ਚੰਡੀਗੜ੍ਹ, 17 ਸੰਤਬਰ

3 ਖੇਤੀ ਕਾਨੂੰਨਾਂ ਦੇ ਸਾਲ ਪੂਰਾ ਹੋਣ ’ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਅੱਗੇ ਵਧਣ ਲਈ ਕਿਸਾਨਾਂ ਨਾਲ ਵਿਸਥਾਰ ‘ਚ ਗੱਲਬਾਤ ਕਰਨ ਲਈ ਆਖਿਆ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਆਪਣੀ ਗਲਤੀ ਦਾ ਅਹਿਸਾਸ ਕਰੇ ਅਤੇ ਕਿਸਾਨਾਂ ਅਤੇ ਦੇਸ਼ ਦੇ ਹਿੱਤ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ। ਮੁੱਖ ਮੰਤਰੀ ਅੱਜ ਜਦੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੁਅਲ ਕਿਸਾਨ ਮੇਲੇ ਦਾ ਉਦਘਾਟਨ ਕਰ ਰਹੇ ਸਨ, ਤਾਂ ਉਨ੍ਹਾਂ #nofarmers_nofood ਬੈਜ ਵੀ ਪਹਿਨਿਆ ਹੋਇਆ ਸੀ। ਦੋ ਦਿਨਾ ਮੇਲਾ ਇਸ ਵਿਸ਼ੇ ‘ਤੇ ਕੇਂਦਰਤ ਹੈ:’ ਕਰੀ ਪਰਾਲੀ ਦੀ ਸੰਭਾਲ, ਧਰਤੀ ਮਾਂ ਹੋਵੇ ਖੁਸ਼ਹਾਲ’ ਦਰਅਸਲ, ਇਹ ਪਰਾਲ਼ੀ ਸਾੜਨ ਦਾ ਰਿਵਾਜ ਖ਼ਤਮ ਕਰਨ ਦੀ ਰਾਜ ਸਰਕਾਰ ਦੀ ਮੁਹਿੰਮ ਉੱਤੇ ਕੇਂਦ੍ਰਿਤ ਹੈ।

ਮੁੱਖ ਮੰਤਰੀ ਨੇ ਸੁਆਲ ਕੀਤਾ,“ਅੱਜ ਤੱਕ, ਭਾਰਤੀ ਸੰਵਿਧਾਨ ਵਿੱਚ 127 ਵਾਰ ਸੋਧ ਕੀਤੀ ਜਾ ਚੁੱਕੀ ਹੈ, ਇਸ ਲਈ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਤੇ ਉਨ੍ਹਾਂ ਦੇ ਨਤੀਜੇ ਵਜੋਂ ਪੈਦਾ ਹੋਏ ਵਿਗਾੜ ਨੂੰ ਸੁਲਝਾਉਣ ਵਾਸਤੇ ਇਨ੍ਹਾਂ ਨੂੰ ਦੁਬਾਰਾ ਸੋਧਿਆ ਕਿਉਂ ਨਹੀਂ ਜਾ ਸਕਦਾ?” ਉਨ੍ਹਾਂ ਨੇ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੀ ਅਗਵਾਈ ਵਾਲੀ ਸਰਕਾਰ ਤੋਂ ਇਹ ਜਾਣਨ ਦੀ ਮੰਗ ਕੀਤੀ, ਜੋ 128ਵੀਂ ਵਾਰ ਅਜਿਹਾ ਕਰਨ ਵਿੱਚ ਕੀ ਸਮੱਸਿਆ ਹੈ?

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੁਲਕ ਦੀ ਤਰੱਕੀ ਤੇ ਵਿਕਾਸ ਵਿਚ ਮਿਸਾਲੀ ਯੋਗਦਾਨ ਪਾਉਣ ਵਾਲੇ ਕਿਸਾਨ ਭਾਈਚਾਰੇ ਨਾਲ ਅੱਜ ਜੋ ਕੁਝ ਵੀ ਵਾਪਰ ਰਿਹਾ ਹੈ, ਉਹ ਬਹੁਤ ਹੀ ਦੁਖਦਾਇਕ ਹੈ। ਉਨ੍ਹਾਂ ਨੇ ਇਨ੍ਹਾਂ ਕਾਨੂੰਨਾਂ ਨੂੰ ਤੁਰੰਤ ਮਨਸੂਖ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਹ ਕਾਨੂੰਨ ਸਿਰਫ ਕਿਸਾਨ ਭਾਈਚਾਰੇ ਲਈ ਹੀ ਨਹੀਂ ਸਗੋਂ ਸਮੁੱਚੇ ਦੇਸ਼ ਲਈ ਘਾਤਕ ਹਨ।

Spread the love