ਸੀ. ਐਮ. ਭਗਵੰਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦਾ ਪ੍ਰਸਾਰਨ ਪੂਰੀ ਦੁਨੀਆ ’ਚ ਕਰਵਾਉਣ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸਰਬ-ਸਾਂਝੀ ਗੁਰਬਾਣੀ ਦਾ ਪੂਰੀ ਦੁਨੀਆ ਦੀ ਸੰਗਤ ਤੱਕ ਪ੍ਰਚਾਰ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੀ ਨਹੀਂ, ਧਰਮ ਵੀ ਹੈ ਅਤੇ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਕਿ ‘ਸਰਬ-ਸਾਂਝੀ ਗੁਰਬਾਣੀ’ ਦੇ ਦੁਨੀਆ ਭਰ ’ਚ ਪਾਸਾਰ ਅਤੇ ਪ੍ਰਚਾਰ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇੱਕ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਗੁਰਬਾਣੀ ਦੇ ਇਲਾਹੀ ਸੰਦੇਸ਼ ਨੂੰ ਦੁਨੀਆਂ ਦੇ ਹਰ ਕੋਨੇ ਵਿੱਚ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਗੁਰਬਾਣੀ ਦੇ ਪ੍ਰਸਾਰਨ ਲਈ ਪੰਜਾਬ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲੇਟੈਸਟ ਤਕਨਾਲੋਜੀ ਸਥਾਪਤ ਕਰਨ ਦੀ ਵੀ ਪੇਸ਼ਕਸ਼ ਕੀਤੀ, ਜਿਸ ਵਿੱਚ ਲੇਟੈਸਟ ਕੈਮਰੇ ਅਤੇ ਪ੍ਰਸਾਰਨ ਉਪਕਰਨ ਸ਼ਾਮਲ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ-ਕੀਰਤਨ ਨੂੰ ਇੱਕੋ ਮਾਧਿਅਮ ਤੱਕ ਸੀਮਤ ਕਰਨ ਦੀ ਬਜਾਏ ਸੈਟੇਲਾਈਟ ਟੀ.ਵੀ. ਸਮੇਤ ਸੰਚਾਰ ਦੇ ਵੱਖ-ਵੱਖ ਪਲੈਟਫਾਰਮਾਂ ਜਿਵੇਂ ਸੋਸ਼ਲ ਮੀਡੀਆ, ਮੋਬਾਈਲ ਐਪਸ , ਰੇਡੀਓ, ਐੱਫ.ਐੱਮ. , ਧਾਰਮਿਕ ਚੈਨਲ ਅਤੇ ਹੋਰ ਚੈਨਲਾਂ ’ਤੇ ਪ੍ਰਸਾਰਿਤ ਕੀਤਾ ਜਾਵੇ।

ਸੀ. ਐਮ. ਭਗਵੰਤ ਸਿੰਘ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਰ ਸੰਭਵ ਮਦਦ ਦਿੱਤੇ ਜਾਣ ਸਬੰਧੀ ਕੀਤੇ ਦਾਅਵੇ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਪ੍ਰਤੀਕਰਮ ਦਿੱਤਾ ਅਤੇ ਇਸ ਨੂੰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਸਰਕਾਰ ਗੁਰੂ ਘਰ ਦੇ ਮਾਮਲਿਆਂ ਵਿਚ ਦਖ਼ਲ ਨਾ ਦੇਵੇ।

Spread the love