ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਸੀਨੀਅਰ ਆਗੂ ਰਾਹੁਲ ਗਾਂਧੀ ਨੂੰ ਆਖਿਆ ਕਿ ਉਹ ਦੇਸ ਦੇ ਲੋਕਾਂ ਨੂੰ ਦੱਸਣ ਕਿ ਕੀ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਦਫ਼ਤਰ ਵੱਲੋਂ ਚਲਾਏ ਜਾ ਰਹੇ ਭਾਰਤ ਵਿਰੋਧੀ ਪ੍ਰਚਾਰ ਦੇ ਨਾਲ ਸਹਿਮਤ ਹਨ ਅਤੇ ਪਾਰਟੀ ਨੇ ਸਿੱਧੂ ਤੇ ਉਸ ਦੀ ਟੀਮ ਦੇ ਖ਼ਿਲਾਫ਼ ਦੇਸ਼ ਧਰੋਹ ਦਾ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ। ਜਿਸ ਦਿਨ ਭਾਰਤ ਨੇ ਆਜ਼ਾਦੀ ਦਿਹਾੜਾ ਮਨਾਇਆ, ਉਸ ਦਿਨ ਦੇਸ਼ ਦੇ ਖ਼ਿਲਾਫ਼ ਪਰਦੇਸ ਕਾਂਗਰਸ ਪ੍ਰਧਾਨ ਦੇ ਦਫ਼ਤਰ ਤੋਂ ਬਿਆਨ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਹੈਰਾਨੀ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫ਼ਤਰ ਕਹਿ ਰਿਹਾ ਹੈ ਕਿ ਕਸ਼ਮੀਰ ਕਸ਼ਮੀਰੀਆਂ ਦਾ ਦੇਸ਼ ਹੈ ਤੇ ਭਾਰਤ ਨੇ ਇਸ ਦੇ ਇੱਕ ਹਿੱਸੇ ’ਤੇ ਧੱਕੇ ਨਾਲ ਕਬਜ਼ਾ ਕਰ ਲਿਆ ਹੈ ਤੇ ਕਸ਼ਮੀਰੀ ਭਾਰਤ ਦਾ ਹਿੱਸਾ ਨਹੀਂ ਹਨ।
ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫ਼ਤਰ ਤੋਂ ਅਜਿਹੇ ਬਿਆਨ ਪੀ ਪੀ ਸੀ ਸੀ ਪ੍ਰਧਾਨ ਦੀ ਪਾਕਿਸਤਾਨ ਫ਼ੌਜ ਦੇ ਮੁਖੀ ਕਮਰ ਜਾਵੇਦ ਬਾਜਵਾ ਨਾਲ ਨੇੜਤਾ ਕਾਰਨ ਜਾਰੀ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫ਼ਤਰ ਜਨਰਲ ਬਾਜਵਾ ਦੇ ਭਾਰਤ ਖ਼ਾਸ ਤੌਰ ’ਤੇ ਕਸ਼ਮੀਰ ਪ੍ਰਤੀ ਏਜੰਡੇ ਨੂੰ ਲਾਗੂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫ਼ਤਰ ਨੇ ਕਿਹਾ ਹੈ ਕਿ ਭਾਰਤ ਨੇ ਸੰਯੁਕਤ ਰਾਸ਼ਟਰ ਦੇ ਮਤੇ ਦੀ ਉਲੰਘਣਾ ਕੀਤੀ ਤੇ ਕਸ਼ਮੀਰ ਨੂੰ ਵੰਡ ਦਿੱਤਾ ਤੇ ਇਸ ਬਿਆਨ ਦਾ ਮਤਲਬ ਭਾਰਤ ਦੀ ਹੋਂਦ ਤੇ ਸਰਹੱਦ ’ਤੇ ਹੀ ਸਵਾਲ ਚੁੱਕਣਾ ਹੈ।
ਅਕਾਲੀ ਦਲ ਦੇ ਆਗੂ ਨੇ ਕਿਹਾ ਕਿ ਇੱਕ ਪਾਸੇ ਭਾਰਤ ਆਖ ਰਿਹਾ ਹੈ ਕਿ ਪਾਕਿਸਤਾਨ ਦੇ ਗੈਰ ਕਾਨੂੰਨੀ ਕਬਜ਼ੇ ਹੇਠਲਾ ਕਸ਼ਮੀਰ ਦਾ ਹਿੱਸਾ ਸਾਡਾ ਹੈ ਪਰ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫ਼ਤਰ ਹੋਰ ਹੀ ਦਾਅਵੇ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਇਹ ਕਾਰਵਾਈਆਂ ਭਾਰਤ ਦੇ ਆਜ਼ਾਦੀ ਦਿਹਾੜੇ ਵਾਲੇ ਦਿਨ ਹੋਈਆਂ ਹਨ ਤੇ ਇਹ ਭਾਰਤੀ ਫ਼ੌਜੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਵੱਲੋਂ ਦਿੱਤੀਆਂ ਸ਼ਹਾਦਤਾਂ ’ਤੇ ਸਿੱਧਾ ਹਮਲਾ ਹਨ।
ਮਜੀਠੀਆ ਨੇ ਕਿਹਾ ਕਿ ਪ੍ਰਦੇਸ ਕਾਂਗਰਸ ਦਾ ਦਫ਼ਤਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਵੀ ਰਲ ਕੇ ਕੰਮ ਕਰ ਰਿਹਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦੀਆਂ ਕਾਰਵਾਈਆਂ ਨੂੰ ਜਾਇਜ਼ ਠਹਿਰਾਇਆ ਤਾਂ ਅਗਲੇ ਹੀ ਦਿਨ ਪ੍ਰਦੇਸ਼ ਕਾਂਗਰਸ ਪ੍ਰਧਾਨ ਦਫ਼ਤਰ ਨੇ ਵੀ ਤਾਲਿਬਾਨ ਦੇ ਅਫਗਨਿਸਤਾਨ ’ਤੇ ਕਬਜ਼ੇ ਨੂੰ ਸਹੀ ਠਹਿਰਾਇਆ।
ਪੰਜਾਬ ਦੇ ਮੁੱਖ ਮੰਤਰੀ ਨੂੰ ਸਿਰਫ਼ ਗੱਲਾਂ ਨਾਲ ਨਾ ਸਰਨ ਬਾਰੇ ਆਖਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦਫ਼ਤਰ ਦੇ ਬਿਆਨਾਂ ਨਾਲ ਸਹਿਮਤ ਨਹੀਂ ਹਨ ਤਾਂ ਉਨ੍ਹਾਂ ਨੂੰ ਤੁਰੰਤ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਉਨ੍ਹਾਂ ਦੀ ਟੀਮ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੇ ਹੁਕਮ ਦੇਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਵੀ ਇਸ ਮਾਮਲੇ ’ਤੇ ਸਿੱਧੂ ਤੇ ਉਨ੍ਹਾਂ ਦੀ ਟੀਮ ਨਾਲ ਵੱਖਰੇ ਵਿਚਾਰ ਰੱਖਦੇ ਹਨ ਤਾਂ ਫਿਰ ਉਨ੍ਹਾਂ ਨੂੰ ਸਿੱਧੂ ਨੂੰ ਤੁਰੰਤ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ।
ਮਜੀਠੀਆ ਨੇ ਕਿਹਾ ਕਿ ਇਹ ਵੇਖ ਕੇ ਹੈਰਾਨੀ ਹੋ ਰਹੀ ਹੈ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫ਼ਤਰ ਦੇਸ਼ ਦੇ ਸ਼ਹੀਦਾਂ ਦੇ ਖ਼ਿਲਾਫ਼ ਕੰਮ ਕਰ ਰਿਹਾ ਹੈ ਤੇ ਭਾਰਤ ਵਿਰੋਧੀ ਤਾਕਤਾਂ ਖ਼ਾਸ ਤੌਰ ’ਤੇ ਪਾਕਿਸਤਾਨ ਦਾ ਹੱਥ ਠੋਕਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਭਾਰਤੀਆਂ ਵਜੋਂ ਅਸੀਂ ਹਮੇਸ਼ਾ ਆਜ਼ਾਦੀ ਦਿਹਾੜਾ ਬਹੁਤ ਉਤਸ਼ਾਹ ਨਾਲ ਮਨਾਇਆ ਹੈ ਪਰ ਪ੍ਰਦੇਸ਼ ਕਾਂਗਰਸ ਪ੍ਰਧਾਨ ਦਾ ਦਫ਼ਤਰ ਨਾ ਸਿਰਫ਼ ਆਜ਼ਾਦੀ ਨੂੰ ਖ਼ਿਲਾਫ਼ ਬੋਲ ਰਿਹਾ ਹੈ ਬਲਕਿ ਦੁਸ਼ਮਣ ਦੇਸ਼ ਦੇ ਕਹਿਣ ਮੁਤਾਬਿਕ ਕੰਮ ਕਰ ਰਿਹਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਤੇ ਸੀਨੀਅਰ ਅਕਾਲੀ ਆਗੂ ਵਰਦੇਵ ਸਿੰਘ ਮਾਨ ਵੀ ਹਾਜ਼ਰ ਸਨd