ਨਵੀਂ ਦਿੱਲੀ, 31 ਜਨਵਰੀ

5 ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੱਡੀਆਂ ਭੌਤਿਕ ਰੈਲੀਆਂ ‘ਤੇ ਪਾਬੰਦੀ ਫਿਲਹਾਲ ਜਾਰੀ ਰਹੇਗੀ। ਚੋਣ ਕਮਿਸ਼ਨ ਨੇ ਰੈਲੀਆਂ ‘ਤੇ ਪਾਬੰਦੀ 11 ਫਰਵਰੀ ਤੱਕ ਵਧਾ ਦਿੱਤੀ ਹੈ, ਪਰ ਕਈ ਪਾਬੰਦੀਆਂ ‘ਚ ਢਿੱਲ ਦਿੱਤੀ ਗਈ ਹੈ। ਚੋਣ ਕਮਿਸ਼ਨ ਮੁਤਾਬਕ ਖੁੱਲ੍ਹੀ ਥਾਂ ‘ਤੇ ਆਯੋਜਿਤ ਮੀਟਿੰਗ ‘ਚ 1000 ਲੋਕ ਸ਼ਾਮਲ ਹੋ ਸਕਦੇ ਹਨ।

ਇਸ ਤੋਂ ਇਲਾਵਾ ਇਨਡੋਰ ਮੀਟਿੰਗ ਵਿੱਚ 500 ਲੋਕ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਹੀ ਘਰ-ਘਰ ਪ੍ਰਚਾਰ ਕਰਨ ਵਿਚ ਵੀ ਢਿੱਲ ਦਿੱਤੀ ਗਈ ਹੈ। ਹੁਣ 20 ਲੋਕ ਘਰ-ਘਰ ਜਾ ਕੇ ਪ੍ਰਚਾਰ ਕਰ ਸਕਣਗੇ। ਦੱਸ ਦੇਈਏ ਕਿ ਅੱਜ ਕੇਂਦਰੀ ਚੋਣ ਕਮਿਸ਼ਨ ਨੇ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਦੇ ਮੁੱਦੇ ‘ਤੇ ਇੱਕ ਵਰਚੁਅਲ ਸਮੀਖਿਆ ਮੀਟਿੰਗ ਕੀਤੀ। ਚੋਣ ਰਾਜਾਂ – ਯੂਪੀ, ਪੰਜਾਬ, ਉੱਤਰਾਖੰਡ, ਗੋਆ ਅਤੇ ਮਨੀਪੁਰ – ਦੇ ਮੁੱਖ ਚੋਣ ਅਧਿਕਾਰੀ ਅਤੇ ਸਿਹਤ ਸਕੱਤਰ ਮੀਟਿੰਗ ਵਿੱਚ ਸ਼ਾਮਲ ਹੋਏ।

ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਚੋਣ ਕਮਿਸ਼ਨ ਨੇ ਫਿਜ਼ੀਕਲ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ 31 ਜਨਵਰੀ ਤੱਕ ਵਧਾ ਦਿੱਤੀ ਸੀ। ਚੋਣ ਕਮਿਸ਼ਨ ਵੱਲੋਂ ਕਿਸੇ ਵੀ ਰੋਡ ਸ਼ੋਅ, ਪੈਦਲ -ਯਾਤਰਾ, ਕਿਸੇ ਵੀ ਰੈਲੀ ਅਤੇ ਜਲੂਸ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ । ਚੋਣ ਕਮਿਸ਼ਨ ਨੇ 8 ਜਨਵਰੀ ਨੂੰ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਦੀਆਂ ਚੋਣਾਂ ਦੇ ਪ੍ਰੋਗਰਾਮ ਦੇ ਐਲਾਨ ਦੌਰਾਨ ਫਿਜ਼ੀਕਲ ਰੈਲੀਆਂ ਅਤੇ ਰੋਡ ਸ਼ੋਅ ‘ਤੇ ਪਾਬੰਦੀ ਲਗਾ ਦਿੱਤੀ ਸੀ।

Spread the love