ਨਵੀਂ ਦਿੱਲੀ, 24 ਦਸੰਬਰ

ਪੰਜਾਬ ‘ਚ 2022 ਦੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਪਾਰਟੀ ਸੰਸਦ ਮੈਂਬਰਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕੀਤੀ ਅਤੇ ਮੌਜੂਦਾ ਸਿਆਸੀ ਸਥਿਤੀ ‘ਤੇ ਚਰਚਾ ਕੀਤੀ। ਇਸ ਮੀਟਿੰਗ ਦੌਰਾਨ ਸੰਸਦ ਮੈਂਬਰਾਂ ਨੇ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਹੋਏ ਬੰਬ ਧਮਾਕੇ ਅਤੇ ਮੌਬ ਲਿੰਚਿੰਗ ਦੀਆਂ ਤਾਜ਼ਾ ਘਟਨਾਵਾਂ ਸਮੇਤ ਕਈ ਮੁੱਦੇ ਚੁੱਕੇ। ਸੋਨੀਆ ਗਾਂਧੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੀਆਂ ਸੰਭਾਵਨਾਵਾਂ ਬਾਰੇ ਸੰਸਦ ਮੈਂਬਰਾਂ ਤੋਂ ਉਨ੍ਹਾਂ ਦੇ ਵਿਚਾਰ ਮੰਗੇ।

ਜਾਣਕਾਰੀ ਮੁਤਾਬਿਕ ਮੀਟਿੰਗ ਵਿੱਚ ਸੰਸਦ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬੇ ਦੇ ਗ੍ਰਹਿ ਮੰਤਰੀ ਦੀ ਲਿੰਚਿੰਗ ਦੀਆਂ ਘਟਨਾਵਾਂ ਦੀ ਨਿੰਦਾ ਨਾ ਕਰਨ ਲਈ ਆਲੋਚਨਾ ਕੀਤੀ। ਸੰਸਦ ਮੈਂਬਰਾਂ ਨੇ ਸੂਬੇ ਵਿੱਚ ਖਾੜਕੂਵਾਦ ਦੇ ਇਤਿਹਾਸ ਦਾ ਹਵਾਲਾ ਦਿੰਦੇ ਹੋਏ ਫਿਰਕੂ ਸ਼ਾਂਤੀ ਬਣਾਈ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਈ।

ਮੀਟਿੰਗ ਵਿੱਚ ਅਮਨ-ਕਾਨੂੰਨ ਅਤੇ ਸੁਰੱਖਿਆ ਦੇ ਮੁੱਦਿਆਂ ਤੋਂ ਇਲਾਵਾ ਸਰਕਾਰ ਦੀਆਂ ਚੁਣੌਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਵਿਜ਼ਨ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਵਿੱਚ ਮੌਜੂਦ ਇੱਕ ਸੰਸਦ ਮੈਂਬਰ ਨੇ ਦੱਸਿਆ,“ਆਗੂਆਂ ਨੇ ਸੁਝਾਅ ਦਿੱਤਾ ਕਿ ਸਰਕਾਰ ਅਤੇ ਪਾਰਟੀ ਵਿੱਚ ਤਾਲਮੇਲ ਸੁਧਾਰਨ ਦੀ ਲੋੜ ਹੈ ਕਿਉਂਕਿ ਕਈ ਵਾਰ ਪੰਜਾਬ ਕਾਂਗਰਸ ਪ੍ਰਧਾਨ (ਨਵਜੋਤ ਸਿੰਘ ਸਿੱਧੂ) ਦੇ ਬਿਆਨਾਂ ਕਾਰਨ ਸਰਕਾਰ ਨੂੰ ਨੁਕਸਾਨ ਝੱਲਣਾ ਪਿਆ ਹੈ। “

ਇਹ ਮੀਟਿੰਗ ਉਸ ਸਮੇਂ ਹੋਈ ਹੈ ਜਦੋਂ ਹਾਲ ਹੀ ਵਿੱਚ ਪਾਰਟੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ ਸੀ ਅਤੇ ਇਹ ਫੈਸਲਾ ਲਿਆ ਗਿਆ ਸੀ ਕਿ ਕਾਂਗਰਸ ਇੱਕ ਪਰਿਵਾਰ ਵਿੱਚੋਂ ਇੱਕ ਹੀ ਮੈਂਬਰ ਨੂੰ ਟਿਕਟ ਦੇਵੇਗੀ। ਇਸ ਮੀਟਿੰਗ ਤੋਂ ਬਾਅਦ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਕਿਹਾ, “ਸਕਰੀਨਿੰਗ ਕਮੇਟੀ ਨੇ ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ਲਈ ਉਮੀਦਵਾਰੀ ਬਾਰੇ ਚਰਚਾ ਕੀਤੀ ਅਤੇ ਰਣਨੀਤੀ ਬਣਾਈ ਗਈ। ਇਸ ਵਿੱਚ ਫੈਸਲਾ ਕੀਤਾ ਗਿਆ ਕਿ ਇੱਕ ਪਰਿਵਾਰ ਦੇ ਇੱਕ ਮੈਂਬਰ ਨੂੰ ਹੀ ਪਾਰਟੀ ਟਿਕਟ ਦਿੱਤੀ ਜਾਵੇਗੀ।

ਦੱਸਦੇਈਏ ਕਿ ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਹਨ, ਭਾਵ ਬਹੁਮਤ ਦਾ ਅੰਕੜਾ 59 ਹੈ। 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਇਕੱਲਿਆਂ 77 ਸੀਟਾਂ ਜਿੱਤ ਕੇ ਸਰਕਾਰ ਬਣਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਕੈਪਟਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਬੇ ਸਮੇਂ ਤੱਕ ਟਕਰਾਅ ਤੋਂ ਬਾਅਦ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਹੁਣ ਆਪਣੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਬਣਾ ਕੇ ਚੋਣ ਲੜਨ ਦਾ ਫੈਸਲਾ ਕੀਤਾ ਹੈ।

Spread the love