ਨਵੀਂ ਦਿੱਲੀ, 26 ਨਵੰਬਰ

ਕਾਂਗਰਸ ਨੇ ਆਪਣੇ ਲੋਕ ਸਭਾ ਮੈਂਬਰਾਂ ਲਈ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਹੈ। ਜਿਸ ‘ਚ ਉਨ੍ਹਾਂ ਨੂੰ 29 ਨਵੰਬਰ ਨੂੰ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ ਹੋਣ ‘ਤੇ ਸਦਨ ‘ਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਪਹਿਲਾਂ, ਭਾਜਪਾ ਨੇ ਵੀ ਵੀਰਵਾਰ ਨੂੰ ਆਪਣੇ ਰਾਜ ਸਭਾ ਸੰਸਦ ਮੈਂਬਰਾਂ ਨੂੰ ਤਿੰਨ ਲਾਈਨਾਂ ਵਾਲਾ ਵ੍ਹਿਪ ਜਾਰੀ ਕੀਤਾ ਸੀ, ਜਿਸ ਵਿੱਚ ਉਨ੍ਹਾਂ ਨੂੰ 29 ਨਵੰਬਰ ਨੂੰ ਸਦਨ ਵਿੱਚ ਹਾਜ਼ਰ ਹੋਣ ਦਾ ਨਿਰਦੇਸ਼ ਦਿੱਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਸੰਸਦ ਦੇ ਸੈਸ਼ਨ ਦੇ ਪਹਿਲੇ ਦਿਨ ਸਰਕਾਰ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਪੇਸ਼ ਕਰ ਸਕਦੀ ਹੈ।

ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (ਸੀਸੀਪੀਏ) ਨੇ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤੱਕ ਕਰਾਉਣ ਦੀ ਸਿਫ਼ਾਰਸ਼ ਕੀਤੀ ਹੈ। ਪਿਛਲੇ ਡੇਢ ਸਾਲ ਵਿੱਚ ਹੋਏ ਸੰਸਦ ਦੇ ਸੈਸ਼ਨਾਂ ਦੀ ਤਰ੍ਹਾਂ ਸਰਦ ਰੁੱਤ ਸੈਸ਼ਨ ਵੀ ਕੋਵਿਡ-19 ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਆਯੋਜਿਤ ਕੀਤਾ ਜਾਵੇਗਾ। ਸੈਸ਼ਨ ਦੌਰਾਨ ਲਗਭਗ 20 ਮੀਟਿੰਗਾਂ ਹੋਣਗੀਆਂ।’

ਕੋਵਿਡ-19 ਮਹਾਮਾਰੀ ਕਾਰਨ ਪਿਛਲੇ ਸਾਲ ਸੰਸਦ ਦਾ ਸਰਦ ਰੁੱਤ ਸੈਸ਼ਨ ਨਹੀਂ ਹੋਇਆ ਸੀ ਅਤੇ ਬਜਟ ਸੈਸ਼ਨ ਅਤੇ ਮਾਨਸੂਨ ਸੈਸ਼ਨ ਨੂੰ ਵੀ ਛੋਟਾ ਕਰ ਦਿੱਤਾ ਗਿਆ ਸੀ। ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਵਾਲੀ ਸੀਸੀਪੀਏ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ 29 ਨਵੰਬਰ ਤੋਂ 23 ਦਸੰਬਰ ਤੱਕ ਦੀ ਤਾਰੀਕ ਦੀ ਸਿਫ਼ਾਰਸ਼ ਕੀਤੀ ਸੀ। ਸੰਸਦ ਦੇ ਦੋਵੇਂ ਸਦਨਾਂ (ਰਾਜ ਸਭਾ ਅਤੇ ਲੋਕ ਸਭਾ) ਦੀ ਕਾਰਵਾਈ ਨਾਲੋ-ਨਾਲ ਚੱਲੇਗੀ ਅਤੇ ਸੰਸਦ ਮੈਂਬਰਾਂ ਨੂੰ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ।

ਇਨ੍ਹਾਂ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ

ਇਹ ਸੈਸ਼ਨ ਇਸ ਲਈ ਵੀ ਮਹੱਤਵ ਰੱਖਦਾ ਹੈ ਕਿਉਂਕਿ ਇਹ ਸਿਆਸੀ ਤੌਰ ‘ਤੇ ਬਹੁਤ ਮਹੱਤਵਪੂਰਨ ਮੰਨੇ ਜਾਂਦੇ ਉੱਤਰ ਪ੍ਰਦੇਸ਼ ਸਮੇਤ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਯੋਜਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਮਹਿੰਗਾਈ, ਈਂਧਨ ਦੀਆਂ ਕੀਮਤਾਂ ਵਿਚ ਵਾਧਾ, ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਵਾਧਾ, ਕਸ਼ਮੀਰ ਵਿਚ ਆਮ ਲੋਕਾਂ ‘ਤੇ ਅੱਤਵਾਦੀ ਹਮਲੇ, ਲਖੀਮਪੁਰ ਖੇੜੀ ਹਿੰਸਾ ਜਿਸ ਵਿਚ ਕਿਸਾਨਾਂ ਦੀ ਮੌਤ ਹੋਈ ਅਤੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਸ਼ਾਮਲ ਹੈ। ਜਿਸ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਸੰਭਾਵਨਾ ਹੈ।

ਸੰਸਦ ਦਾ ਮਾਨਸੂਨ ਸੈਸ਼ਨ ਵਿਰੋਧੀ ਧਿਰ ਦੇ ਹੰਗਾਮੇ ਨਾਲ ਪ੍ਰਭਾਵਿਤ ਹੋਇਆ, ਜਿਸ ਨੇ ਪੈਗਾਸਸ ਜਾਸੂਸੀ ਮੁੱਦੇ ‘ਤੇ ਸਰਕਾਰ ਤੋਂ ਜਵਾਬ ਮੰਗਿਆ ਅਤੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ।

29 ਨਵੰਬਰ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਵਿੱਚ ਕਿਸੇ ਵੀ ਮਹਿਮਾਨ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ, ਆਉਣ ਵਾਲੇ ਸੈਸ਼ਨ ਵਿੱਚ ਦੋਵਾਂ ਸਦਨਾਂ ਵਿੱਚ ਵਿਜ਼ਟਰ ਗੈਲਰੀ ਬੰਦ ਰਹੇਗੀ। ਦੋਵਾਂ ਸਦਨਾਂ ਦੇ ਸਕੱਤਰੇਤ ਦੇ ਅਧਿਕਾਰੀਆਂ ਨੇ ਪੱਤਰ ਲਿਖ ਕੇ ਆਉਣ ਵਾਲੇ ਸੈਸ਼ਨ ਦੌਰਾਨ ਦਰਸ਼ਕਾਂ ਲਈ ਗੈਲਰੀ ਨਾ ਹੋਣ ਦੀ ਜਾਣਕਾਰੀ ਦਿੱਤੀ ਹੈ।

Spread the love