ਨਵੀਂ ਦਿੱਲੀ , 04 ਅਕਤੂਬਰ

ਦਿੱਲੀ ਸਥਿਤ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮੰਗਣ ਵਾਲੇ ਕਿਸਾਨ ਸੰਗਠਨਾਂ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਇੱਕ ਪਾਸੇ ਕਿਸਾਨ ਸੰਗਠਨਾਂ ਨੇ ਰਾਜਸਥਾਨ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਅਤੇ ਦੂਜੇ ਪਾਸੇ ਅੰਦੋਲਨ ਵੀ ਜਾਰੀ ਹਨ। ਇਹ ਕਿਵੇਂ ਸੰਭਵ ਹੋ ਸਕਦਾ ਹੈ ?

ਅਜਿਹੀ ਸਥਿਤੀ ਵਿੱਚ ਸੁਪਰੀਮ ਕੋਰਟ ਇਸ ਗੱਲ ‘ਤੇ ਵਿਚਾਰ ਕਰੇਗੀ ਕਿ ਕੀ ਕੋਈ ਵਿਅਕਤੀ ਜਾਂ ਸੰਗਠਨ ਅੰਦੋਲਨ ਵਿੱਚ ਵਿਚਾਰਅਧੀਨ ਮਾਮਲਿਆਂ ‘ਤੇ ਪ੍ਰਦਰਸ਼ਨ ਕਰ ਸਕਦਾ ਹੈ ਜਾਂ ਨਹੀਂ।

ਕਿਸਾਨ ਮਹਾਪੰਚਾਇਤ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪਰ ਕਿਸਾਨ ਮਹਾਪੰਚਾਇਤ ਨੇ ਇਸ ਦੇ ਬਰਾਬਰ ਰਾਜਸਥਾਨ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਖੇਤੀਬਾੜੀ ਕਾਨੂੰਨਾਂ ਨੂੰ ਵੀ ਚੁਣੌਤੀ ਦਿੱਤੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਰਾਜਸਥਾਨ ਹਾਈ ਕੋਰਟ ਵਿੱਚ ਕਿਸਾਨ ਮਹਾਂਪੰਚਾਇਤ ਵੱਲੋਂ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰ ਦਿੱਤਾ ਹੈ। ਇੱਕ ਮਹੱਤਵਪੂਰਨ ਟਿੱਪਣੀ ਕਰਦੇ ਹੋਏ, ਉਚ ਅਦਾਲਤ ਨੇ ਕਿਹਾ ਕਿ ਲੋਕਾਂ ਨੂੰ ਇੱਕ ਚੀਜ਼ ਦੀ ਚੋਣ ਕਰਨੀ ਪੈਂਦੀ ਹੈ ਜਾਂ ਤਾਂ ਅਦਾਲਤ ਤੋਂ ਰਾਹਤ ਮੰਗੋ ਜਾਂ ਅੰਦੋਲਨ ਕਰੋ। ਮਾਮਲੇ ਦੀ ਅਗਲੀ ਸੁਣਵਾਈ 21 ਅਕਤੂਬਰ ਨੂੰ ਹੋਵੇਗੀ।

ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਅਤੇ ਯੋਗੇਂਦਰ ਯਾਦਵ ਸਮੇਤ 43 ਕਿਸਾਨ ਆਗੂਆਂ ਅਤੇ ਸੰਗਠਨਾਂ ਨੂੰ ਨੋਟਿਸ ਜਾਰੀ ਕਰਦਿਆਂ ਪੁੱਛਿਆ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਧਿਰ ਕਿਉਂ ਨਹੀਂ ਬਣਾਇਆ ਜਾਵੇ? ਦਰਅਸਲ, ਸੁਪਰੀਮ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਕਿਸਾਨਾਂ ਨੂੰ ਸੜਕਾਂ ਤੋਂ ਹਟਾ ਕੇ ਰਸਤਾ ਸਾਫ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਸਾਨ ਆਗੂਆਂ ਨੂੰ ਨੋਟਿਸ ਜਾਰੀ ਕੀਤਾ ਹੈ।

Spread the love