ਚੰਡੀਗੜ, 23 ਸਤੰਬਰ

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਆਲੋਕ ਸ਼ੇਖਰ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਉਨਾਂ ਕਿਹਾ ਕਿ ਹੁਣ ਤੱਕ ਸੂਬੇ ਭਰ ਵਿੱਚ ਡੇਂਗੂ ਦੇ 1724 ਪੁਸ਼ਟੀ ਕੀਤੇ ਕੇਸ ਸਾਹਮਣੇ ਆ ਚੁੱਕੇ ਹਨ।

ਅੰਮਿ੍ਰਤਸਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ, ਐਸ.ਏ.ਐਸ ਨਗਰ, ਬਠਿੰਡਾ ਅਤੇ ਪਠਾਨਕੋਟ ਡੇਂਗੂ ਦੇ ਮਰੀਜਾਂ ਨਾਲ ਸਬੰਧਤ ਮੁੱਖ ਜ਼ਿਲੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਅਤੇ ਪ੍ਰਬੰਧਨ ਲਈ, ਟੈਸਟਿੰਗ ਲੈਬਾਂ ਦੀ ਗਿਣਤੀ ਵਧਾ ਕੇ 39 ਕਰ ਦਿੱਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਆਲੋਕ ਸ਼ੇਖਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਮਾਮਲੇ ਦੀ ਰਿਪੋਰਟ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਦੇਣੀ ਜ਼ਰੂਰੀ ਹੈ।

ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ‘ਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਖੂਨ ਅਤੇ ਖੂਨ ਦੇ ਕਣਾਂ ਦੀ ਮੁਕੰਮਲ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲਬਧ ਹਨ। ਲਾਰਵੀਸਾਈਡਸ ਅਤੇ ਕੀਟਨਾਸ਼ਕਾਂ ਦੇ ਵਾਧੇ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ ਹੈ ਅਤੇ ਇਸ ਲਈ ਢੁਕਵੀਂ ਮਾਤਰਾ ਵਿੱਚ ਲੋੜੀਂਦੀ ਸਪਰੇਅ ਦੀ ਉਪਲਬਧ ਹੈ।

ਉਨਾਂ ਦੱਸਿਆ ਕਿ ਵਿਭਾਗ ਨੇ ਡੇਂਗੂ ਦੇ ਕੇਸਾਂ ਦੇ ਤੁਰੰਤ ਅਤੇ ਸੁਚੱਜੇ ਪ੍ਰਬੰਧਨ ਲਈ ਡੇਂਗੂ ਵਾਰਡਾਂ ਬਣਾਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਮਰੀਜ਼ ਲਈ ਬੈੱਡਾਂ ਦੀ ਵਿਵਸਥਾ ਹੈ। ਡੇਂਗੂ ਲਈ ਸਪਰੇਅ ਗਤੀਵਿਧੀਆਂ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ ਅਤੇ ਜਿਸ ਘਰ ਵਿੱਚ ਕੋਈ ਕੇਸ ਸਾਹਮਣੇ ਆਉਂਦਾ ਹੈ, ਉਸ ਘਰ ਦੇ ਆਲੇ ਦੁਆਲੇ ਦੇ 50-60 ਘਰਾਂ ਵਿੱਚ, ਲੋੜੀਂਦੇ ਕੀਟਨਾਸ਼ਕ ਦਾ ਛਿੜਕਾਅ ਕੀਤਾ ਜਾਂਦਾ ਹੈ।

ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅੰਦੇਸ਼ ਕੰਗ ਨੇ ਅੱਗੇ ਦੱਸਿਆ ਕਿ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਡੇਂਗੂ ਤੋਂ ਬਚਣ ਅਤੇ ਫੈਲਣ ਤੋਂ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਗਈਆਂ ਹਨ। ਉਨਾਂ ਅੱਗੇ ਕਿਹਾ “ਹਰ ਸ਼ੁੱਕਰਵਾਰ ਨੂੰ ਡਰਾਈ ਡੇ“ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਸਮਾਜ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਡੇਂਗੂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਦੇ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਮੈਡੀਕਲ ਅਤੇ ਪੈਰਾ -ਮੈਡੀਕਲ ਸਟਾਫ ਨੂੰ ਜਾਗਰੂਕ ਕਰਨ ਦਾ ਕੰਮ ਬਾਕਾਇਦਗੀ ਨਾਲ ਕੀਤਾ ਜਾ ਰਿਹਾ ਹੈ।

ਡਾਇਰੈਕਟਰ ਸਿਹਤ ਨੇ ਇਹ ਵੀ ਕਿਹਾ ਕਿ ਰਾਜ ਅਤੇ ਜਿਲਾ ਪੱਧਰਾਂ ‘ਤੇ ਭਾਈਵਾਲ ਵਿਭਾਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੀਟਨਾਸ਼ਕਾਂ, ਲਾਰਵੀਸਾਈਡਸ ਆਦਿ ਦੀ ਫੌਗਿੰਗ ਲਈ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੀ ਭਾਗੀਦਾਰੀ ਵਧਾਈ ਗਈ ਹੈ।

ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪੀਜੀਆਈ ਦੇ ਸਹਿਯੋਗ ਨਾਲ ਡੇਂਗੂ ‘ਤੇ ਖੋਜ, ਵੱਖ -ਵੱਖ ਕੀਟਨਾਸ਼ਕਾਂ ਦੇ ਪ੍ਰਭਾਵ ਅਤੇ ਵਿਸ਼ੇਸ਼ਤਾਵਾਂ ਅਤੇ ਡੇਂਗੂ ਲਈ ਜ਼ਿੰਮੇਵਾਰ ਵੱਖ -ਵੱਖ ਵਾਇਰਸਾਂ ਦੀ ਸੇਰੋਟਾਈਪਿੰਗ ਲਈ ਕੰਮ ਕੀਤਾ ਜਾ ਰਿਹਾ ਹੈ।

Spread the love