਦੇਸ਼ ਦੇ ਕਿਸਾਨ ਇਹਨਾਂ ਨੁੰ ਪਹਿਲਾਂ ਹੀ ਰੱਦ ਕਰ ਚੁੱਕੇ ਹਨ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਸਚਮੁੱਚ ਹੀ ਕਿਸਾਨਾਂ ਦੀ ਭਲਾਈ ਬਾਰੇ ਚਿੰਤਤ ਹੈ ਤਾਂ ਫਿਰ ਉਸਨੂੰ ਤੁਰੰਤ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਤੋਂ ਬਾਅਦ ਕਿਸਾਨਾਂ ਦੀ ਆਰਥਿਕ ਸਥਿਤੀ ਦੇ ਸੁਧਾਰ ਵਾਸਤੇ ਲੋੜੀਂਦੇ ਕਦਮਾਂ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਉਹਨਾਂ ਕਿਹਾ ਕਿ ਸਰਕਾਰ ਅਜਿਹਾ ਕਰਨ ਵਾਸਤੇ ਤਿਆਰ ਨਹੀਂ ਹੈ ਕਿਉਂਕਿ ਉਸਦਾ ਤਿੰਨ ਕਾਨੂੰਨ ਰੱਦ ਕਰਨ ਦਾ ਕੋਈ ਇਰਾਦਾ ਨਹੀਂ ਹੈ।
ਸਰਦਾਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ ਕਿਸਾਨ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਬਾਰੇ ਜਾਣਕਾਰੀ ਨਾ ਹੋਣ ਦਾ ਬਿਆਨ ਦੇ ਕੇ ਕਿਸਾਨਾਂ ਦੀਆਂ ਤਕਲੀਫਾਂ ਪ੍ਰਤੀ ਬੇਰੁਖੀ ਵਿਖਾਉਣ ਦੀ ਵੀ ਨਿਖੇਧੀ ਕੀਤੀ। ਉਹਨਾ ਕਿਹਾ ਕਿ ਕਿਸਾਨ ਅੰਦੋਲਨ ਵਿਚ ਹੁਣ ਤੱਕ 550 ਕਿਸਾਨ ਸ਼ਹੀਦ ਹੋ ਚੁੱਕੇ ਹਨ। ਬਜਾਏ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਬਲਿਦਾਨ ਦੀ ਕਦਰ ਪਾਉਦ ਦੇ ਸਰਕਾਰ ਇਸਦੀ ਹੋਣੀ ’ਤੇ ਹੀ ਇਹ ਕਹਿ ਕੇ ਸਵਾਲ ਚੁੱਕ ਰਹੀ ਹੈ ਕਿ ਉਸ ਕੋਲ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਬਾਰੇ ਕੋਈ ਜਾਣਕਾਰੀ ਨਹੀਂ ਹੇ।
ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਜਿਹੜੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋ ਕੇ ਰੋਸ ਪ੍ਰਗਟ ਕਰਨ ਵਾਸਤੇ ਕੌਮੀ ਰਾਜਧਾਨੀ ਆ ਰਹੇ ਹਨ, ਉਹਨਾਂ ਨੁੰ ਬਦਮਾਸ਼ ਤੇ ਮਵਾਲੀ ਆਖਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਭਾਰਤ ਕਿਸਾਨਾਂ ਨਾਲ ਇਹ ਮਾੜਾ ਸਲੂਕ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਐਨ ਡੀ ਏ ਸਰਕਾਰ ਨੁੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਤੇ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ ਨਹੀਂ ਤਾਂ ਫਿਰ ਸਾਰੇ ਕਿਸਾਨ ਭਾਈਚਾਰੇ ਦੇ ਰੋਹ ਦਾ ਸਾਹਮਣਾ ਕਰਨ ਵਾਸਤੇ ਤਿਆਰ ਰਹਿਣਾ ਚਾਹੀਦਾ ਹੈ।