ਨਵੀਂ ਦਿੱਲੀ, 7 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕੇਂਦਰੀ ਕਮੇਟੀ ਪੰਜਾਬ ਦੇ ਫਿਰੋਜ਼ਪੁਰ ਪਹੁੰਚੀ। ਜਾਂਚ ਕਮੇਟੀ ਫਿਰੋਜ਼ਪੁਰ-ਮੋਗਾ ਮੁੱਖ ਮਾਰਗ ’ਤੇ ਪਹੁੰਚੀ। ਉਨ੍ਹਾਂ ਨੇ ਉਸ ਥਾਂ ਦੀ ਵੀ ਜਾਂਚ ਪੜਤਾਲ ਕੀਤੀ। ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਫਲਾਈਓਵਰ ‘ਤੇ ਫਸਿਆ ਹੋਇਆ ਸੀ।

ਕੈਬਨਿਟ ਸਕੱਤਰੇਤ ਦੇ ਸਕੱਤਰ (ਸੁਰੱਖਿਆ) ਸੁਧੀਰ ਕੁਮਾਰ ਸਕਸੈਨਾ, ਆਈਬੀ ਦੇ ਜੁਆਇੰਟ ਡਾਇਰੈਕਟਰ ਬਲਬੀਰ ਸਿੰਘ, ਐਸਪੀਜੀ ਦੇ ਇੰਸਪੈਕਟਰ ਜਨਰਲ ਐਸ ਸੁਰੇਸ਼ ਜਾਂਚ ਕਮੇਟੀ ਦੇ ਮੈਂਬਰ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਦੀ ਰਿਪੋਰਟ ਕੇਂਦਰ ਨੂੰ ਭੇਜ ਦਿੱਤੀ ਹੈ।

ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾਰੀ ਨੇ ਕੇਂਦਰ ਸਰਕਾਰ ਨੂੰ ਇੱਕ ਰਿਪੋਰਟ ਸੌਂਪੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਘਟਨਾ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਸੂਬਾ ਸਰਕਾਰ ਨੇ ਗਲਤੀਆਂ ਦੀ ਜਾਂਚ ਲਈ ਦੋ ਮੈਂਬਰੀ ਪੈਨਲ ਦਾ ਗਠਨ ਕੀਤਾ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੂੰ ਪ੍ਰਧਾਨ ਮੰਤਰੀ ਦੇ ਸੜਕੀ ਰਸਤੇ ਜਾਣ ਦੀ ਜਾਣਕਾਰੀ ਨਹੀਂ ਸੀ।

ਪ੍ਰਧਾਨ ਮੰਤਰੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ‘ਚ ਖਾਮੀਆਂ ਦੀ ਬਾਰੀਕੀ ਨਾਲ ਜਾਂਚ ਲਈ ਪੰਜਾਬ ਸਰਕਾਰ ਨੇ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਹੈ।ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸੇਵਾਮੁਕਤ ਜਸਟਿਸ ਮਹਿਤਾਬ ਸਿੰਘ ਗਿੱਲ ਅਤੇ ਗ੍ਰਹਿ ਅਤੇ ਕਾਨੂੰਨ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰਨਗੇ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਇੰਨੀ ਵੱਡੀ ਢਿੱਲ ਕਿਵੇਂ ਹੋਈ। ਹੁਸੈਨੀਵਾਲਾ ਨੂੰ ਜਾਂਦੇ ਸਮੇਂ ਪੀਐਮ ਮੋਦੀ ਦੇ ਕਾਫਲੇ ਦੇ ਪ੍ਰਦਰਸ਼ਨਕਾਰੀਆਂ ਵਿਚਕਾਰ ਫਸ ਜਾਣ ਦੀ ਘਟਨਾ ਨੂੰ ਲੈ ਕੇ ਸਿਆਸੀ ਹੰਗਾਮਾ ਹੋ ਗਿਆ। ਭਾਜਪਾ ਨੇ ਕਾਂਗਰਸ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਜਾਨ ਨੂੰ ਖਤਰੇ ‘ਚ ਪਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ।

ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਤੁਰੰਤ ਰਿਪੋਰਟ ਤਲਬ ਕਰਕੇ ਜ਼ਿੰਮੇਵਾਰੀ ਤੈਅ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਸਨ। ਹਾਲਾਂਕਿ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸੁਰੱਖਿਆ ਪ੍ਰਬੰਧਾਂ ‘ਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਇਸ ਪਿੱਛੇ ਕਿਸੇ ਸਿਆਸੀ ਉਦੇਸ਼ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਜਾਂਚ ਲਈ ਤਿਆਰ ਹੈ।

Spread the love