ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਦੇ ਮੰਤਰੀ ਤੇ ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਮਾਣ ਮਰਯਾਦਾ ਨੂੰ ਢਾਹ ਲਾਉਣ ਦੀ ਕਾਰਵਾਈ ਦਾ ਸਖ਼ਤ ਨੋਟਿਸ ਲੈਂਦਿਆਂ ਕਾਂਗਰਸੀ ਆਗੂਆਂ ਨੂੰ ਸਿੱਖ ਕੌਮ ਵਿਚ ਦੋਫਾੜ ਪਾਉਣ ਦੀ ਕਾਰਵਾਈ ਤੋਂ ਬਾਜ ਆਉਣ ਲਈ ਕਿਹਾ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਂਗਰਸ ਦੇ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸ. ਕੁਲਬੀਰ ਸਿੰਘ ਜੀਰਾ ਤੇ ਸ. ਹਰਮਿੰਦਰ ਸਿੰਘ ਗਿੱਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਸੜਕ ’ਤੇ ਆਪੇ ਬਣੇ ਜਥੇਦਾਰ ਦੇ ਸਾਹਮਣੇ ਪੇਸ਼ ਹੋ ਕੇ ਜੋ ਨਾਟਕ ਕੀਤਾ ਉਹ ਸਰਾਸਰ ਗਲਤ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੇ ਇੰਨ੍ਹਾਂ ਆਗੂਆਂ ਨੇ ਕੁਝ ਦਿਨ ਪਹਿਲਾਂ ਹੀ ਅਖੌਤੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਪੱਤਰ ਲਿਖ ਕੇ ਇਹ ਜ਼ਾਹਰ ਕੀਤਾ ਸੀ ਕਿ ਉਸ ਨੂੰ ਸਿੱਖ ਪੰਥ ਦੀਆਂ ਨੁਮਾਇੰਦਾ ਸੰਸਥਾਵਾਂ ਵੱਲੋਂ ਜਥੇਦਾਰ ਵਜੋਂ ਕੋਈ ਮਾਨਤਾ ਨਹੀਂ ਹੈ, ਇਸ ਲਈ ਉਹ ਉਸ ਕੋਲ ਪੇਸ਼ ਨਹੀਂ ਹੋ ਸਕਦੇ ਪਰ ਕਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ੇ ਵਿਖੇ ਪੇਸ਼ੀ ਦਾ ਨਾਟਕ ਕਰਕੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਤੇ ਮਾਣ-ਮਰਯਾਦਾ ਦਾ ਘਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਸਿੱਖਾਂ ਅੰਦਰ ਵੰਡੀਆਂ ਪਾਉਣ ਦੇ ਮਨਸੂਬੇ ਰਚਦੀ ਰਹੀ ਹੈ।

ਇਸੇ ਹੀ ਪਾਰਟੀ ਨੇ ਜੂਨ 1984 ਵਿਚ ਹਮਲਾ ਕਰਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਦੀ ਘਨੌਣੀ ਹਰਕਤ ਕੀਤੀ ਸੀ ਅਤੇ ਇਸੇ ਪਾਰਟੀ ਦੇ ਆਗੂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਨੂੰ ਢਾਹ ਲਾਉਣ ਦੇ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਥੇ ਲਿਖਿਆ ਹੋਇਆ ਹੈ ਕਿ ਪੁਰਾਤਨ ਪ੍ਰੰਪਰਾਵਾਂ ਨੂੰ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਗ੍ਹਾ ਕਿਸੇ ਵੀ ਥਾਂ ਖੜ੍ਹ ਕੇ ਪੇਸ਼ੀ ਦਾ ਢੌਂਗ ਰਚਾਇਆ ਜਾਵੇ। ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਕਾਂਗਰਸ ਦੇ ਅਜਿਹੇ ਮਨਸੂਬਿਆਂ ਤੋਂ ਸੁਚੇਤ ਰਹੇ।

Spread the love