ਫ਼ਿਰੋਜ਼ਪੁਰ, 5 ਜਨਵਰੀ

ਪੰਜਾਬ ਵਿੱਚ ਸੜਕੀ ਯਾਤਰਾ ਕਰ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਵੱਡੀ ਖਾਮੀ ਸਾਹਮਣੇ ਆਈ ਹੈ। ਉਹ ਕੁਝ ਪ੍ਰਦਰਸ਼ਨਕਾਰੀਆਂ ਕਾਰਨ ਫਲਾਈਓਵਰ ‘ਤੇ 15-20 ਮਿੰਟ ਤੱਕ ਫ਼ਸੇ ਰਹੇ, ਇਸ ਘਟਨਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੱਖਿਆ ‘ਚ ‘ਵੱਡੀ ਕਮੀ’ ਦੱਸਿਆ ਹੈ। ਇਸ ਦੌਰਾਨ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਬਠਿੰਡਾ ਹਵਾਈ ਅੱਡੇ ‘ਤੇ ਪਰਤਣ ਤੋਂ ਬਾਅਦ ਪੀਐਮ ਮੋਦੀ ਨੇ ਉਥੇ (ਪੰਜਾਬ) ਦੇ ਅਧਿਕਾਰੀਆਂ ਨੂੰ ਕਿਹਾ, “ਤੁਹਾਡੇ ਮੁੱਖ ਮੰਤਰੀ ਦਾ ਧੰਨਵਾਦ ਕਿ ਮੈਂ ਬਠਿੰਡਾ ਹਵਾਈ ਅੱਡੇ ਤੱਕ ਜ਼ਿੰਦਾ ਪਰਤਣ ਵਿੱਚ ਕਾਮਯਾਬ ਰਿਹਾ।”

ਪ੍ਰਧਾਨ ਮੰਤਰੀ ਮੋਦੀ ਸੜਕ ਤੋਂ ਜਾਂਦੇ ਸਮੇਂ 15 ਤੋਂ 20 ਮਿੰਟ ਤੱਕ ਫਲਾਈਓਵਰ ‘ਤੇ ਫਸ ਗਏ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਸੜਕ ਜਾਮ ਕਰ ਦਿੱਤੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਘਟਨਾ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ‘ਗੰਭੀਰ ਕੁਤਾਹੀ’ ਕਰਾਰ ਦਿੱਤਾ ਹੈ। ਗ੍ਰਹਿ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੇ ਪੰਜਾਬ ਫੇਰੀ ਦੌਰਾਨ ਸੁਰੱਖਿਆ ਦੀ ਗੰਭੀਰ ਉਲੰਘਣਾ ਤੋਂ ਬਾਅਦ ਵਾਪਸ ਪਰਤਣ ਦਾ ਫੈਸਲਾ ਕੀਤਾ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਇਸ ਕੁਤਾਹੀ ਲਈ ਜਵਾਬਦੇਹੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਕਿਹਾ ਹੈ।

ਪ੍ਰਧਾਨ ਮੰਤਰੀ ਬਠਿੰਡਾ ਤੋਂ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦ ਸਮਾਰਕ ‘ਤੇ ਜਾ ਰਹੇ ਸਨ, ਜਦੋਂ ਇਹ ਘਟਨਾ ਵਾਪਰੀ। ਇਸ ਦੌਰਾਨ ਮਾਂਡਵੀਆ ਨੇ ਕਿਹਾ, ”ਪ੍ਰਧਾਨ ਮੰਤਰੀ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦੇ ਸਨ ਪਰ ਕਿਸੇ ਕਾਰਨ ਉਹ ਅੱਜ ਸਾਡੇ ਵਿਚਕਾਰ ਨਹੀਂ ਆ ਸਕੇ। ਪ੍ਰਧਾਨ ਮੰਤਰੀ ਦੀ ਤੁਹਾਨੂੰ ਸਾਰਿਆਂ ਨੂੰ ਮਿਲਣ ਦੀ ਬਹੁਤ ਇੱਛਾ ਸੀ… ਉਨ੍ਹਾਂ ਕਿਹਾ ਹੈ ਕਿ ਪ੍ਰੋਗਰਾਮ ਰੱਦ ਨਹੀਂ ਕੀਤਾ ਗਿਆ ਸਗੋਂ ਮੁਲਤਵੀ ਕਰ ਦਿੱਤਾ ਗਿਆ ਹੈ।” ਮੋਦੀ ਦੋ ਸਾਲਾਂ ਦੇ ਵਕਫ਼ੇ ਤੋਂ ਬਾਅਦ ਅੱਜ ਪੰਜਾਬ ਪੁੱਜੇ ਸਨ। ਵਿਵਾਦਗ੍ਰਸਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਰਾਜ ਵਿੱਚ ਇਹ ਉਨ੍ਹਾਂ ਦੀ ਪਹਿਲੀ ਫੇਰੀ ਸੀ। ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਨੇ ਲਗਭਗ ਇਕ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕੀਤਾ ਸੀ।

ਪ੍ਰਧਾਨ ਮੰਤਰੀ ਨੇ ਫਿਰੋਜ਼ਪੁਰ ਵਿੱਚ ਚੰਡੀਗੜ੍ਹ ਸਥਿਤ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐਮਈਆਰ) ਦੇ ਸੈਟੇਲਾਈਟ ਸੈਂਟਰ ਅਤੇ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਸਮੇਤ 42,750 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿੱਚ ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨਾ, ਮੁਕੇਰੀਆਂ-ਤਲਵਾੜਾ ਰੇਲਵੇ ਲਾਈਨ ਦਾ ਗੇਜ ਬਦਲਣਾ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਸ਼ਾਮਲ ਹੈ। ਪ੍ਰੋਗਰਾਮ ਤੋਂ ਬਾਅਦ ਪ੍ਰਧਾਨ ਮੰਤਰੀ ਇੱਕ ਰੈਲੀ ਨੂੰ ਵੀ ਸੰਬੋਧਨ ਕਰਨ ਵਾਲੇ ਸਨ। ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਪੰਜਾਬ ਦੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਕਿਸੇ ਕਾਰਨ ਕਰਕੇ ਮੁਲਤਵੀ ਕਰ ਦਿੱਤੀ ਗਈ ਹੈ।

Spread the love