24 ਮਾਰਚ, ਨਵੀਂ ਦਿੱਲੀ

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੀਐਮ ਦਾ ਅਹੁਦਾ ਸੰਭਾਲਣ ਤੋਂ ਬਾਅਦ ਭਗਵੰਤ ਮਾਨ ਦੀ ਪੀਐਮ ਮੋਦੀ ਨਾਲ ਇਹ ਪਹਿਲੀ ਮੁਲਾਕਾਤ ਹੈ। ਦੋਵਾਂ ਆਗੂਆਂ ਵਿਚਾਲੇ ਪੰਜਾਬ ਦੇ ਸਾਰੇ ਮੁੱਦਿਆਂ ‘ਤੇ ਚਰਚਾ ਹੋਈ। ਇਸ ਮੌਕੇ ਉਨ੍ਹਾਂ ਪੰਜਾਬ ਦੀ ਮਾੜੀ ਵਿੱਤੀ ਹਾਲਤ ਦਾ ਹਵਾਲਾ ਦਿੰਦਿਆਂ ਸੂਬੇ ਲਈ ਇੱਕ ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵੀ ਮੁਲਾਕਾਤ ਕਰਨਗੇ।

ਮਾਨ ਪੰਜਾਬ ਦੀਆਂ ਸਰਹੱਦਾਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੀਟਿੰਗ ਕਰਨਗੇ। ਪ੍ਰੋਟੋਕੋਲ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਪਣਾ ਕੋਵਿਡ ਟੈਸਟ ਕਰਵਾਇਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਟਵੀਟ ਕਰਕੇ ਇਸ ਅਹਿਮ ਮੀਟਿੰਗ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਵਿਕਾਸ ਸਬੰਧੀ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਗਿਆ ਸੀ, ਜਿਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਮਾਨ ਦੀ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਨਾਮਜ਼ਦਗੀ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਸਨ ਅਤੇ ਭਰੋਸਾ ਦਿੱਤਾ ਸੀ ਕਿ ਕੇਂਦਰ ਸਰਕਾਰ ਰਾਜ ਸਰਕਾਰ ਦੇ ਨਾਲ ਮਿਲ ਕੇ ਪੰਜਾਬ ਨੂੰ ਵਿਕਾਸ ਦੇ ਰਾਹ ‘ਤੇ ਲੈ ਕੇ ਜਾਵੇਗੀ। ਮੀਟਿੰਗ ਦੌਰਾਨ ਸਰਹੱਦੀ ਸੁਰੱਖਿਆ ਸਮੇਤ ਕਈ ਮੁੱਦਿਆਂ ‘ਤੇ ਚਰਚਾ ਹੋਈ।

Spread the love