ਚੰਡੀਗੜ੍ਹ,01 ਅਕਤੂਬਰ

ਪੰਜਾਬ ਦੀ ਨਵੀਂ ਬਣੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ‘ਸਪੈਸ਼ਲ ਪਬਲਿਕ ਪ੍ਰਾਸੀਕਿਊਟਰ’ ਨਿਯੁਕਤ ਕੀਤਾ ਗਿਆ ਹੈ।

ਇਸ ਸੰਬੰਧੀ ਨੋਟੀਫੀਕੇਸ਼ਨ ਅੱਜ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਬੈਂਸ ਬੇਅਦਬੀ ਮਾਮਲਿਆਂ ਅਤੇ ਇਸ ਤੋਂ ਇਲਾਵਾ ਬਹਿਬਲ ਕਲਾਂ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸਰਕਾਰ ਦੀ ਪੈਰਵਾਈ ਕਰਨਗੇ।

ਜ਼ਿਕਰਯੋਗ ਹੈ ਕਿ ਇਸ ਸੰਬੰਧੀ ਇਸ਼ਾਰਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੰਦਿਆਂ ਕਿਹਾ ਸੀ ਕਿ ਇਕ ਵਿਸ਼ੇਸ਼ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਜਾਵੇਗਾ ਜੋ ਆਪਣੇ ਹੇਠਾਂ ਲਗਪਗ 10 ਵਕੀਲਾਂ ਦੀ ਟੀਮ ਬਣਾ ਕੇ ਇਨ੍ਹਾਂ ਮਾਮਲਿਆਂ ਦੀ ਪੈਰਵਾਈ ਕਰੇਗਾ।

ਦਰਅਸਲ ਬੈਂਸ ਦੀ ਨਿਯੁਕਤੀ ਸ: ਚੰਨੀ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਾਲੇ ਐਡਵੋਕੇਟ ਜਨਰਲ ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਪੈਦਾ ਹੋਏ ਰੇੜਕੇ ਦਾ ਵਿਚਲਾ ਹੱਲ ਸਮਝੀ ਜਾ ਰਹੀ ਹੈ। ਸ: ਸਿੱਧੂ ਨੇ ਕਿਹਾ ਸੀ ਕਿ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਸਾਬਕਾ ਆਈ.ਜੀ.ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਰਹੇ ਦਿਓਲ ਨੂੰ ਐਡਵੋਕੇਟ ਜਨਰਲ ਨਹੀਂ ਲਗਾਇਆ ਜਾਣਾ ਚਾਹੀਦਾ ਸੀ।

Spread the love