ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਹਾੜੇ ਤੇ ਵਿਸਾਖੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਦੀ ਕੇਂਦਰ ਸਰਕਾਰ ਨੂੰ ਭੇਜੀ ਗਈ ਸੂਚੀ ਵਿਚੋਂ 705 ਸ਼ਰਧਾਲੂਆਂ ਨੂੰ ਵੀਜ਼ਾ ਮਿਲਿਆ ਹੈ। ਸ਼ਰਧਾਲੂਆਂ ਦਾ ਵੱਡਾ ਜਥਾ 12 ਅਪਰੈਲ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਜਾਣ ਵਾਸਤੇ 900 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਗਾਉਣ ਲਈ ਭੇਜੇ ਗਏ ਸਨ ਪਰ 705 ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਹੋਏ ਹਨ। ਇਸੇ ਦੌਰਾਨ ਮਿਲੇ ਵੇਰਵਿਆਂ ਮੁਤਾਬਕ ਦਿੱਲੀ ਸਥਿਤ ਪਾਕਿਸਤਾਨੀ ਸਫ਼ਾਰਤਖਾਨੇ ਵਲੋਂ ਸ਼੍ਰੋਮਣੀ ਕਮੇਟੀ ਦੇ ਸ਼ਰਧਾਲੂਆਂ ਤੋਂ ਇਲਾਵਾ ਹੋਰਨਾਂ ਸਿੱਖ ਜਥੇਬੰਦੀਆਂ ਤੇ ਸ਼ਰਧਾਲੂਆਂ ਸਮੇਤ ਕੁੱਲ 2,200 ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਵੀਜ਼ੇ ਦਿੱਤੇ ਗਏ ਹਨ।

ਦੂਜੇ ਪਾਸੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐੱਸਜੀਪੀਸੀ) ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਜਥੇ ਵਾਸਤੇ ਪਾਕਿਸਤਾਨੀ ਰੇਲ ਗੱਡੀਆਂ ਨੂੰ ਅਟਾਰੀ ਰੇਲਵੇ ਸਟੇਸ਼ਨ ਤੱਕ ਆਉਣ ਦੀ ਆਗਿਆ ਦਿੱਤੀ ਜਾਵੇ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਇਹ ਮਾਮਲਾ ਸਰਕਾਰ ਕੋਲ ਰੱਖਣ ਦੀ ਅਪੀਲ ਕੀਤੀ ਹੈ।

Spread the love