ਚੰਡੀਗੜ੍ਹ, 17 ਸੰਤਬਰ

ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਦੁਪਹਿਰ 3ਵਜੇ ਹੋਵੇਗੀ।

ਦੱਸਿਆ ਜਾ ਰਿਹਾ ਹੈ ਕਿ ਬੈਠਕ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਵੀਡੀਓ ਕਾਨਫਰੰਸ ਰਾਹੀਂ ਹੋਣ ਜਾ ਰਹੀ ਇਸ ਬੈਠਕ ‘ਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਹਰੀ ਝੰਡੀ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਹੁਣ ਅਗਲੀਆਂ ਚੋਣਾਂ ਦੇ ਮੱਦੇਨਜ਼ਰ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ‘ਦਿ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੁਅਲ ਐਂਪਲਾਈਜ਼ ਬਿੱਲ -2020’ ਨੂੰ ਕੈਬਨਿਟ ‘ਚ ਲਿਆਂਦਾ ਜਾਵੇਗਾ। ਚੋਣਾਂ ਕਰਕੇ ਕੈਬਨਿਟ ਵੱਲੋਂ ਇਸ ਬਿੱਲ ਨੂੰ ਪ੍ਰਵਾਨਗੀ ਮਿਲਣ ਦੀ ਸੰਭਾਵਨਾ ਹੈ ਜਿਸ ਨੂੰ ਅੱਗੇ ਪੰਜਾਬ ਵਿਧਾਨ ਸਭਾ ’ਚ ਰੱਖਿਆ ਜਾਵੇਗਾ।

ਇਸ ਤੋਂ ਇਲਾਵਾ ਸੂਤਰਾਂ ਮੁਤਾਬਿਕ ਸਰਕਾਰ ਵੱਲੋਂ ਆਊਟਸੋਰਸਿੰਗ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਲੀ ਪਾਲਿਸੀ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ। ਸਿਰਫ਼ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਹੀ ਪੱਕਾ ਕਰਨ ਲਈ ਬਿੱਲ ਲਿਆਂਦਾ ਜਾ ਰਿਹਾ ਹੈ।

ਤੁਹਾਨੂੰ ਦੱਸ ਦਈਏ ਜੇਕਰ ਪੰਜਾਬ ਸਰਕਾਰ ਇਹ ਫੈਸਲਾ ਲੈਂਦੀ ਹੈ ਤਾਂ ਇਸ ਨਾਲ ਪੰਜਾਬ ਦੇ ਕਰੀਬ 30 ਹਜ਼ਾਰ ਕੱਚੇ ਮੁਲਾਜ਼ਮ ਰੈਗੂਲਰ ਹੋ ਸਕਦੇ ਹਨ ਜੋ ਕਰੀਬ ਦਸ ਵਰ੍ਹਿਆਂ ਤੋਂ ਕੱਚੇ ਮੁਲਾਜ਼ਮ ਦੇ ਤੌਰ ’ਤੇ ਕੰਮ ਕਰ ਰਹੇ ਸਨ। ਇਸ ਸਰਕਾਰੀ ਫ਼ੈਸਲੇ ਨਾਲ ਖ਼ਾਸ ਤੌਰ ’ਤੇ ਸਿੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮ ਪੱਕੇ ਹੋ ਸਕਣਗੇ ਜੋ ਵੱਖ-ਵੱਖ ਪ੍ਰਾਜੈਕਟਾਂ ਅਤੇ ਸੁਸਾਇਟੀਆਂ ਅਧੀਨ ਕੰਮ ਕਰ ਰਹੇ ਹਨ।

Spread the love