ਬਠਿੰਡਾ, 10 ਨਵੰਬਰ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੀ ਯੁਵਾ ਚਿਹਰਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਸੂਤਰਾਂ ਮੁਤਾਬਕ ਉਹ ਕਾਂਗਰਸ ਨਾਲ ਹੱਥ ਮਿਲਾ ਸਕਦੀ ਹੈ। ਰੁਪਿੰਦਰ ਕੌਰ ਰੂਬੀ ਨੇ ਸੋਸ਼ਲ ਮੀਡੀਆ ‘ਤੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਹੈ।

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਸੰਬੋਧਿਤ ਇੱਕ ਫੇਸਬੁੱਕ ਪੋਸਟ ਵਿੱਚ, ਉਨ੍ਹਾਂ ਲਿਖਿਆ, “ਮੈਂ ਰੁਪਿੰਦਰ ਕੌਰ ਰੂਬੀ ਵਿਧਾਇਕ ਹਲਕਾ ਬਠਿੰਡਾ ਦਿਹਾਤੀ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਤੁਰੰਤ ਅਸਤੀਫਾ ਦਿੰਦੀ ਹਾਂ। ਕਿਰਪਾ ਕਰਕੇ ਮੇਰਾ ਅਸਤੀਫਾ ਸਵੀਕਾਰ ਕਰੋ।” ਉਨ੍ਹਾਂ ਇਸ ਬਾਰੇ ਟਵੀਟ ਵੀ ਕੀਤਾ।

ਜਾਣਕਾਰੀ ਮੁਤਾਬਕ ਪਾਰਟੀ ਭਗਵੰਤ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਨਹੀਂ ਬਣਾ ਰਹੀ, ਜਿਸ ਦੇ ਵਿਰੋਧ ‘ਚ ਰੁਪਿੰਦਰ ਰੂਬੀ ਨੇ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਹੀ ਰੁਪਿੰਦਰ ਭਗਵੰਤ ਮਾਨ ਦੀ ਹਮਾਇਤ ‘ਚ ਸਾਹਮਣੇ ਆਈ ਸੀ ਅਤੇ ਕਿਹਾ ਸੀ ਕਿ ਜੇਕਰ ਪਾਰਟੀ ਨੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਾ ਕੀਤਾ ਤਾਂ ਆਉਣ ਵਾਲੀਆਂ ਚੋਣਾਂ ‘ਚ ਨੁਕਸਾਨ ਹੋ ਸਕਦਾ ਹੈ। ਸੂਬੇ ਵਿੱਚ ਆਮ ਆਦਮੀ ਦੀ ਸਰਕਾਰ ਬਣਾਉਣੀ ਵੀ ਔਖੀ ਹੋ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਭਗਵੰਤ ਮਾਨ ਦੇ ਨਾਲ ਹਨ। ਜਦੋਂ ਤੱਕ ਉਹ ਪਾਰਟੀ ਵਿੱਚ ਹੈ, ਉਹ ਵੀ ਪਾਰਟੀ ਵਿੱਚ ਰਹੇਗੀ।

ਮੰਗਲਵਾਰ ਨੂੰ ਰੁਪਿੰਦਰ ਕੌਰ ਰੂਬੀ ਨੇ ਕਿਹਾ ਸੀ ਕਿ ਪਾਰਟੀ ਦੀ ਲੀਡਰਸ਼ਿਪ 2017 ਦੀ ਗਲਤੀ ਨੂੰ ਮੁੜ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਜਦਕਿ ਸਾਨੂੰ ਉਨ੍ਹਾਂ ਗ਼ਲਤੀਆਂ ਤੋਂ ਸਿੱਖਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਹਰ ਵਰਕਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਦੇਖਣਾ ਚਾਹੁੰਦਾ ਹੈ। ਜੇਕਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਨਾ ਬਣਾਇਆ ਗਿਆ ਤਾਂ ਇਸ ਨਾਲ ਪਾਰਟੀ ਨੂੰ ਹੀ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਸੀ ਕਿ ਪਾਰਟੀ ਵਰਕਰ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਨਾ ਬਣਾਏ ਜਾਣ ਤੋਂ ਨਾਰਾਜ਼ ਹਨ। ਇਸ ਤੋਂ ਪਹਿਲਾਂ ਵੀ ਉਹ ਲਗਾਤਾਰ ਭਗਵੰਤ ਮਾਨ ਦੇ ਹੱਕ ਵਿੱਚ ਬਿਆਨਬਾਜ਼ੀ ਕਰਦੇ ਰਹੇ ਹਨ।

Spread the love