ਪੰਜਾਬ ਦੇ ਸੀ. ਐਮ. ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਇਸ ਸਾਲ ਕਰੀਬ 3.15 ਲੱਖ ਵਿਦਿਆਰਥੀਆਂ ਦੇ ਪੜ੍ਹਾਈ ਲਈ ਵਿਦੇਸ਼ ਜਾਣ ਦੀ ਉਮੀਦ ਹੈ ਪਰ ਸੂਬਾ ਸਰਕਾਰ ਅਜਿਹਾ ਢਾਂਚਾ ਤਿਆਰ ਕਰ ਰਹੀ ਹੈ ਕਿ ਜਿਸ ਨਾਲ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਡਿਗਰੀਆਂ ਮੁਤਾਬਕ ਨੌਕਰੀਆਂ ਮਿਲਣਗੀਆਂ ਅਤੇ ਸਰਕਾਰ ਨੌਜਵਾਨਾਂ ਤੇ ਮੁਟਿਆਰਾਂ ਦੀ ‘ਹਿਜਤ’ ਨੂੰ ਰੋਕੇਗੀ। ਸ੍ਰੀ ਮਾਨ ਨੇ ਬਠਿੰਡਾ ਦੇ ਐੱਮ.ਆਰ.ਐੱਸ.ਪੀ.ਟੀ.ਯੂ ਕੈਂਪਸ ਵਿੱਚ ਕਾਨਵੋਕੇਸ਼ਨ ਵਿੱਚ ਕਿਹਾ ਹਾਲ ਹੀ ਵਿੱਚ ਐੱਮ.ਆਰ.ਐੱਸ.ਪੀ.ਟੀ.ਯੂ ਨੂੰ 5 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵਿੱਤੀ ਮਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਮਹਿਸੂਸ ਕਰਦੇ ਹਨ ਕਿ ਸਿੱਖਿਆ ਦੇ ਮੰਦਰਾਂ ਨੂੰ ਪੈਸੇ ਦੀ ਘਾਟ ਨਹੀਂ ਹੋਣੀ ਚਾਹੀਦੀ ਤੇ ਨਾ ਹੀ ਇਨ੍ਹਾਂ ’ਤੇ ਕਰਜ਼ ਹੋਣਾ ਚਾਹੀਦਾ ਹੈ। ਇਸ ਮੌਕੇ ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਵੀ ਕਿਹਾ ਕਿ ਵਿਗਿਆਨ ਅਤੇ ਤਕਨਾਲੋਜੀ ਭਾਰਤ ਵਿੱਚ ਭੁੱਖਮਰੀ ਨੂੰ ਰੋਕਣ ਵਿੱਚ ਮਦਦ ਕਰੇਗੀ ਅਤੇ ਵੱਡੇ ਖੇਤਰਾਂ ਵਿੱਚ ਤਬਦੀਲੀ ਲਿਆਉਣ ਵਿੱਚ ਮਦਦ ਕਰੇਗੀ।