ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੇ ਬਾਰਡਰਾਂ ਤੇ ਲਗਾਤਾਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਧਰਨੇ ਜਾਰੀ ਹਨ। ਉਥੇ ਹੀ ਇਸ ਸੰਘਰਸ਼ ਵਿੱਚ ਸਹਿਯੋਗ ਦੇਣ ਦੇ ਲਈ ਵੱਖ ਵੱਖ ਨਾਮਵਰ ਸ਼ਖਸੀਅਤਾਂ ਦੇ ਵੱਲੋਂ ਆਪਣੇ ਐਵਾਰਡ ਵਾਪਸ ਕੀਤੇ ਗਏ। ਇਸਦੇ ਹੀ ਚਲਦਿਆ ਅੱਜ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੰਦੇ ਹੋਏ ਚਾਈਲਡ ਵੈੱਲਫੇਅਰ ਕਮੇਟੀ ਫਤਿਹਗੜ੍ਹ ਸਾਹਿਬ ਦੇ ਚੇਅਰਮੈਨ ਅਸ਼ਵਨੀ ਅਬਰੋਲ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਰਭੀ ਮਲਿਕ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ ਕਿਸਾਨ ਵੀ ਮੌਜੂਦ ਰਹੇ। ਇਸ ਮੌਕੇ ਗੱਲਬਾਤ ਕਰਦੇ ਹੋਏ ਅਸ਼ਵਨੀ ਅਬਰੋਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਦੇਖਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਹੈ। ਕਿਉਂਕਿ ਜੋ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨ ਬਣਾਏ ਗਏ ਹਨ ਉਹ ਸੂਬੇ ਦੇ ਮੁੱਖ ਮੰਤਰੀ ਤੇ ਕਿਸਾਨ ਆਗੂਆਂ ਤੋਂ ਬਿਨਾਂ ਪੁੱਛੇ ਹੀ ਪਾਸ ਕੀਤੇ ਗਏ ਹਨ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਅੱਠ ਮਹੀਨੇ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਵਿੱਚ ਪੰਜ ਸੌ ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ ਹੈ ਜਿਸ ਤੇ ਕੇਂਦਰ ਸਰਕਾਰ ਵੱਲੋਂ ਇੱਕ ਵਾਰ ਵੀ ਦੁੱਖ ਨਹੀਂ ਜਤਾਇਆ ਗਿਆ।ਜਿਸ ਨੂੰ ਦੇਖਦੇ ਹੋਏ ਉਨ੍ਹਾਂ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਹੈ ਤੇ ਉਹ ਆਉਣ ਵਾਲੇ ਸਮੇਂ ਵਿੱਚ ਵੀ ਕਿਸਾਨਾਂ ਦੇ ਨਾਲ ਹਨ।
ਉੱਥੇ ਹੀ ਗੱਲਬਾਤ ਕਰਦੇ ਹੋਏ ਕਿਸਾਨ ਆਗੂ ਦਰਸ਼ਨ ਸਿੰਘ ਬੱਬੀ ਨੇ ਕਿਹਾ ਕਿ ਅੱਜ ਅਸ਼ਵਨੀ ਅਬਰੋਲ ਵੱਲੋਂ ਕਿਸਾਨਾਂ ਦੇ ਹਿੱਤ ਵਿਚ ਦਿੱਤੇ ਗਏ ਅਸਤੀਫੇ ਦਾ ਉਹ ਸਵਾਗਤ ਕਰਦੇ ਹਨ ਅਤੇ ਨਾਲ ਹੀ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਕਿਸਾਨ ਜੱਥੇਬੰਦੀਆਂ ਦੇ ਵੱਲੋਂ ਅਸ਼ਵਨੀ ਅਬਰੋਲ ਦਾ ਮੁਸ਼ਕਿਲ ਸਮੇਂ ਵਿੱਚ ਸਾਥ ਦਿੱਤਾ ਜਾਵੇਗਾ।