ਨਵੀਂ ਦਿੱਲੀ, 21 ਫਰਵਰੀ

ਲਖੀਮਪੁਰ ਖੇੜੀ ਵਿੱਚ ਕਿਸਾਨਾਂ ਨੂੰ ਕਾਰ ਵੱਲੋਂ ਕੁਚਲ ਕੇ ਮਾਰਨ ਦੇ ਮਾਮਲੇ ਵਿੱਚ ਮੁਲਜ਼ਮ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਘਟਨਾ ‘ਚ 8 ਲੋਕਾਂ ਦੀ ਮੌਤ ਹੋ ਗਈ ਸੀ। ਆਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ ਹੈ। ਵਕੀਲ ਪ੍ਰਸ਼ਾਂਤ ਭੂਸ਼ਣ ਨੇ ਪਟੀਸ਼ਨ ਦਾਇਰ ਕੀਤੀ ਹੈ।

ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਫੈਸਲਾ ਦਿੰਦੇ ਹੋਏ ਹਾਈਕੋਰਟ ਨੇ ਆਸ਼ੀਸ਼ ਮਿਸ਼ਰਾ ਖਿਲਾਫ ਸਬੂਤਾਂ ਨੂੰ ਨਹੀਂ ਦੇਖਿਆ। ਦੱਸ ਦੇਈਏ ਕਿ ਪੀੜਤ ਪਰਿਵਾਰ ਦੇ ਵਕੀਲ ਪ੍ਰਸ਼ਾਂਤ ਭੂਸ਼ਣ ਹਨ। ਪਿਛਲੇ ਚਾਰ ਮਹੀਨਿਆਂ ਤੋਂ ਹਿਰਾਸਤ ‘ਚ ਰਹੇ ਆਸ਼ੀਸ਼ ਮਿਸ਼ਰਾ ਨੂੰ ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ 10 ਫਰਵਰੀ ਨੂੰ ਜ਼ਮਾਨਤ ਦੇ ਦਿੱਤੀ ਸੀ। ਲਖੀਮਪੁਰ ਖੇੜੀ ‘ਚ ਪਿਛਲੇ ਸਾਲ 3 ਅਕਤੂਬਰ ਨੂੰ ਕਿਸਾਨਾਂ ਦੇ ਪ੍ਰਦਰਸ਼ਨ ਹਿੰਸਕ ਹੋ ਜਾਣ ਤੋਂ ਬਾਅਦ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਚਾਰ ਕਿਸਾਨਾਂ ਨੂੰ ਕਥਿਤ ਤੌਰ ‘ਤੇ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ। ਜਦੋਂਕਿ ਗੁੱਸੇ ਵਿੱਚ ਆਏ ਕਿਸਾਨਾਂ ਵੱਲੋਂ ਇੱਕ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

ਸੁਪਰੀਮ ਕੋਰਟ ਨੇ ਪਿਛਲੇ ਸਾਲ 17 ਨਵੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਉੱਤਰ ਪ੍ਰਦੇਸ਼ ਐਸਆਈਟੀ ਦੀ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਸੀ। ਸੁਪਰੀਮ ਕੋਰਟ ਨੇ ਐਸਆਈਟੀ ਦਾ ਪੁਨਰਗਠਨ ਵੀ ਕੀਤਾ ਅਤੇ ਤਿੰਨ ਆਈਪੀਐਸ ਅਫਸਰਾਂ ਨੂੰ ਸ਼ਾਮਲ ਕੀਤਾ ਜੋ ਰਾਜ ਦੇ ਮੂਲ ਨਿਵਾਸੀ ਨਹੀਂ ਹਨ। ਇਨ੍ਹਾਂ ਵਿੱਚ ਸ਼ਾਮਲ ਹਨ- ਐਸ ਬੀ ਸ਼ਿਰਡਕਰ, ਪਦਮਜਾ ਚੌਹਾਨ ਅਤੇ ਪ੍ਰੀਤਇੰਦਰ ਸਿੰਘ। ਸਿਖਰਲੀ ਅਦਾਲਤ ਨੇ ਆਪਣੇ ਹੁਕਮ ਵਿੱਚ ਕਿਹਾ ਸੀ ਕਿ ਸ਼ਿਰਡਕਰ, ਮਹਾਰਾਸ਼ਟਰ ਦੇ 1993 ਬੈਚ ਦੇ ਆਈਪੀਐਸ ਅਧਿਕਾਰੀ ਅਤੇ ਵਰਤਮਾਨ ਵਿੱਚ ਉੱਤਰ ਪ੍ਰਦੇਸ਼ ਵਿੱਚ ਏਡੀਜੀ ਇੰਟੈਲੀਜੈਂਸ ਵਜੋਂ ਸੇਵਾ ਕਰ ਰਹੇ ਹਨ, ਐਸਆਈਟੀ ਦੇ ਮੁਖੀ ਹੋਣਗੇ।

ਦਰਅਸਲ, ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਦੇ ਟਿਕੁਨੀਆ ਵਿੱਚ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ। ਜਿਸ ਸਮੇਂ ਇਹ ਘਟਨਾ ਵਾਪਰੀ ਉਸ ਸਮੇਂ ਕਿਸਾਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹੋਏ ਇੱਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਪ੍ਰੋਗਰਾਮ ‘ਚ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਵੀ ਮੌਜੂਦ ਸਨ। ਘਟਨਾ ਦੌਰਾਨ ਮਾਰੇ ਗਏ ਲੋਕਾਂ ਵਿਚ ਸਥਾਨਕ ਪੱਤਰਕਾਰ ਰਮਨ ਕਸ਼ਯਪ ਵੀ ਸ਼ਾਮਲ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਐਸਯੂਵੀ ਅਜੇ ਮਿਸ਼ਰਾ ਟੈਨੀ ਦੀ ਸੀ ਅਤੇ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਇਸ ਵਿੱਚ ਸਵਾਰ ਸੀ।

ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਪਹਿਲੀ ਸੁਣਵਾਈ 8 ਅਕਤੂਬਰ ਨੂੰ ਹੋਈ ਸੀ। ਕਈ ਦਿਨਾਂ ਦੀ ਹਿੰਸਾ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਨੇ ਕੁਝ ਦਿਨ ਪਹਿਲਾਂ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ‘ਤੇ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਫੈਸਲੇ ਦਾ ਵਿਰੋਧ ਕੀਤਾ ਸੀ।

Spread the love