ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਥਾਪਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਪੁਰਾਤਨ ਚੱਲਦੀ ਆ ਰਹੀ ਰਵਾਇਤ ਅਨੁਸਾਰ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਬਾਣੀ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਅਲੌਕਿਕ ਜਲੌਅ ਸੰਗਤ ਲਈ ਖਿੱਚ ਦਾ ਕੇਂਦਰ ਬਣੇ।

ਜਲੌਅ ’ਚ ਸ੍ਰੀ ਦਰਬਾਰ ਸਾਹਿਬ ਦੇ ਤੋਸ਼ੇ ਖ਼ਾਨੇ ’ਚ ਸੁਰੱਖਿਅਤ ਬੇਸ਼ਕੀਮਤੀ ਵਸਤੂਆਂ ਦੇ ਸੰਗਤ ਨੇ ਦਰਸ਼ਨ ਕੀਤੇ। ਇਸ ਤੋਂ ਇਲਾਵਾ ਬੀਤੇ ਦਿਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਇੱਥੇ ਸਥਿਤ ਹੋਰ ਅਸਥਾਨਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਰੰਗ-ਬਿਰੰਗੇ ਦੇਸੀ ਅਤੇ ਵਿਦੇਸ਼ੀ ਫੁੱਲਾਂ ਦੀ ਸ਼ਾਨਦਾਰ ਸਜਾਵਟ ਦਾ ਵੀ ਸੰਗਤ ਨੇ ਭਰਪੂਰ ਅਨੰਦ ਮਾਣਿਆ।

Spread the love