ਚੰਡੀਗੜ੍ਹ, 11 ਮਾਰਚ

ਪੰਜਾਬ ਮੰਤਰੀ ਮੰਡਲ ਵੱਲੋਂ ਅੱਜ 15ਵੀਂ ਪੰਜਾਬ ਵਿਧਾਨ ਸਭਾ ਨੂੰ ਭੰਗ ਕਰਨ ਲਈ ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੂੰ ਸਿਫ਼ਾਰਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਇਸ ਸਬੰਧੀ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (2) ਦੀ ਉਪ ਧਾਰਾ (ਬੀ) ਅਨੁਸਾਰ ਰਾਜ ਵਿਧਾਨ ਸਭਾ ਨੂੰ ਭੰਗ ਕਰਨ ਲਈ ਅਧਿਕਾਰਤ ਹਨ। ਇਹ ਕਦਮ ਇਕ ਸੰਵਿਧਾਨਕ ਜ਼ਰੂਰਤ ਵਜੋਂ ਹੁਣ 16ਵੀਂ ਪੰਜਾਬ ਵਿਧਾਨ ਸਭਾ ਦੇ ਗਠਨ ਲਈ ਰਾਹ ਪੱਧਰਾ ਕਰੇਗਾ।

ਮੀਟਿੰਗ ਦੇ ਅੰਤ ਵਿੱਚ ਮੁੱਖ ਮੰਤਰੀ ਨੇ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਸਰਬਪੱਖੀ ਵਿਕਾਸ ਅਤੇ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਆਪਣੇ ਸਾਰੇ ਕੈਬਨਿਟ ਸਾਥੀਆਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

ਮੁੱਖ ਮੰਤਰੀ ਨੇ ਆਉਣ ਵਾਲੀ ਸਰਕਾਰ ਨੂੰ ਵੀ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਨਵੀਂ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰੀ ਦਿਆਨਤਦਾਰੀ ਨਾਲ ਅਮਲ ਵਿੱਚ ਲਿਆਵੇਗੀ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਜਿਵੇਂ ਕਿ ਬਿਜਲੀ ਦਰਾਂ ਵਿੱਚ ਕਟੌਤੀ, ਤੇਲ ‘ਤੇ ਵੈਟ ਘਟਾਉਣ ਤੋਂ ਇਲਾਵਾ ਰੇਤਾ-ਬੱਜਰੀ ਦੇ ਰੇਟ ਘਟਾਉਣ ਆਦਿ ਨੂੰ ਅਗਲੀ ਸਰਕਾਰ ਵੱਲੋਂ ਵੀ ਜਾਰੀ ਰੱਖਿਆ ਜਾਵੇਗਾ।

Spread the love