ਸੂਬੇ ਵਿੱਚ ਗੈਂਗਸਟਰਾਂ ਦੇ ਨੈੱਟਵਰਕ ਦਾ ਸਫਾਇਆ ਕਰਨ ਲਈ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਪੁਲੀਸ ਦੇ ਹੈਡ ਵੀ.ਕੇ. ਭਾਵੜਾ ਨੂੰ ਏਡੀਜੀਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਗੈਂਗਸਟਰ ਵਿਰੋਧੀ ਟਾਸਕ ਫੋਰਸ ਗਠਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।ਪੰਜਾਬ ਪੁਲੀਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੀ.ਐਮ. ਨੇ ਸੰਗਠਿਤ ਅਪਰਾਧ ਦੇ ਖਾਤਮੇ ਦੀ ਲੋੜ ’ਤੇ ਧਿਆਨ ਦਿੰਦਿਆਂ ਕਿਹਾ ਕਿ ਪੁਲੀਸ ਤੰਤਰ ਵਿੱਚ ਲੋਕਾਂ ਦਾ ਭਰੋਸਾ ਜਿੱਤਣ ਲਈ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਯਕੀਨੀ ਬਣਾਉਣਾ ਹੀ ਸਰਕਾਰ ਦੀ ਮੁੱਖ ਡਿਊਟੀ ਹੈ।ਉਨ੍ਹਾਂ ਨਸ਼ਿਆਂ ਦੇ ਵਪਾਰ ਅਤੇ ਕਬੱਡੀ ਜਗਤ ਵਿੱਚ ਪੈਰ ਪਾਸਾਰ ਚੁੱਕੇ ਇਸ ਗੱਠਜੋੜ ਨੂੰ ਤੋੜਨ ਲਈ ਪੁਲੀਸ ਫੋਰਸ ਨੂੰ ਫੰਡਾਂ ਤੋਂ ਇਲਾਵਾ ਲੋੜੀਂਦਾ ਸਟਾਫ਼, ਨਵੀਨਤਮ ਸਾਜ਼ੋ-ਸਾਮਾਨ ਅਤੇ ਸੂਚਨਾ ਤਕਨਾਲੋਜੀ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਦੇਸ਼ ਵਿੱਚ ਅਜਿਹੀਆਂ ਵਿਸ਼ੇਸ਼ ਯੂਨਿਟਾਂ ਦੀ ਤਰਜ਼ ’ਤੇ ਖੁਫੀਆ ਜਾਣਕਾਰੀ ਹਾਸਲ ਕਰਨਾ, ਕਾਰਵਾਈਆਂ ਕਰਨਾ, ਐੱਫਆਈਆਰ ਦਰਜ ਕਰਨਾ ਤੇ ਜਾਂਚ ਤੇ ਮੁਕੱਦਮਾ ਚਲਾਉਣ ਦਾ ਕੰਮ ਕਰੇਗੀ। ਜ਼ਿਲ੍ਹਿਆਂ ਦੇ ਪੁਲੀਸ ਕਮਿਸ਼ਨਰਾਂ ਤੇ ਐੱਸ.ਐੱਸ.ਪੀਜ਼ ਨੂੰ ਸੰਗਠਿਤ ਅਪਰਾਧਾਂ ਵਿਰੁੱਧ ਆਪਸੀ ਤਾਲਮੇਲ ਨਾਲ ਯਤਨ ਕਰਨ ਦੇ ਨਿਰਦੇਸ਼ ਦਿੰਦਿਆਂ ਸੀ.ਐਮ. ਨੇ ਕਿਹਾ ਕਿ ਸੂਬੇ ਭਰ ਵਿੱਚ ਸੰਗਠਿਤ ਅਪਰਾਧਾਂ ਵਿਰੁੱਧ ਕਾਰਵਾਈ ਕਰਨ ਲਈ ਸੂਬਾ ਪੱਧਰੀ ਅਧਿਕਾਰ ਖੇਤਰ ਵਾਲੇ ਨਵੇਂ ਥਾਣਿਆਂ ਨੂੰ ਜਲਦ ਹੀ ਨੋਟੀਫਾਈ ਕੀਤਾ ਜਾਵੇਗਾ, ਤਾਂ ਜੋ ਆਮ ਲੋਕਾਂ ਵਿੱਚ ਗੈਂਗਸਟਰਾਂ ਵੱਲੋਂ ਫੈਲਾਇਆ ਗਿਆ ਡਰ ਖ਼ਤਮ ਕੀਤਾ ਜਾਵੇ।
ਬੰਦ ਗੈਂਗਸਟਰਾਂ ਦੀਆਂ ਸਰਗਰਮੀਆਂ ’ਤੇ ਸਖ਼ਤ ਨਜ਼ਰ ਰੱਖਣ ਲਈ ਜੇਲ੍ਹ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ ਤੇ ਮਾਨ ਨੇ ਇਹ ਵੀ ਕਿਹਾ ਹੈ ਕਿ ਇਸ ਸਬੰਧ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਪੰਜਾਬ ਪੁਲੀਸ ਦੇ ਮੁਖੀ ਨੂੰ ਕਿਹਾ ਕਿ ਡੀ.ਜੀ.ਪੀ ਹਾਈਵੇ ਪੈਟਰੋਲਿੰਗ ਪੁਲੀਸ ਦਾ ਵੱਖਰਾ ਵਿੰਗ ਬਣਾਉਣ ਲਈ ਵਿਆਪਕ ਤਜਵੀਜ਼ ਲੈ ਕੇ ਆਉਣ ਤਾਂ ਕਿ ਟਰੈਫਿਕ ਜਾਮ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਹਾਦਸੇ ਦੇ ਸ਼ਿਕਾਰ ਹੋਏ ਪੀੜਤਾਂ ਨੂੰ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਸਕੇ। ਨਾਲ ਹੀ ਕਿਹਾ ਕਿ ਮਸ਼ਹੂਰ ਟੀਵੀ ਹਸਤੀ ਜਸਪਾਲ ਭੱਟੀ ਦੀ ਸੜਕ ਹਾਦਸੇ ਵਿੱਚ ਮੌਤ ਤੋਂ ਬਾਅਦ 136 ਦੁਰਘਟਨਾਗ੍ਰਸਤ ਥਾਵਾਂ ਦੀ ਪਛਾਣ ਕੀਤੀ ਗਈ ਸੀ, ਪਰ ਬਦਕਿਸਮਤੀ ਨਾਲ ਜ਼ਮੀਨੀ ਪੱਧਰ ’ਤੇ ਕੋਈ ਠੋਸ ਕਦਮ ਨਹੀਂ ਚੁੱਕੇ ਗਏ। ਮਾਨ ਨੇ ਹਰ ਵਾਹਨ ਵਿੱਚ ਫਸਟ ਏਡ ਕਿੱਟ ਰੱਖਣ ਦੀ ਲੋੜ ’ਤੇ ਵੀ ਜ਼ੋਰ ਦੇਣ ਲਈ ਕਿਹਾ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੌਰਵ ਯਾਦਵ ਤੋਂ ਇਲਾਵਾ ਸਾਰੇ ਡੀ.ਜੀ.ਪੀ, ਵਿਸ਼ੇਸ਼ ਡੀ.ਜੀ.ਪੀ, ਏ.ਡੀ.ਜੀ.ਪੀ, ਆਈ.ਜੀ, ਡੀ.ਆਈ.ਜੀ, ਪੁਲੀਸ ਕਮਿਸ਼ਨਰ, ਏ.ਆਈ.ਜੀ ਅਤੇ ਐੱਸ.ਐੱਸ.ਪੀ ਸ਼ਾਮਲ ਸਨ।