ਚੰਡੀਗੜ੍ਹ, 10 ਜਨਵਰੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਪੈਸੇ ਲੈ ਕੇ ਟਿਕਟਾਂ ਵੇਚੀਆਂ ਹਨ, ਜਿਸ ਕਾਰਨ ਕਿਸਾਨ ਜਥੇਬੰਦੀਆਂ ਵੀ ਉਨ੍ਹਾਂ ਨਾਲ ਨਹੀਂ ਜੁੜੀਆਂ। ਬਾਦਲ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਚੋਣ ਲੜਨ ਦੇ ਫੈਸਲੇ ਨਾਲ ਸਿਆਸੀ ਪਾਰਟੀਆਂ ਨੂੰ ਨੁਕਸਾਨ ਹੋਵੇਗਾ ਜਾਂ ਨਹੀਂ, ਇਹ ਪੰਜਾਬ ਦੇ ਲੋਕ ਹੀ ਤੈਅ ਕਰਨਗੇ।

ਬਾਦਲ ਨੇ ਕਿਹਾ ਕਿ ਹੁਣ ਕਿਸਾਨ ਜਥੇਬੰਦੀਆਂ ਦੀ ਅਗਵਾਈ ਕਰ ਰਹੇ ਬਲਬੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਦੇ ਉਨ੍ਹਾਂ ਆਗੂਆਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ, ਜੋ ਪੰਜਾਬ ਵਿੱਚ ਪੈਸੇ ਲੈ ਕੇ ਟਿਕਟਾਂ ਦੇਣ ਵਿੱਚ ਲੱਗੇ ਹੋਏ ਹਨ। ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਤਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨਾਲ ਗਠਜੋੜ ਤੋਂ ਇਨਕਾਰ ਕਰ ਦਿੱਤਾ।

ਇਸ ਤੋਂ ਪਹਿਲਾਂ ਵੀ ਅਕਾਲੀ ਦਲ ਦੇ ਮੁਖੀ ਨੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਕਿਹਾ ਸੀ ਕਿ ਸੂਬੇ ਦੀ ਜਨਤਾ ਨੂੰ ਕੇਜਰੀਵਾਲ ‘ਤੇ ਭਰੋਸਾ ਨਹੀਂ ਹੈ, ਉਨ੍ਹਾਂ ਦੇ ਅੱਧੇ ਵਿਧਾਇਕ ਉਨ੍ਹਾਂ ਨੂੰ ਛੱਡ ਚੁੱਕੇ ਹਨ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਅਤੇ ਚੋਣ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

Spread the love