ਚੰਡੀਗੜ੍ਹ, 15 ਮਾਰਚ 2022

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵੱਲੋਂ ਸਿੱਖ ਮੁਲਾਜ਼ਮਾਂ ਅਤੇ ਯਾਤਰੀਆਂ ਨੂੰ ਘਰੇਲੂ ਹਵਾਈ ਅੱਡਿਆਂ `ਤੇ ਕਿਰਪਾਨ ਪਾਉਣ ਦੀ ਦਿੱਤੀ ਗਈ ਇਜਾਜ਼ਤ ਦਾ ਸਵਾਗਤ ਕਰਦਿਆਂ ਕੇਂਦਰ ਸਰਕਾਰ ਨੂੰ ਕੌਮਾਂਤਰੀ ਹਵਾਈ ਅੱਡਿਆਂ ਅਤੇ ਉਡਾਨਾਂ ਵਿੱਚ ਵੀ ਸਿੱਖ ਯਾਤਰੀਆਂ ਨੂੰ ਕਿਰਪਾਨ ਪਾਉਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਹੈ।

ਇਸ ਸਬੰਧੀ ਜਾਰੀ ਬਿਆਨ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਿੱਖ ਧਰਮ ਵਿੱਚ ਪੰਜ ਕਕਾਰ ਦੀ ਬਹੁਤ ਮਹੱਤਤਾ ਹੈ ਅਤੇ ਕਿਰਪਾਨ ਇਸ ਵਿੱਚ ਇੱਕ ਅਹਿਮ ਕਕਾਰ ਹੈ। ਇਸ ਲਈ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੇਖਦੇ ਹੋਏ ਇਸ ਵਿਸ਼ੇ `ਤੇ ਗੰਭੀਰਤਾ ਨਾਲ ਵਿਚਾਰ ਕਰਕੇ ਕਿਰਪਾਨ ਪਾਉਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕੌਮਾਂਤਰੀ ਉਡਾਨਾਂ ਵਿੱਚ ਸਿੱਖਾਂ ਨੂੰ ਕਿਰਪਾਨ ਪਾ ਕੇ ਹਵਾਈ ਸਫ਼ਰ ਕਰਨ ਦੀ ਇਜਾਜ਼ਤ ਦੇਣ ਲਈ ਹੋਰਨਾਂ ਮੁਲਕਾਂ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਮੁਲਕਾਂ ਨੂੰ ਸਿੱਖਾਂ ਦੀ ਕਿਰਪਾਨ ਦੀ ਧਾਰਮਿਕ ਚਿੰਨ੍ਹ ਵਜੋਂ ਮਹੱਤਤਾ ਬਾਰੇ ਜਾਣੂ ਕਰਵਾਉਣ ਲਈ ਵੱਡੇ ਪੱਧਰ `ਤੇ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਧਾਰੀ ਸਿੱਖ ਲਈ ਜਰੂਰੀ ਹੈ ਕਿ ਉਹ ਪੰਜ ਕਕਾਰ ਹਮੇਸ਼ਾਂ ਧਾਰ ਕੇ ਰੱਖੇ ਅਤੇ ਪੰਜ ਕਕਾਰ ਨੂੰ ਅੰਮ੍ਰਿਤਧਾਰੀ ਸਿੱਖ ਵੱਲੋਂ ਆਪਣੇ ਸ਼ਰੀਰ ਦਾ ਅੰਗ ਮੰਨਿਆ ਜਾਂਦਾ ਹੈ।

Spread the love