ਚੰਡੀਗੜ੍ਹ, 3 ਸਤੰਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ ਵਿਚ ਵਿਧਾਨ ਸਭਾ ਨੇ ਅੱਜ ਪਿਛਲੇ ਇਜਲਾਸ ਤੋਂ ਲੈ ਕੇ ਹੁਣ ਤੱਕ ਵਿਛੜ ਚੁੱਕੀਆਂ ਉੱਘੀਆਂ ਸ਼ਖ਼ਸੀਅਤਾਂ, ਆਜ਼ਾਦੀ ਘੁਲਾਟੀਆਂ, ਖੇਡ ਹਸਤੀਆਂ, ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15ਵੀਂ ਵਿਧਾਨ ਸਭਾ ਦੇ ਇਕ ਰੋਜ਼ਾ ਇਜਲਾਸ ਦੀ ਸ਼ੁਰੂਆਤ ਵਿਚ ਸਦਨ ਨੇ ਕੇਂਦਰੀ ਰਾਜ ਮੰਤਰੀ ਆਰ.ਐਲ. ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਚੌਧਰੀ ਰਾਧਾ ਕ੍ਰਿਸ਼ਨ ਅਤੇ ਇੰਦਰਜੀਤ ਸਿੰਘ ਜ਼ੀਰਾ, ਸਾਬਕਾ ਮੁੱਖ ਸੰਸਦੀ ਮੈਂਬਰ ਜਗਦੀਸ਼ ਸਾਹਨੀ ਤੋਂ ਇਲਾਵਾ ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਅਤੇ ਜਗਰਾਜ ਸਿੰਘ ਗਿੱਲ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਦਨ ਨੇ ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸੇ ਦੌਰਾਨ ਆਜ਼ਾਦੀ ਘੁਲਾਟੀਏ ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ ਅਤੇ ਸੁਲੱਖਣ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ।

ਸਦਨ ਨੇ ਪ੍ਰਸਿੱਧ ਖੇਡ ਹਸਤੀਆਂ ਮਿਲਖਾ ਸਿੰਘ ਅਤੇ ਮਾਨ ਕੌਰ (ਦੋਵੇਂ ਅਥਲੀਟ) ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਦਨ ਨੇ ਸੂਬੇ ਦੇ ਸਾਬਕਾ ਮੁੱਖ ਸਕੱਤਰ ਵਾਈ.ਐਸ. ਰੱਤੜਾ ਅਤੇ ਸਾਬਕਾ ਡੀ.ਜੀ.ਪੀ. ਮੁਹੰਮਦ ਇਜ਼ਹਾਰ ਆਲਮ ਨੂੰ ਵੀ ਯਾਦ ਕੀਤਾ।

ਸਦਨ ਨੇ ਸੈਂਟਰ ਆਫ ਰਿਸਰਚ ਔਨ ਰੂਰਲ ਐਂਡ ਇੰਡਸਟਰੀਅਲ ਡਿਵੈਲਪਮੈਂਟ (ਕਰਿੱਡ) ਦੇ ਸੰਸਥਾਪਕ ਰਸ਼ਪਾਲ ਮਲਹੋਤਰਾ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ।

ਸਦਨ ਨੇ ਮਹਿੰਦਰ ਕੌਰ (ਕੈਬਨਿਟ ਰੈਂਕ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਨੂੰ ਵੀ ਸ਼ਰਧਾਂਜਲੀ ਦਿੱਤੀ।

ਇਸੇ ਦੌਰਾਨ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕ੍ਰਿਕਟਰ ਯਸ਼ਪਾਲ ਸ਼ਰਮਾ ਅਤੇ ਭਾਰਤੀ ਵਾਲੀਬਾਲ ਟੀਮ ਦੇ ਸਾਬਕਾ ਕਪਤਾਨ ਤੇ ਮਰਹੂਮ ਮਿਲਖਾ ਸਿੰਘ ਦੇ ਪਤਨੀ ਨਿਰਮਲ ਮਿਲਖਾ ਸਿੰਘ ਦੇ ਨਾਮ ਵੀ ਸ਼ਰਧਾਂਜਲੀ ਲਈ ਪ੍ਰਸਤਾਵ ਕੀਤੇ।

ਇਸ ਦੇ ਨਾਲ ਹੀ ਨਾਭਾ ਤੋਂ ਵਿਧਾਇਕ ਰਣਦੀਪ ਸਿੰਘ ਨੇ ਸ਼ਹੀਦ ਗੁਰਜੰਟ ਸਿੰਘ ਦਾ ਨਾਮ, ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਨੇ ਸ਼ਹੀਦ ਸਬ-ਇੰਸਪੈਕਟਰ ਗੁਰਮੁਖ ਸਿੰਘ ਅਤੇ ਆਦਮਪੁਰ ਤੋਂ ਵਿਧਾਇਕ ਪਵਨ ਕੁਮਾਰ ਟੀਨੂ ਨੇ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਦੇ ਨਾਮ ਸ਼ਰਧਾਂਜਲੀ ਸੂਚੀ ਵਿਚ ਸ਼ਾਮਲ ਕਰਨ ਦਾ ਪ੍ਰਸਤਾਵ ਰੱਖਿਆ।

ਸਦਨ ਦੇ ਉਪਰੋਕਤ ਮੈਂਬਰਾਂ ਦੀ ਬੇਨਤੀ ਉਤੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਇਨ੍ਹਾਂ ਨਾਵਾਂ ਨੂੰ ਸ਼ਰਧਾਂਜਲੀ ਸੂਚੀ ਵਿਚ ਦਰਜ ਕਰਨ ਦੀ ਸਹਿਮਤੀ ਦਿੱਤੀ।

ਸਦਨ ਨੇ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸਤਿਕਾਰ ਵੱਜੋਂ ਦੋ ਮਿੰਟ ਦਾ ਮੌਨ ਧਾਰਿਆ ਗਿਆ।

ਇਸ ਦੌਰਾਨ ਸਪੀਕਰ ਵੱਲੋਂ ਉਨ੍ਹਾਂ ਮੈਂਬਰਾਂ ਨੂੰ ਸ਼ਰਧਾਂਜਲੀ ਦਾ ਪ੍ਰਸਤਾਵ ਪੇਸ਼ ਕੀਤਾ ਗਿਆ, ਜੋ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ। ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਉਪਰੰਤ ਸਬੰਧਤ ਪਰਿਵਾਰਾਂ ਨੂੰ ਸਦਨ ਵੱਲੋਂ ਪ੍ਰਗਟਾਏ ਸ਼ੋਕ ਬਾਰੇ ਜਾਣੂੰ ਕਰਵਾਉਣ ਲਈ ਮਤਾ ਪਾਸ ਕੀਤਾ ਗਿਆ। ਇਹ ਮਤਾ ਜ਼ੁਬਾਨੀ ਵੋਟ ਨਾਲ ਪਾਸ ਕੀਤਾ ਗਿਆ।

Spread the love