ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਮਰੀਕਾ ਦੀ ਯਾਤਰਾ ਲਈ ਰਵਾਨਾ ਹੋਏ ਜਿੱਥੇ ਉਨ੍ਹਾਂ ਦੀ ਮੁਲਾਕਾਤ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨਾਲ ਹੋਵੇਗੀ।

ਅਮਰੀਕਾ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਅਮਰੀਕੀ ਯਾਤਰਾ ਵਿਆਪਕ ਗਲੋਬਲ ਰਣਨੀਤਕ ਸਾਂਝੇਦਾਰੀ ਨੂੰ ਮਜ਼ਬੂਤ ਕਰਨ, ਰਣਨੀਤਕ ਭਾਈਵਾਲਾਂ ਜਾਪਾਨ ਅਤੇ ਆਸਟ੍ਰੇਲੀਆ ਨਾਲ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਮਹੱਤਵਪੂਰਨ ਵਿਸ਼ਵ-ਵਿਆਪੀ ਮੁੱਦਿਆਂ ‘ਤੇ ਸਾਡੇ ਸਹਿਯੋਗ ਨੂੰ ਅੱਗੇ ਵਧਾਉਣ ਦਾ ਇਕ ਚੰਗਾ ਮੌਕਾ ਹੋਵੇਗਾ।

ਉਧਰ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਨਰਿੰਦਰ ਮੋਦੀ ਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ 24 ਸਤੰਬਰ ਲਈ ਤਜਵੀਜ਼ਤ ਮੁਲਾਕਾਤ ਦੌਰਾਨ ਦੋਵੇਂ ਆਗੂ ਵਪਾਰ, ਨਿਵੇਸ਼ ਅਤੇ ਰੱਖਿਆ ਤੇ ਸੁਰੱਖਿਆ ਦੇ ਖੇਤਰ ਵਿੱਚ ਦੁਵੱਲੇ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਦੇ ਢੰਗ ਤਰੀਕਿਆਂ ’ਤੇ ਗੱਲਬਾਤ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨਾਲ ਅਮਰੀਕਾ ਜਾਣ ਵਾਲੇ ਵਫ਼ਦ ਵਿੱਚ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਵਿਦੇਸ਼ ਸਕੱਤਰ ਸ਼੍ਰਿੰਗਲਾ ਵੀ ਸ਼ਾਮਲ ਹੋਣਗੇ।

ਇਸ ਤੋਂ ਇਲਾਵਾ ਮੋਦੀ ਤੇ ਬਾਇਡਨ ਦਰਮਿਆਨ ਹੋਣ ਵਾਲੀ ਦੁਵੱਲੀ ਗੱਲਬਾਤ ਵਿੱਚ ਪ੍ਰਮੁੱਖ ਖੇਤਰੀ ਮੁੱਦਿਆਂ ਤੋਂ ਇਲਾਵਾ ਕੱਟੜਵਾਦ ਤੇ ਦਹਿਸ਼ਤਗਰਦੀ ਨਾਲ ਸਿੱਝਣ ਦੇ ਢੰਗ ਤਰੀਕਿਆਂ ’ਤੇ ਵੀ ਚਰਚਾ ਹੋ ਸਕਦੀ ਹੈ।

ਉਨ੍ਹਾਂ ਕਿਹਾ ਕਿ ਦੋਵਾਂ ਆਗੂਆਂ ਦੀ ਆਹਮੋ-ਸਾਹਮਣੀ ਮੀਟਿੰਗ ਵਿੱਚ ਅਫ਼ਗ਼ਾਨਿਸਤਾਨ ਦਾ ਮੁੱਦਾ ਵੀ ਵਿਚਾਰਿਆ ਜਾਵੇਗਾ।

ਸ਼੍ਰਿੰਗਲਾ ਨੇ ਕਿਹਾ ਕਿ ਮੋਦੀ ਵਾਸ਼ਿੰਗਟਨ ਵਿੱਚ ਪ੍ਰਮੁੱਖ ਅਮਰੀਕੀ ਕੰਪਨੀਆਂ ਦੇ ਸਿਖਰਲੇ ਅਧਿਕਾਰੀਆਂ ਨੂੰ ਵੀ ਮਿਲਣਗੇ। ਇਸ ਤੋਂ ਪਹਿਲਾਂ ਸ੍ਰੀ ਮੋਦੀ ਸਤੰਬਰ 2019 ਵਿੱਚ ਅਮਰੀਕਾ ਗਏ ਸਨ।

Spread the love