ਕਿਸਾਨਾਂ ਨੂੰ ਮਨਾਉਣ ਲਈ ਭਾਜਪਾ ਨਵੀਂ ਮੁਹਿੰਮ ਚਲਾਉਣ ਜਾ ਰਹੀ ਹੈ। ਹੁਣ ਘਰ-ਘਰ ਜਾ ਕੇ ਭਾਜਪਾ ਆਗੂ ਸਮਝਾਉਣਗੇ ਖੇਤੀ ਕਾਨੂੰਨਾਂ ਦੇ ਫਾਇਦੇ ।

ਜੀ ਹਾਂ…ਇਸ ਯੋਜਨਾ ਤਹਿਤ ਭਾਜਪਾ ਕਿਸਾਨ ਮੋਰਚਾ 15 ਅਕਤੂਬਰ ਤੋਂ 15 ਦਸੰਬਰ ਤੱਕ ਮੁਹਿੰਮ ਚਲਾਏਗੀ। ਇਸ ਮੁਹਿੰਮ ਤਹਿਤ ਭਾਜਪਾ ਕਿਸਾਨ ਮੋਰਚਾ ਦੇ ਲੀਡਰ ਉੱਤਰ ਪ੍ਰਦੇਸ਼ ਦੇ ਹਰ ਛੋਟੇ ਤੇ ਵੱਡੇ ਪਿੰਡਾਂ ‘ਚ ਜਾਣਗੇ।

ਉਹ ਕਿਸਾਨਾਂ ਨੂੰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਤੇ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣਗੇ ਤੇ ਇਨ੍ਹਾਂ ਦੇ ਫ਼ਾਇਦੇ ਵੀ ਦੱਸਣਗੇ। ਇਸ ਮੁਹਿੰਮ ਦੌਰਾਨ ਕਿਸਾਨ ਆਗੂਆਂ ਦੇ ਮਨਾਂ ‘ਚ ਉੱਠੇ ਸਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ। ਇਸ ਦੇ ਨਾਲ ਹੀ ਇਹ ਦੱਸਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨ ਆਗੂ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੇ ਹਨ।15 ਅਕਤੂਬਰ ਤੋਂ 15 ਦਸੰਬਰ ਤੱਕ ਚੱਲੇ ਇਸ ਅਭਿਆਨ ਦੌਰਾਨ ਬੀਜੇਪੀ ਲੀਡਰ ਉੱਤਰ ਪ੍ਰਦੇਸ਼ ਦੇ ਕਿਸਾਨਾਂ ਨੂੰ ਇਹ ਯਕੀਨ ਦਿਵਾਉਣ ਦੀ ਕੋਸ਼ਿਸ਼ ਕਰਨਗੇ ਕਿ ਛੋਟੇ ਕਿਸਾਨਾਂ ਨੂੰ ਕੇਂਦਰ ਸਰਕਾਰ ਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲੇਗਾ।

18 ਸਤੰਬਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਲਖਨਊ ਵਿੱਚ ਇੱਕ ਕਿਸਾਨ ਸੰਮੇਲਨ ਨੂੰ ਵੀ ਸੰਬੋਧਨ ਕਰਨਗੇ। ਉਮੀਦ ਕੀਤੀ ਜਾ ਰਹੀ ਹੈ ਕਿ ਯੋਗੀ ਆਦਿੱਤਿਆਨਾਥ ਇਸ ਮੌਕੇ ਕਿਸਾਨਾਂ ਸਬੰਧੀ ਕੁਝ ਵੱਡੇ ਐਲਾਨ ਵੀ ਕਰ ਸਕਦੇ ਹਨ। ਤੁਾਹਨੂੰ ਦੱਸ ਦਈਏ ਕਿ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਵਿੱਚ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਤੇ ਇਨ੍ਹਾਂ ਵਿੱਚੋਂ ਦੋ ਸੂਬੇ ਅਜਿਹੇ ਹਨ ਜਿਨ੍ਹਾਂ ਵਿੱਚ ਇਸ ਕਿਸਾਨ ਅੰਦੋਲਨ ਦਾ ਸਿੱਧਾ ਅਸਰ ਪੈ ਸਕਦਾ ਹੈ ਤੇ ਇਹ ਸੂਬੇ ਉੱਤਰ ਪ੍ਰਦੇਸ਼ ਤੇ ਪੰਜਾਬ ਹਨ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਕਿਸਾਨਾਂ ਤੱਕ ਪਹੁੰਚ ਕਰਨ ਲਈ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ।

Spread the love