ਨਵੀਂ ਦਿੱਲੀ, 20 ਜਨਵਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ।

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੀਤੇ ਕੱਲ੍ਹ ਕਰੋਨਾ ਪਾਜ਼ੀਟਿਵ ਪਾਏ ਗਏ ਸਨ। ਜਿਸ ਤੋਂ ਬਾਅਦ ਉਹ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖਲ ਹਨ।

ਮਿਲੀ ਜਾਣਕਾਰੀ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨਾਲ ਕਰੀਬ ਡੇਢ ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਬਕਾ ਮੁੱਖ ਮੰਤਰੀ ਦੀ ਸਿਹਤ ਦਾ ਢੁੱਕਵਾਂ ਧਿਆਨ ਰੱਖਿਆ ਜਾਵੇ।

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੈ ਅਤੇ ਉਨ੍ਹਾਂ ਦੀ ਪਾਰਟੀ ਇੱਕ ਵਾਰ ਫਿਰ ਸਾਬਕਾ ਮੁੱਖ ਮੰਤਰੀ ਨੂੰ ਚੋਣ ਲੜਾਉਣ ਦੀ ਤਿਆਰੀ ਕਰ ਰਹੀ ਹੈ। ਉਹ ਲੰਮੇ ਸਮੇਂ ਤੋਂ ਵਿਧਾਨ ਸਭਾ ਚੋਣ ਲੜਨ ਦੀ ਤਿਆਰੀ ਕਰ ਰਹੇ ਸਨ। ਪਿਛਲੇ ਕੁਝ ਦਿਨਾਂ ਤੋਂ ਉਹ ਖੁਦ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਸਨ। ਹੁਣ ਉਨ੍ਹਾਂ ਦੇ ਬੀਮਾਰ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਚਿੰਤਤ ਹਨ। ਉਨ੍ਹਾਂ ਨੂੰ ਖੰਘ ਅਤੇ ਜ਼ੁਕਾਮ ਸੀ।

ਸਾਬਕਾ ਮੁੱਖ ਮੰਤਰੀ ਦੇ ਸਲਾਹਕਾਰ ਰਹੇ ਸੀਨੀਅਰ ਅਕਾਲੀ ਆਗੂ ਮਹੇਸ਼ਇੰਦਰ ਗਰੇਵਾਲ ਨੇ ਦੱਸਿਆ ਕਿ ਪ੍ਰਕਾਸ਼ ਬਾਦਲ ਨੂੰ ਪਿਛਲੇ 2-3 ਦਿਨਾਂ ਤੋਂ ਬੁਖਾਰ ਅਤੇ ਖੰਘ ਸੀ । ਜਿਸ ਕਾਰਨ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਦਯਾਨੰਦ ਹਸਪਤਾਲ ਲਿਆਂਦਾ ਗਿਆ। ਜਦੋਂ ਇੱਥੇ ਉਨ੍ਹਾਂ ਦੀ ਕਰੋਨਾ ਰਿਪੋਰਟ ਦੀ ਜਾਂਚ ਕੀਤੀ ਗਈ ਤਾਂ ਪਾਜ਼ੀਟਿਵ ਆਈ।

ਡੀਐਮਸੀ ਹਸਪਤਾਲ ਦੇ ਸੀਨੀਅਰ ਡਾਕਟਰ ਬਿਸ਼ਵ ਮੋਹਨ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਦੀ ਪਹਿਲੀ ਜਾਂਚ ਰਿਪੋਰਟ ਪਾਜ਼ੀਟਿਵ ਆਈ ਹੈ। ਆਰਟੀਪੀਸੀਆਰ ਦੀ ਰਿਪੋਰਟ ਜਾਂਚ ਲਈ ਭੇਜ ਦਿੱਤੀ ਗਈ ਹੈ। ਪ੍ਰਕਾਸ਼ ਸਿੰਘ ਬਾਦਲ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ। ਉਮੀਦ ਹੈ ਕਿ ਉਹ ਜਲਦੀ ਠੀਕ ਹੋ ਜਾਣਗੇ।

Spread the love