ਚੰਡੀਗੜ੍ਹ, 17 ਫਰਵਰੀ

ਕਾਂਗਰਸ ਨੇਤਾ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਮੈਂ ”ਕਾਂਗਰਸ ਪਾਰਟੀ ਨਹੀਂ ਛੱਡਾਂਗਾ ਪਰ ਜੇਕਰ ਕੋਈ ਮੈਨੂੰ ਪਾਰਟੀ ‘ਚੋਂ ਧੱਕੇ ਮਾਰ ਕੇ ਬਾਹਰ ਕੱਢਣਾ ਚਾਹੁੰਦਾ ਹੈ ਤਾਂ ਇਹ ਵੱਖਰੀ ਗੱਲ ਹੈ।

ਤਿਵਾੜੀ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਕਿਰਾਏਦਾਰ ਥੋੜੀ ਨੇ… ਹਿੱਸੇਦਾਰ ਨੇ….. ਜੇ ਕੋਈ ਧੱਕਾ ਦੇ ਕੇ ਕੱਢੇਗਾ ਉਹ ਗੱਲ ਵੱਖਰੀ ਹੈ। ਉਹਨਾਂ ਕਿਹਾ ਕਿ ਮੈਂ 40 ਸਾਲ ਪਾਰਟੀ ਨੂੰ ਦਿੱਤੇ ਨੇ , ਮੇਰੇ ਪਰਿਵਾਰ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣਾ ਖੂਨ ਵਹਾਇਆ ਹੈ। ਦਰਅਸਲ, ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਪੰਜਾਬ ਤੋਂ ਸਾਬਕਾ ਸੰਸਦ ਮੈਂਬਰ ਅਸ਼ਵਨੀ ਕੁਮਾਰ ਨੇ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸ਼ਵਨੀ ਕੁਮਾਰ ਦੇ ਅਸਤੀਫੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕਾਂਗਰਸ ਪਾਰਟੀ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ। ਮਨੀਸ਼ ਤਿਵਾਰੀ ਨੇ ਕਿਹਾ ਸੀ ਕਿ ਇਹ ਮੰਦਭਾਗਾ ਹੈ ਕਿ ਅਸ਼ਵਨੀ ਕੁਮਾਰ ਨੂੰ ਇਹ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ, ਜਦੋਂ ਅਜਿਹਾ ਬੰਦਾ ਪਾਰਟੀ ਚੋਂ ਜਾਂਦਾ ਤਾਂ ਪਾਰਟੀ ਨੂੰ ਬਹੁਤ ਘਾਟਾ ਪੈਂਦਾ,,,,ਅਸ਼ਵਨੀ ਕੁਮਾਰ ਦੇ ਪਾਰਟੀ ਛੱਡਣ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਮਨੀਸ਼ ਤਿਵਾੜੀ ਵੀ ਪਾਰਟੀ ਨੂੰ ਅਲਵਿਦਾ ਕਹਿ ਸਕਦੇ ਹਨ।

ਇੰਨਾ ਹੀ ਨਹੀਂ ਮਨੀਸ਼ ਤਿਵਾੜੀ ਨੇ ਪੰਜਾਬ ਚੋਣਾਂ ਲਈ ਆਪਣੀ ਪਾਰਟੀ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਤੇ ਵੀ ਸਵਾਲ ਚੁੱਕੇ ਸਨ। ਮਨੀਸ਼ ਤਿਵਾੜੀ ਨੇ ਕਿਹਾ ਸੀ ਕਿ ਪੰਜਾਬ ਕਾਂਗਰਸ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਅਜਿਹੇ ਨਾਂ ਨੇ, ਜਿਨ੍ਹਾਂ ਦੇ ਕਹਿਣ ‘ਤੇ ਉਨ੍ਹਾਂ ਦੀ ਪਤਨੀ ਨੇ ਵੋਟ ਨਹੀਂ ਪਾਉਣੀ ਚਾਹੀਦੀ। ਮਨੀਸ਼ ਤਿਵਾੜੀ ਦਾ ਇਹ ਬਿਆਨ ਅਜਿਹੇ ਸਮੇਂ ‘ਚ ਆਇਆ ਜਦੋਂ ਪੰਜਾਬ ‘ਚ 20 ਫਰਵਰੀ ਨੂੰ ਚੋਣਾਂ ਨੇ। ਦੱਸ ਦੇਈਏ ਕਿ ਮਨੀਸ਼ ਤਿਵਾੜੀ ਦਾ ਨਾਂ ਪੰਜਾਬ ਦੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ।

Spread the love