ਪੰਜਾਬ ‘ਚ ਪਨਬਸ (PUNBUS) ਤੇ ਪੀਆਰਟੀਸੀ (PRTC) ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ।

ਪਨਬਸ ਤੇ ਪੀਆਰਟੀਸੀ ਦੇ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੱਸ ਸਟੈਂਡਾਂ ਤੇਚੱਕਾ ਜਾਮ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ‘ਚ 6000 ਕਰਮਚਾਰੀ ਹੜਤਾਲ ‘ਤੇ ਬੈਠੇ ਨੇ ਤੇ 2100 ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਟਰਾਂਸਪੋਰਟ ਮਾਫ਼ੀਆ ਖ਼ਤਮ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜਿਹੜੀਆਂ ਬੱਸਾਂ ਨਜਾਇਜ਼ ਚੱਲਦੀਆਂ ਨੇ ਉਨ੍ਹਾਂ ਨੂੰ ਖੂੰਜੇ ਲਾਉਣ ਵਰਗੀਆਂ ਗੱਲਾਂ ਸਿਰਫ਼ ਚੋਣਾਵੀ ਜੁਮਲੇ ਬਣ ਕੇ ਰਹਿ ਗਈਆਂ ਹਨ ।

ਆਗੂਆਂ ਨੇ ਦੱਸਿਆ ਕਿ ਅਸੀਂ ਸਰਕਾਰ ਖ਼ਿਲਾਫ਼ ਨਾਅਰੇਬਾਜੀ ਇਸ ਕਰਕੇ ਕਰ ਰਹੇ ਹਾਂ, ਕਿਉਂਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ। ਅਸੀਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾ ਨੂੰ ਲੈਕੇ ਪ੍ਰਦਰਸ਼ਨ ਕਰ ਰਹੇ ਹਾਂ ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕਦੀ।

ਇਨ੍ਹਾਂ ਕਾਰਨਾਂ ਕਰਕੇ ਅੱਜ ਅਸੀਂ ਪਨਬਸ ਤੇ ਪੀਆਰਟੀਸੀ ਦੀਆਂ 2100 ਬੱਸਾਂ ਖੜ੍ਹੀਆਂ ਕਰ ਦਿੱਤੀਆਂ ਹਨ। ਉਨ੍ਹਾਂ ਨੇ ਕਿਹਾ ਕਿ ਕਈ ਵਾਰੀ ਸਾਨੂੰ ਮੀਟਿੰਗ ਲਈ ਸੱਦਿਆ ਗਿਆ ਪਰ ਸਾਡੇ ਨਾਲ ਕੋਈ ਮੀਟਿੰਗ ਨਹੀਂ ਕੀਤੀ ਗਈ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਈ ਵਾਰੀ ਮੰਗ ਪੱਤਰ ਦਿੱਤੇ ਗਏ ਹਨ ਪਰ ਸਰਕਾਰ ਨੇ ਸਾਡੇ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਾਨੂੰ ਮਜਬੂਰ ਹੋ ਕੇ ਅੱਜ ਤੋਂ ਅਣਮਿੱਥੇ ਸਮੇਂ ਦੇ ਲਈ ਹੜਤਾਲ ਸ਼ੁਰੂ ਕਰਨੀ ਪਈ ਹੈ।

Spread the love