ਚੰਡੀਗੜ੍ਹ, 23 ਦਸੰਬਰ

ਪੰਜਾਬ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਦੇ ਟੀਕਾਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਅੱਜ ਕਰੋਨਾ ਟੀਕਾਕਰਨ ਨਾ ਕਰਵਾਉਣ ਵਾਲੇ ਮੁਲਾਜ਼ਮਾਂ ਦੀ ਤਨਖਾਹ ਰੋਕਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਟੀਕਾਕਰਨ ਨਾ ਕਰਵਾਉਣ ਵਾਲੇ ਮੁਲਾਜ਼ਮਾਂ ਦੀ ਤਨਖਾਹ ਰੋਕ ਦਿੱਤੀ ਜਾਵੇਗੀ। ਜਿਸ ਸਬੰਧੀ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸਾਰੇ ਕਰਮਚਾਰੀਆਂ ਲਈ ਟੀਕਾ ਲਗਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਨੰਬਰ ਆਈ.ਐਚ.ਆਰ.ਐਮ.ਐਲ ਪੋਰਟਲ ‘ਤੇ ਦਰਜ ਕਰਨਾ ਹੋਵੇਗਾ। ਸਰਕਾਰੀ ਕਰਮਚਾਰੀਆਂ ਵੱਲੋਂ ਦਿੱਤੀ ਜਾਣਕਾਰੀ ਦਰਜ ਨਾ ਕਰਨ ਵਾਲੇ ਮੁਲਾਜ਼ਮ ਦੀ ਤਨਖਾਹ ਨਹੀਂ ਦਿੱਤੀ ਜਾਵੇਗੀ। ਹਰ ਕਰਮਚਾਰੀ ਨੂੰ ਆਪਣੇ ਟੀਕਾਕਰਨ ਬਾਰੇ ਜਾਣਕਾਰੀ ਦੇਣੀ ਪਵੇਗੀ।

ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪਹਿਲਾ ਓਮੀਕਰੋਨ ਸੰਕਰਮਿਤ ਪਾਇਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਹਾਈ ਰਿਸਕ ਵਾਲੇ ਦੇਸ਼ਾਂ ਤੋਂ 1 ਹਜ਼ਾਰ ਹੋਰ ਲੋਕ ਸੂਬੇ ‘ਚ ਪਹੁੰਚੇ ਹਨ। ਇਨ੍ਹਾਂ ਵਿੱਚੋਂ ਹੁਣ ਚਾਰ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ।

ਇਸ ਦੇ ਨਾਲ ਹੀ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਸੋਮਵਾਰ ਨੂੰ ਪੰਜਾਬ ਵਿੱਚ 27 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਇੱਕ ਵਿਅਕਤੀ ਦੀ ਮੌਤ ਹੋ ਗਈ। ਇਸ ਨਾਲ ਪੰਜਾਬ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 6,03,986 ਹੋ ਗਈ ਹੈ। ਨਵੇਂ ਕੇਸਾਂ ਵਿੱਚੋਂ 10 ਮਾਮਲੇ ਜਲੰਧਰ, 6 ਪਠਾਨਕੋਟ ਅਤੇ 3 ਫਤਿਹਗੜ੍ਹ ਸਾਹਿਬ ਤੋਂ ਸਾਹਮਣੇ ਆਏ ਹਨ। ਐਕਟਿਵ ਕੇਸਾਂ ਦੀ ਕੁੱਲ ਗਿਣਤੀ 298 ਹੈ। ਸੂਬੇ ਵਿੱਚ 44 ਲੋਕ ਕੋਰੋਨਾ ਮੁਕਤ ਹੋ ਗਏ ਹਨ। ਇਸ ਦੇ ਨਾਲ ਹੀ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 5,87,058 ਹੋ ਗਈ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕਰੋਨਾ ਵਾਇਰਸ ਦੇ 14 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਰਾਜਧਾਨੀ ਵਿੱਚ ਕੁੱਲ ਕੇਸਾਂ ਦੀ ਗਿਣਤੀ 65,717 ਹੋ ਗਈ ਹੈ। ਇਸ ਦੇ ਨਾਲ ਹੀ ਇੱਕ ਹੋਰ ਮੌਤ ਨਾਲ ਕੁੱਲ ਅੰਕੜਾ 1078 ਹੋ ਗਿਆ ਹੈ। ਚੰਡੀਗੜ੍ਹ ਵਿੱਚ ਇਸ ਸਮੇਂ ਕੁੱਲ 100 ਐਕਟਿਵ ਕੇਸ ਹਨ। ਇਸ ਦੇ ਨਾਲ ਹੀ ਸ਼ਹਿਰ ਵਿੱਚ ਹੁਣ ਤੱਕ 64,539 ਲੋਕ ਠੀਕ ਹੋ ਚੁੱਕੇ ਹਨ। ਹੁਣ ਸਰਕਾਰੀ ਮੁਲਾਜ਼ਮਾਂ ਸਬੰਧੀ ਲਏ ਗਏ ਫੈਸਲੇ ਤੋਂ ਸਪੱਸ਼ਟ ਹੈ ਕਿ ਪੰਜਾਬ ਸਰਕਾਰ ਯੋਗ ਵਿਅਕਤੀਆਂ ਦਾ ਟੀਕਾਕਰਨ ਜਲਦੀ ਤੋਂ ਜਲਦੀ ਮੁਕੰਮਲ ਕਰਨਾ ਚਾਹੁੰਦੀ ਹੈ।

Spread the love