ਚੰਡੀਗੜ੍ਹ, 02 ਮਾਰਚ

ਕਈ ਵਾਰ ਖਾਸ ਮੌਕਿਆਂ ਦੀਆਂ ਤਰੀਕਾਂ ਨੂੰ ਲੈ ਕੇ ਅਸੀ ਉਲਝ ਜਾਂਦੇ ਹਾਂ। ਅਜਿਹੀ ਹੀ ਕੁੱਝ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਨਮ ਦਿਨ ਸਬੰਧੀ ਵੇਖਣ ਨੂੰ ਮਿਲਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ । ਹਾਲਾਂਕਿ, ਸੀਐੱਮ ਚੰਨੀ ਨੇ ਬਾਅਦ ਵਿੱਚ ਸਪੱਸ਼ਟ ਕੀਤਾ ਕਿ ਅੱਜ ਉਨ੍ਹਾਂ ਦਾ ਜਨਮਦਿਨ ਨਹੀਂ ਹੈ। ਚੰਨੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਹੋਰਨਾਂ ਨੇ ਵੀ ਸ਼ੁਭਕਾਮਨਾਵਾਂ ਦਿੱਤੀਆਂ ਪਰ ਉਨ੍ਹਾਂ ਨੂੰ ਟਵਿੱਟਰ ‘ਤੇ ਸਪੱਸ਼ਟ ਕਰਨਾ ਪਿਆ ਕਿ ਅੱਜ ਉਨ੍ਹਾਂ ਦਾ ਜਨਮ ਦਿਨ ਨਹੀਂ ਹੈ। ਚੰਨੀ ਨੇ ਟਵੀਟ ਕੀਤਾ, ‘ਅੱਜ ਮੈਨੂੰ ਮਿਲੀਆਂ ਵਧਾਈਆਂ ਲਈ ਸ਼ੁਕਰਗੁਜ਼ਾਰ। ਹਾਲਾਂਕਿ, ਅੱਜ ਮੇਰਾ ਜਨਮਦਿਨ ਨਹੀਂ ਹੈ। ਤੁਹਾਡੇ ਆਸ਼ੀਰਵਾਦ ਦਾ ਮੇਰੇ ਜੀਵਨ ਵਿੱਚ ਸਭ ਤੋਂ ਵੱਧ ਮਹੱਤਵ ਹੈ ਅਤੇ ਇਹ ਮੈਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰਦਾ ਹੈ। ਮੈਨੂੰ ਦਿੱਤੇ ਗਏ ਪਿਆਰ ਲਈ ਮੈਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।

ਪ੍ਰਧਾਨ ਮੰਤਰੀ ਮੋਦੀ ਨੇ ਵੀ ਚੰਨੀ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਮੰਗਲਵਾਰ ਨੂੰ ਬਿਹਾਰ, ਪੰਜਾਬ ਅਤੇ ਤਾਮਿਲਨਾਡੂ ਦੇ ਮੁੱਖ ਮੰਤਰੀਆਂ ਨਿਤੀਸ਼ ਕੁਮਾਰ, ਚਰਨਜੀਤ ਸਿੰਘ ਚੰਨੀ ਅਤੇ ਐਮਕੇ ਸਟਾਲਿਨ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, ‘ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਮੈਂ ਚਰਨਜੀਤ ਸਿੰਘ ਚੰਨੀ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਕਾਮਨਾ ਕਰਦਾ ਹਾਂ।’

ਕਾਂਗਰਸੀ ਆਗੂਆਂ ਨੇ ਵੀ ਚਰਨਜੀਤ ਸਿੰਘ ਚੰਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵੀ ਮੁੱਖ ਮੰਤਰੀ ਚੰਨੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਭਾਵੇਂ ਚੰਨੀ ਨੂੰ ਚਾਰੋਂ ਪਾਸੇ ਤੋਂ ਵਧਾਈਆਂ ਮਿਲ ਰਹੀਆਂ ਸਨ ਪਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਮੌਜੂਦਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਜਨਮ ਦਿਨ ‘ਤੇ ਕੋਈ ਵੀ ਵਧਾਈ ਸੰਦੇਸ਼ ਸਾਹਮਣੇ ਨਹੀਂ ਆਇਆ। ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਇਸ ਨੂੰ ਪਹਿਲਾਂ ਤੋਂ ਹੀ ਚੱਲ ਰਹੀ ਕੁੜੱਤਣ ਦਾ ਕਾਰਨ ਮੰਨਿਆ ਜਾ ਰਿਹਾ ਹੈ।

ਬੇਸ਼ੱਕ ਚੰਨੀ ਵੱਲੋਂ ਇਹ ਕਿਹਾ ਗਿਆ ਹੋਵੇਗਾ ਕਿ ਉਨ੍ਹਾਂ ਦਾ ਜਨਮ ਦਿਨ 1 ਮਾਰਚ ਨੂੰ ਨਹੀਂ ਸੀ ਪਰ ਪੀਐਮ ਮੋਦੀ ਵੱਲੋਂ ਦਿੱਤੀ ਗਈ ਵਧਾਈ ਨੂੰ ਪਾਜ਼ੀਟਿਵ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਢਿੱਲ ਕਾਰਨ ਦੋਵਾਂ ਦੇ ਰਿਸ਼ਤਿਆਂ ਵਿੱਚ ਖਟਾਸ ਆ ਗਈ ਸੀ। ਜਿਸ ਤੋਂ ਬਾਅਦ ਚੰਨੀ ਨੂੰ ਲੈ ਕੇ ਭਾਜਪਾ ਵੱਲੋਂ ਕਾਫੀ ਬਿਆਨਬਾਜ਼ੀ ਕੀਤੀ ਗਈ ਸੀ।

Spread the love