ਅਧਿਆਪਕਾਂ ਦੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਤੇ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਤੋਂ ਤੰਗ ਆ ਕੇ ਬੀ.ਐੱਡ. ਟੈਟ ਪਾਸ ਬੇਰੁਜ਼ਗਾਰ ਅਧਿਆਪਕ ਮਨੀਸ਼ ਫ਼ਾਜ਼ਿਲਕਾ ਅੱਜ ਸਵੇਰੇ ਤਕਰੀਬਨ 4:30 ਵਜੇ ਸਿਵਲ ਹਸਪਤਾਲ ਸੰਗਰੂਰ ਦੀ ਟੈਂਕੀ ‘ਤੇ ਚੜ੍ਹ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕਰੀਬ 8 ਮਹੀਨਿਆਂ ਤੋਂ ਇਹ ਬੇਰੁਜ਼ਗਾਰਾਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਗੇਟ ਤੇ ਪੱਕਾ ਮੋਰਚਾ ਲਗਾਈ ਬੈਠੇ ਹਨ ਅਤੇ ਪੰਜਾਬ ਸਰਕਾਰ ਤੋਂ ਲਗਾਤਾਰ ਰੁਜ਼ਗਾਰ ਦੀ ਮੰਗ ਕਰ ਰਹੇ ਹਨ।

ਇਸ ਮੌਕੇ ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੂਬਾਈ ਆਗੂਆਂ ਸੰਦੀਪ ਗਿੱਲ, ਕੁਲਵੰਤ ਲੌਂਗੋਵਾਲ ਅਤੇ ਗਗਨਦੀਪ ਕੌਰ ਭਵਾਨੀਗੜ੍ਹ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਪੰਜਾਬੀ, ਸਮਾਜਿਕ ਸਿੱਖਿਆ ਅਤੇ ਹਿੰਦੀ ਦੀਆਂ ਦੀਆਂ ਘੱਟੋ ਘੱਟ 10 ਹਜਾਰ ਅਸਾਮੀਆਂ ਅਤੇ ਹੋਰ ਸਾਰੇ ਵਿਸ਼ਿਆਂ ਦੀਆਂ 5000 ਤੋਂ ਵਧੇਰੇ ਅਸਾਮੀਆਂ ਦਾ ਇਸ਼ਤਿਹਾਰ ਤੁਰੰਤ ਜਾਰੀ ਕੀਤਾ ਜਾਵੇ।

ਲੰਬੇ ਸਮੇਂ ਤੋਂ ਕੋਈ ਭਰਤੀ ਨਾ ਆਉਣ ਕਾਰਨ ਆਪਣੀ ਉਮਰ ਹੱਦ ਲੰਘਾ ਚੁੱਕੇ ਹਨ ਬੇਰੁਜ਼ਗਾਰ ਅਧਿਆਪਕਾਂ ਦੀ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਜਾਵੇ, ਸਮਾਜਿਕ ਸਿੱਖਿਆ ਵਿਸ਼ੇ ਦੇ ਕੰਬੀਨੇਸ਼ਨ ਵਿੱਚੋਂ ਕੱਢੇ ਗਏ ਵਿਸ਼ਿਆਂ ਜਿਵੇਂ ਰਿਲੀਜਨ ਸਟੱਡੀਜ਼ , ਡਿਫੈਂਸ ਸਟੱਡੀਜ਼, ਪਬਲਿਕ ਵਰਕ ਅਤੇ ਐਜੂਕੇਸ਼ਨ ਨੂੰ ਸ਼ਾਮਿਲ ਕੀਤਾ ਜਾਵੇ, ਹਰੇਕ ਵਿਸ਼ੇ ਦੇ ਅਧਿਆਪਕ ਤੋਂ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਇੱਕ ਦੂਜੇ ਦਾ ਵਿਸ਼ਾ ਦੇ ਕੇ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਬੰਦ ਕੀਤੀ ਜਾਵੇ, ਮਾਸਟਰ ਕੇਡਰ ਦੇ ਪੇਪਰ ਲਈ ਘੱਟੋ-ਘੱਟ ਪਾਸ ਅੰਕ ਨਿਰਧਾਰਤ ਕੀਤੇ ਜਾਣ।

ਇਸ ਮੌਕੇ ਅਮਨ ਸੇਖਾ, ਮਨਦੀਪ ਸਿੰਘ, ਅਵਤਾਰ ਸਿੰਘ, ਗੋਰਖਾ ਸਿੰਘ, ਪ੍ਰਿਤਪਾਲ ਕੌਰ ਆਦਿ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ।

Spread the love