ਪ੍ਰਾਈਮ ਏਸ਼ੀਆ ਨਿਊਜ਼
ਚੰਡੀਗੜ੍ਹ, 23 ਅਗਸਤ
ਪਾਕਿਸਤਾਨ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਦੇ ਮੌਕੇ ਸਿੱਖ ਸੰਗਤਾਂ ਨੂੰ ਕੋਵਿਡ ਨਿਯਮਾਂ ਤਹਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਆਉਣ ਦੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਅਗਲੇ ਮਹੀਨੇ 20 ਸਤੰਬਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਧਾਰਮਿਕ ਪੋ੍ਰਗਰਾਮ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਸ਼ੁਰੂ ਹੋਣਗੇ। ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਉਨ੍ਹਾਂ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ ਜਿਨ੍ਹਾਂ ਦੇ ਕਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲੱਗੀਆਂ ਹੋਣਗੀਆਂ ਅਤੇ ਉਨ੍ਹਾਂ ਕੋਲ ਕਰੋਨਾ ਟੈਸਟ ਦੀ 72 ਘੰਟਿਆਂ ਤੱਕ ਦੀ ਨੈਗੇਟਿਵ ਰਿਪੋਰਟ ਹੋਵੇਗੀ। ਇੱਥੇ ਇਹ ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਭਾਰਤ ਨੂੰ ਕਰੋਨਾ ਵਾਇਰਸ ਦੇ ਚੱਲਦਿਆਂ ਸੀ ਕੈਟਾਗਿਰੀ ਵਾਲੇ ਦੇਸ਼ ਵਿਚ ਰੱਖਿਆ ਹੋਇਆ ਹੈ।
ਜਾਣਕਾਰੀ ਮੁਤਾਬਕ 22 ਸਤੰਬਰ ਨੂੰ 482ਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤ ਪੁਰਬ ਮੌਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤੇ ਜਾਣਗੇ। ਜਿਸ ਵਿਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਾਮਲ ਹੋਣ ਲਈ ਪਾਕਿਸਤਾਨ ਸਰਕਾਰ ਤੋਂ ਵੀਜ਼ੇ ਦੀ ਮੰਗ ਕਰ ਰਹੀਆਂ ਹਨ।
#Nirmal Singh Mansahia