ਚੰਡੀਗੜ੍ਹ ,28 ਅਗਸਤ

ਪੰਜਾਬ ਹਰਿਆਣਾ ਹਾਈ ਕੋਰਟ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਸੀਨੀਅਰ ਆਗੂ ਡਾ.ਦਲਜੀਤ ਸਿੰਘ ਚੀਮਾ ਅਕਾਲੀ ਦਲ ਨੂੰ ਵੱਡਾ ਝਟਕਾ ਦਿੱਤਾ ਹੈ।

ਅਕਾਲੀ ਦਲ ਦੇ ਇਹ ਤਿੰਨ ਸੀਨੀਅਰ ਆਗੂ ਇੱਕ ਦੋਹਰੇ ਸੰਵਿਧਾਨ ਮਾਮਲੇ ’ਚ ਕਸੂਤਾ ਫਸ ਗਏ ਹਨ। ਦਰਅਸਲ ਬਲਵੰਤ ਸਿੰਘ ਖੇੜਾ ਨਾਂ ਦੇ ਇੱਕ ਵਿਅਕਤੀ ਨੇ ਹੁਸ਼ਿਆਰਪੁਰ ਦੀ ਜ਼ਿਲ੍ਹਾ ਅਦਾਲਤ ’ਚ ਸਾਲ 2009 ’ਚ ਅਕਾਲੀ ਦਲ ਦੇ ਦੋਹਰੇ ਸੰਵਿਧਾਨ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਇਸੇ ਮਾਮਲੇ ’ਚ ਹੁਸ਼ਿਆਰਪੁਰ ਜ਼ਿਲ੍ਹਾ ਅਦਾਲਤ ਨੇ ਚਾਰ ਨਵੰਬਰ 2019 ਨੂੰ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਤੇ ਦਲਜੀਤ ਸਿੰਘ ਚੀਮਾ ਨੂੰ ਸੰਮਨ ਜਾਰੀ ਕਰ ਕੇ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਦੇ ਦਿੱਤੇ ਸਨ। ਤਿੰਨਾਂ ਨੇ ਸੰਮਨ ਦੇ ਇਨ੍ਹਾਂ ਹੁਕਮਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਸੀ, ਜੋ ਖ਼ਾਰਜ ਕਰ ਦਿੱਤੀ ਗਈ ਹੈ।

ਪੂਰਾ ਮਾਮਲਾ

ਬਲਵੰਤ ਸਿੰਘ ਖੇੜਾ ਨੇ ਇਨ੍ਹਾਂ ਆਗੂਆਂ ਖ਼ਿਲਾਫ਼ ਇੱਕ ਫੌਜਦਾਰੀ ਕੇਸ ਕੀਤਾ ਸੀ ਜਿਸ ਵਿੱਚ ਉਨ੍ਹਾਂ ਨੇ ਇਲਜ਼ਾਮ ਲਗਾਏ ਸਨ ਕਿ ਇਨ੍ਹਾਂ ਤਿੰਨਾਂ ਆਗੂਆਂ ਨੇ ਚੋਣ ਕਮਿਸ਼ਨ ਕੋਲ ਜੋ ਦਸਤਾਵੇਜ਼ ਜਮ੍ਹਾਂ ਕਰਵਾਏ ਹਨ ਉਨ੍ਹਾਂ ‘ਚ ਅਕਾਲੀ ਦਲ ਨੂੰ ਧਰਮ ਨਿਰਪੱਖ ਪਾਰਟੀ ਕਿਹਾ ਹੈ। ਦੂਜੇ ਪਾਸੇ ਜੋ ਗੁਰਦੁਆਰਾ ਚੋਣ ਕਮਿਸ਼ਨ ਚੰਡੀਗੜ੍ਹ ਅਤੇ ਦਿੱਲੀ ਸਿੱਖ ਗੁਰਦੁਆਰਾ ਚੋਣ ਕਮਿਸ਼ਨ ਕੋਲ ਕਾਗਜ਼ਾਤ ਪੇਸ਼ ਕੀਤੇ ਗਏ ਉਸ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਧਰਮ ਪਾਰਟੀ ਬਣਦੀ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਧਾਰਮਿਕ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜਦਾ ਹੈ।

ਇਹ ਜਾਣਕਾਰੀ ਦਿੰਦਿਆਂ ਬਲਵੰਤ ਸਿੰਘ ਖੇੜਾ ਦੇ ਵਕੀਲ ਇਸ਼ ਪੁਨੀਤ ਸਿੰਘ ਨੇ ਦੱਸਿਆ ਕਿ ਪਹਿਲਾਂ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਕੀਤਾ ਸੀ । ਜਿਸ ਨੂੰ ਰੱਦ ਕਰਵਾਉਣ ਲਈ ਇਨ੍ਹਾਂ ਤਿੰਨੋ ਆਗੂਆਂ ਨੇ ਹਾਈ ਕੋਰਟ ਦਾ 16 ਦਸੰਬਰ 2019 ਨੂੰ ਰੁਖ ਕੀਤਾ ਸੀ। ਹਾਈ ਕੋਰਟ ਨੇ ਫੈਸਲਾ ਸੁਣਾ ਦਿੱਤਾ ਹੈ ਕਿ ਇਨ੍ਹਾਂ ਤਿੰਨੋ ਆਗੂਆਂ ਖ਼ਿਲਾਫ਼ ਦਸਤਾਵੇਜ਼ੀ ਧੋਖਾਧੜੀ ਦਾ ਕੇਸ ਚਲਾਇਆ ਜਾਵੇ ।

ਭਾਵੇਂ ਕਿ ਇਨ੍ਹਾਂ ਅਕਾਲੀਆਂ ਅਕਾਲੀ ਆਗੂਆਂ ਕੋਲ ਇਹ ਮੌਕਾ ਵੀ ਹੈ ਕਿ ਇਹ ਸੁਪਰੀਮ ਕੋਰਟ ਵੀ ਜਾ ਸਕਦੇ ਹਨ ਪਰ ਹੁਣ ਹੇਠਲੀ ਅਦਾਲਤ ਵਿੱਚ ਇਨ੍ਹਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਚੱਲ ਪਵੇਗਾ। ਹੁਸ਼ਿਆਰਪੁਰ ਦੀ ਅਦਾਲਤ ‘ਚ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਹੋਵੇਗੀ।

Spread the love