ਚੰਡੀਗੜ੍ਹ, 02 ਸਤੰਬਰ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਸੀ ਸਲਾਹ-ਮਸ਼ਵਰਾ ਕਰਨ ਉਪਰੰਤ ਪਾਰਟੀ ਏਜੰਡਾ ਅਤੇ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਿੱਚ ਜਸਟਿਸ (ਰਿਟਾ) ਨਿਰਮਲ ਸਿੰਘ ਨੂੰ ਕਮੇਟੀ ਦਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ।
ਕਮੇਟੀ ਵਿੱਚ ਪਰਮਿੰਦਰ ਸਿੰਘ ਢੀਂਡਸਾ ,ਜਗਦੀਸ਼ ਸਿੰਘ ਗਰਚਾ, ਬੀਰ ਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ, ਅਤੇ ਮਨਮੋਹਨ ਸਿੰਘ ਸਠਿਆਲਾ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਜਰੂਰਤ ਅਨੁਸਾਰ ਕਮੇਟੀ ਵਿੱਚ ਹੋਰ ਮੈਂਬਰ ਵੀ ਸ਼ਾਮਿਲ ਕੀਤੇ ਜਾ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਜਸਟਿਸ ਨਿਰਮਲ ਸਿੰਘ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਕਮੇਟੀ ਆਉਣ ਵਾਲੀਆਂ ਵਿਧਾਨ ਸਭਾਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਐੱਸ.ਸੀ, ਵਿੰਗ, ਇਸਤਰੀ ਵਿੰਗ, ਯੂਥ ਵਿੰਗ ਅਤੇ ਮੁਲਾਜ਼ਮ ਫਰੰਟ ਤੋਂ ਇਲਾਵਾ ਆਗੂਆਂ ਅਤੇ ਵਰਕਰਾਂ ਨਾਲ ਵਿਚਾਰ- ਵਿਟਾਂਦਰਾ ਕਰਨ ਉਪਰੰਤ ਪਾਰਟੀ ਦਾ ਲੋਕ ਪੱਖੀ ਏਜੰਡਾ ਅਤੇ ਚੋਣ ਮਨੋਰਥ ਪੱਤਰ ਤਿਆਰ ਕਰੇਗੀ।
ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਕੋਲੇ ਸਮਰੱਥ ਅਤੇ ਤਜ਼ੁਰਬੇਕਾਰ ਲੀਡਰਸਿ਼ਪ ਮੌਜੂਦ ਹੈ। ਜਿਸ ਵਿੱਚ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀ ਕਮਾਨ ਤਜ਼ੁਰਬੇਕਾਰ ਸਖਸ਼ੀਅਤਾਂ ਦੇ ਹੱਥ ਹੈ। ਯੂਥ ਵਿੰਗ ਜੋਕਿ ਪਾਰਟੀ ਦਾ ਮੁੱਖ ਧੂਰਾ ਹੈ ਵਿੱਚ ਮਿਹਨਤੀ ਤਜ਼ੁਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਨੌਜਵਾਨ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਜੁਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁੱਝ ਦਿਨਾਂ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਦਰਸ਼ਾਉਂਦਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸੂਬੇ ਵਿੱਚ ਇੱਕ ਮਜਬੂਤ ਖੇਤਰੀ ਪਾਰਟੀ ਵਜੋਂ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਪ੍ਰਤੀਨਿਧਤਾ ਕਰੇਗਾ।