ਮੋਦੀ ਸਰਕਾਰ ਨੇ ਕਿਸਾਨਾਂ ਨੂੰ ਖੁਸ਼ ਕਰਨ ਲਈ ਅੱਜ ਕਈ ਅਹਿਮ ਐਲਾਨ ਕੀਤੇ ਹਨ । ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹਾੜ੍ਹੀ ਦੀਆਂ ਸਾਰੀਆਂ ਫਸਲਾਂ ‘ਤੇ ਐੱਸਐੱਸਪੀ ਵਧਾਉਣ ਦਾ ਫ਼ੈਸਲਾ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਣਕ, ਛੋਲੇ, ਦਾਲ, ਸਰ੍ਹੋਂ ਸਮੇਤ ਸਾਰੀਆਂ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੰਤਰੀ ਮੰਡਲ ਨੇ ਸਾਲ 2022-23 ਲਈ ਕਣਕ ਦੇ ਐਮਐਸਪੀ ਨੂੰ 40 ਰੁਪਏ ਪ੍ਰਤੀ ਕੁਇੰਟਲ ਵਧਾ ਕੇ 2015 ਰੁਪਏ ਕਰ ਦਿੱਤਾ ਹੈ। ਇਸ ਤੋਂ ਇਲਾਵਾ ਛੋਲਿਆਂ ਦਾ ਘੱਟੋ -ਘੱਟ ਸਮਰਥਨ ਮੁੱਲ 130 ਰੁਪਏ ਵਧਾ ਕੇ 5,100 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਸਰ੍ਹੋਂ ਦੇ ਐਮਐਸਪੀ ਵਿੱਚ 400 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 4,650 ਰੁਪਏ ਕਰਨ ਦਾ ਐਲਾਨ ਕੀਤਾ ਹੈ।

ਉਧਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ‘ਚ 40 ਰੁਪਏ ਪ੍ਰਤੀ ਕੁਇੰਟਲ ਦੇ ਕੀਤੇ ਨਿਗੂਣੇ ਵਾਧੇ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਵਾਅਦੇ ਕਰਦੀ ਹੈ ਪਰ ਕਣਕ ਦੇ ਭਾਅ ‘ਚ ਇਸ ਨਿਗੂਣੇ ਵਾਧੇ ਨਾਲ ਤਾਂ ਵਧੇ ਹੋਏ ਡੀਜ਼ਲ ਦੀਆਂ ਕੀਮਤਾਂ ਦੇ ਲਾਗਤ ਖ਼ਰਚ ਦੀ ਪੂਰਤੀ ਵੀ ਨਹੀਂ ਹੁੰਦੀ।

ਉਨ੍ਹਾਂ ਕਿਹਾ ਕਿ ਡਾ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਫ਼ਸਲਾਂ ਦੀ ਲਾਗਤ ਦੇ ਸਾਰੇ ਅਸਲੀ ਖ਼ਰਚੇ ਗਿਣ ਕੇ ਉਸ ਉੱਪਰ ਵਾਜਬ ਮੁਨਾਫ਼ੇ ‘ਤੇ ਸਾਰੀਆਂ ਫ਼ਸਲਾਂ ਦੇ ਭਾਅ ਮਿਥੇ ਜਾਣ। ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਦੌਰਾਨ ਐੱਮਐੱਸਪੀ ਰਹਿਣ ਦੀ ਗੱਲ ਕਹਿ ਰਹੀ ਹੈ ਪਰ ਖ਼ਰੀਦ ਸਿਰਫ਼ ਤਿੰਨ ਫ਼ਸਲਾਂ ਦੀ ਦੋ ਤਿੰਨ ਰਾਜਾਂ ‘ਚ ਹੀ ਕੀਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ਦੇ ਵਾਜਿਬ ਮੁਨਾਫ਼ੇ ‘ਤੇ ਭਾਅ ਮਿੱਥ ਕੇ ਸਾਰੀਆਂ ਫ਼ਸਲਾਂ ਦੀ ਸਾਰੇ ਰਾਜਾਂ ‘ਚ ਸਰਕਾਰੀ ਖ਼ਰੀਦ ਦੀ ਗਰੰਟੀ ਕੀਤੀ ਜਾਵੇ।

Spread the love