ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਜਥਿਆ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਮਗਰੋਂ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ।

ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ 5ਵੇਂ ਪਾਤਸ਼ਾਹ ਜੀ ਵੱਲੋਂ ਸੰਨ 1604 ਈ. ‘ਚ ਆਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ। ਇਹ ਪਾਵਨ ਦਿਹਾੜਾ ਸਿੱਖ ਜਗਤ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ।

ਇਸੇ ਦੌਰਾਨ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਕੀਤੀ ਗਈ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ ਅਤੇ ਨਗਰ ਕੀਰਤਨ ਸਮੇਂ ਸਿੱਖ ਨੌਜਵਾਨਾਂ ਨੇ ਗਤਕਾ ਪ੍ਰਦਰਸ਼ਨ ਵੀ ਕੀਤਾ। ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੇ। ਇਸ ਤੋਂ ਇਲਾਵਾ ਫੁੱਲਾਂ ਦੀ ਸਜਾਵਟ ਵੀ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੀ ਸੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਮੁੱਚੇ ਵਿਸ਼ਵ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ‘ਚ ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਬਾਣੀ ਸਾਨੂੰ ਸੁਖਦ ਜੀਵਨ ਜਿਊਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਮਾਜਿਕ ਜ਼ੁੰਮੇਵਾਰੀਆਂ ਨਿਭਾਉਣ ਲਈ ਵੀ ਰਾਹ ਦਿਖਾਉਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰਬਾਣੀ ਦੀਆਂ ਮੁੱਲਵਾਨ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ।

Spread the love