ਚੰਡੀਗੜ੍ਹ, 23 ਅਕਤੂਬਰ

ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਰਨਾਲਾ ਬੱਸ ਸਟੈਂਡ ਅਤੇ ਪੀ.ਆਰ.ਟੀ.ਸੀ. ਵਰਕਸ਼ਾਪ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਜਿਥੇ ਦਰਪੇਸ਼ ਮੁਸ਼ਕਲਾਂ ਬਾਰੇ ਸਵਾਰੀਆਂ ਨਾਲ ਗੱਲਬਾਤ ਕੀਤੀ, ਉਥੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ।ਰਾਜਾ ਵੜਿੰਗ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਬਰਨਾਲਾ ਬੱਸ ਅੱਡੇ ਦੀ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧਾਂ ਅਤੇ ਹੋਰ ਬਿਹਤਰੀ ਲਈ ਹਦਾਇਤ ਕੀਤੀ।

ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਕੁੱਲ 2.5 ਕਰੋੜ ਰੁਪਏ ਨਾਲ ਬਰਨਾਲਾ ਦੇ ਬੱਸ ਅੱਡੇ ਨੂੰ ਨਵੀਂ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ 1.5 ਕਰੋੜ ਰੁਪਏ ਅਤੇ ਨਗਰ ਸੁਧਾਰ ਟਰੱਸਟ ਵੱਲੋਂ 1 ਕਰੋੜ ਰੁਪਏ ਖ਼ਰਚ ਕਿ ਬੱਸ ਅੱਡੇ ਨੂੰ ਨਵਿਆਉਣ ਦਾ ਕਾਰਜ ਸਿਰੇ ਚਾੜ੍ਹਿਆ ਜਾਵੇਗਾ। ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੱਖਣ ਸ਼ਰਮਾ ਦੇ ਹਵਾਲੇ ਨਾਲ ਉਨ੍ਹਾਂ ਦੱਸਿਆ ਕਿ ਬੱਸ ਅੱਡੇ ਦੇ ਸੁਧਾਰ ਲਈ 1 ਕਰੋੜ ਰੁਪਏ ਦੇ ਟੈਂਡਰ ਲਗਾਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੱਸ ਅੱਡੇ ‘ਤੇ ਬੈਠੀਆਂ ਬਜ਼ੁਰਗ ਔਰਤਾਂ ਗੱਲਬਾਤ ਕਰਕੇ ਉਨ੍ਹਾਂ ਨੂੰ ਸਫ਼ਰ ਦੌਰਾਨ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ ਗਈ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਸੀਨੀਅਰ ਪੁਲਿਸ ਕਪਤਾਨ ਸ਼੍ਰੀਮਤੀ ਅਲਕਾ ਮੀਨਾ, ਐਸ.ਡੀ.ਐਮ. ਵਰਜੀਤ ਵਾਲੀਆ, ਚੇਅਰਮੈਨ ਇੰਮਪਰੂਵਮੈਂਟ ਟਰਸਟ ਮੱਖਣ ਸ਼ਰਮਾ, ਆਰ.ਟੀ.ਏ. ਕਰਨਬੀਰ ਸਿੰਘ ਛੀਨਾ, ਜੀ.ਐਮ. ਪੀ.ਆਰ.ਟੀ.ਸੀ. ਐਮ.ਪੀ. ਸਿੰਘ ਵੀ ਮੌਜੂਦ ਸਨ।

Spread the love